ਬੇਬੇ ਨਾਨਕੀ ਕਾਲਜ ’ਚ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Publish Date: Thu, 29 Oct 2026 08:42 PM (IST)
Updated Date: Thu, 29 Oct 2026 08:43 PM (IST)
ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤਾ 2026 ਮਨਾਉਂਦਿਆਂ ਇਮਾਨਦਾਰੀ ਤੇ ਨੈਤਿਕ ਕਦਰਾਂ-ਕੀਮਤਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਇਮਾਨਦਾਰੀ ਦੀ ਸਹੁੰ ਚੁੱਕਣ ਤੇ ਆਨਲਾਈਨ ਸਹੁੰ ਲੈਣ ਦੀ ਗਤੀਵਿਧੀ ਕਰਵਾਈ ਗਈ। ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਅਗਵਾਈ ਹੇਠ ਕਰਵਾਈ ਗਈ, ਇਸ ਗਤੀਵਿਧੀ ਵਿੱਚ ਕਾਲਜ ਦੇ ਸਮੂਹ ਅਧਿਆਪਨ ਤੇ ਗੈਰ-ਅਧਿਆਪਨ ਕਰਮਚਾਰੀਆਂ ਦੇ ਨਾਲ-ਨਾਲ ਵਿਦਿਆਰਥੀਆਂ ਨੇ ਸਰਗਰਮੀ ਨਾਲ ਭਾਗ ਲਿਆ। ਐੱਨਐੱਸਐੱਸ ਇੰਚਾਰਜ ਪ੍ਰੋ. ਕੁਲਦੀਪ ਕੌਰ ਨੇ ਇਸ ਗਤੀਵਿਧੀ ਦੇ ਆਯੋਜਨ ਵਿੱਚ ਅਹਿਮ ਭੂਮਿਕਾ ਨਿਭਾਈ ਤੇ ਭਾਗੀਦਾਰਾਂ ਨੂੰ ਇਮਾਨਦਾਰੀ, ਪਾਰਦਰਸ਼ਤਾ ਤੇ ਜਵਾਬਦੇਹੀ ਦੇ ਮਹੱਤਵ ਤੋਂ ਜਾਣੂ ਕਰਵਾਇਆ। ਇਸ ਮੌਕੇ ਭਾਗੀਦਾਰਾਂ ਨੇ ਇਮਾਨਦਾਰੀ ਦੀ ਸਹੁੰ ਚੁੱਕਦਿਆਂ ਆਪਣੇ ਨਿੱਜੀ ਤੇ ਪੇਸ਼ੇਵਰ ਜੀਵਨ ਵਿੱਚ ਨੈਤਿਕ ਸਿਧਾਂਤਾਂ ਦੀ ਪਾਲਣਾ ਕਰਨ ਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕਰਨ ਦਾ ਸੰਕਲਪ ਲਿਆ। ਇਸ ਦੇ ਨਾਲ ਹੀ ਆਨਲਾਈਨ ਸਹੁੰ ਗਤੀਵਿਧੀ ਰਾਹੀਂ ਵੀ ਇਮਾਨਦਾਰ ਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ ਗਿਆ। ਇਸ ਉਪਰਾਲੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਤੇ ਕਰਮਚਾਰੀਆਂ ਵਿੱਚ ਨੈਤਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨਾ ਤੇ ਭ੍ਰਿਸ਼ਟਾਚਾਰ-ਮੁਕਤ ਸਮਾਜ ਦੀ ਸਿਰਜਣਾ ਲਈ ਜਾਗਰੂਕਤਾ ਪੈਦਾ ਕਰਨਾ ਸੀ। ਅੰਤ ਵਿੱਚ ਸਾਰਿਆਂ ਨੇ ਇਮਾਨਦਾਰੀ ਨੂੰ ਜੀਵਨ ਦਾ ਅਟੁੱਟ ਹਿੱਸਾ ਬਣਾਉਣ ਤੇ ਦੇਸ਼ ਵਿੱਚ ਪਾਰਦਰਸ਼ਤਾ ਤੇ ਨੈਤਿਕਤਾ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਇਸ ਗਤੀਵਿਧੀ ਨਾਲ ਸਬੰਧਤ ਫੋਟੋਆਂ ਤੇ ਵੀਡੀਓਜ਼ ਅਗਲੇਰੀ ਲੋੜੀਂਦੀ ਕਾਰਵਾਈ ਹਿੱਤ ਵਿਭਾਗ ਨੂੰ ਭੇਜੀਆਂ ਗਈਆਂ।