ਵਿਲੇਜ ਡਿਫੈਂਸ ਕਮੇਟੀਆਂ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ’ਚ ਨਿਭਾਅ ਰਹੀਆਂ ਹਨ ਅਹਿਮ ਭੂਮਿਕਾ ਵਿਲੇਜ ਡਿਫੈਂਸ ਕਮੇਟੀਆਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਪੂਰਥਲਾ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਹੀਆਂ ਹਨ: ਡੀ.ਸੀ. ਅਤੇ ਐਸ.ਐਸ.ਪੀ.
Publish Date: Tue, 21 Jul 2026 10:12 PM (IST)
Updated Date: Tue, 21 Jul 2026 10:13 PM (IST)
ਕਪੂਰਥਲਾ ’ਚ 98 ਫੀਸਦੀ ਪਿੰਡ ਰੱਖਿਆ ਕਮੇਟੀਆਂ ਸਰਗਰਮ ਫੀਡਬੈਕ ’ਤੇ ਤੁਰੰਤ ਕਾਰਵਾਈ ਕੀਤੀ ਜਾ ਰਹੀ ਹੈ ਕੈਪਸ਼ਨ: 21ਕੇਪੀਟੀ19 ਮੀਟਿੰਗ ਦੌਰਾਨ ਪੰਜਾਬ ਸਰਕਾਰ ਦੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ। ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਅਤੇ ਸੀਨੀਅਰ ਪੁਲਿਸ ਕਪਤਾਨ ਗੌਰਵ ਤੂਰਾ ਨੇ ਪੰਜਾਬ ਸਰਕਾਰ ਦੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਐੱਸ.ਪੀ. (ਇਨਵੈਸਟੀਗੇਸ਼ਨ) ਹਰਿੰਦਰ ਸਿੰਘ ਗਿੱਲ, ਸਮੂਹ ਐੱਸ.ਡੀ.ਐਮਜ਼, ਨਸ਼ਾ ਮੁਕਤੀ ਮੋਰਚਾ ਦੋਆਬਾ ਦੇ ਇੰਚਾਰਜ ਅਤਿਨ ਅਗਨੀਹੋਤਰੀ, ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ। ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਸਰਕਾਰ ਦੀ ਇੱਕ ਅਹਿਮ ਪਹਿਲਕਦਮੀ ਹੈ ਜਿਸ ਦਾ ਮੁੱਖ ਮਕਸਦ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕਰਨਾ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਿਵਲ ਪ੍ਰਸ਼ਾਸਨ, ਪੁਲਿਸ, ਪਿੰਡਾਂ ਦੀਆਂ ਸੰਸਥਾਵਾਂ ਅਤੇ ਵਲੰਟੀਅਰਾਂ ਦੀ ਸਰਗਰਮ ਭਾਗੀਦਾਰੀ ਨਾਲ ਇੱਕ ਮਿਸ਼ਨ ਮੋਡ ਵਿੱਚ ਚਲਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ 691 ਪਿੰਡ ਹਨ ਅਤੇ ਲਗਭਗ 98 ਫੀਸਦੀ ਵਿਲੇਜ ਡਿਫੈਂਸ ਕਮੇਟੀਆਂ ਜ਼ਮੀਨੀ ਪੱਧਰ ’ਤੇ ਸਰਗਰਮ ਹਨ ਅਤੇ ਸੁਚਾਰੂ ਢੰਗ ਨਾਲ ਕੰਮ ਕਰ ਰਹੀਆਂ ਹਨ। ਇਹ ਕਮੇਟੀਆਂ ਨਾ ਸਿਰਫ਼ ਨਸ਼ਿਆਂ ਦੀ ਵਰਤੋਂ ਵਿਰੁੱਧ ਜਾਗਰੂਕਤਾ ਫੈਲਾ ਰਹੀਆਂ ਹਨ, ਸਗੋਂ ਸ਼ੱਕੀ ਗਤੀਵਿਧੀਆਂ ’ਤੇ ਵੀ ਤਿੱਖੀ ਨਜ਼ਰ ਰੱਖ ਰਹੀਆਂ ਹਨ, ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਨਾਲ ਮਜ਼ਬੂਤ ਤਾਲਮੇਲ ਬਣਾਈ ਰੱਖ ਰਹੀਆਂ ਹਨ ਅਤੇ ਪਿੰਡਾਂ ਤੇ ਸਥਾਨਕ ਜਥੇਬੰਦੀਆ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਹਿਮ ਯੋਗਦਾਨ ਪਾ ਰਹੀਆਂ ਹਨ। ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਅੱਗੇ ਦੱਸਿਆ ਕਿ ਵਿਲੇਜ ਡਿਫੈਂਸ ਕਮੇਟੀਆਂ ਤੋਂ ਮਿਲਣ ਵਾਲੇ ਫੀਡਬੈਕ ’ਤੇ ਸਮੇਂ ਸਿਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਸਬੰਧਤ ਵਿਭਾਗਾਂ ਅਤੇ ਪੁਲਿਸ ਅਧਿਕਾਰੀਆਂ ਰਾਹੀਂ ਹਰ ਇੱਕ ਕਾਰਵਾਈਯੋਗ ਇਨਪੁਟ ’ਤੇ ਫਾਲੋਅਪ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਮੁੱਢਲੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਸ਼ਿਆਂ ਦੇ 24 ਹਾਟਸਪਾਟ ਖੇਤਰਾਂ ’ਤੇ ਵਿਸ਼ੇਸ਼ ਅਤੇ ਨਿਰੰਤਰ ਨਿਗਰਾਨੀ ਰੱਖੀ ਜਾ ਰਹੀ ਹੈ, ਜਿਸ ਵਿੱਚ ਸੀਨੀਅਰ ਅਧਿਕਾਰੀ ਖੁਦ ਸਥਿਤੀ ਦੀ ਨਿਗਰਾਨੀ ਕਰ ਰਹੇ ਹਨ ਤਾਂ ਜੋ ਸਖ਼ਤ ਕਾਨੂੰਨੀ ਅਤੇ ਰੋਕਥਾਮ ਵਾਲੀ ਕਾਰਵਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਸਮੂਹ ਐੱਸ.ਡੀ.ਐੱਮਜ਼ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਮੀਨੀ ਪੱਧਰ ’ਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਅਤੇ ਪਰਿਵਾਰਾਂ ਵਿੱਚ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕਰਨ ਅਤੇ ਨਸ਼ਿਆਂ ਨਾਲ ਸਬੰਧਤ ਗਤੀਵਿਧੀਆਂ ਦੀ ਰਿਪੋਰਟ ਕਰਨ ਵਿੱਚ ਲੋਕਾਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ। ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ. ਨੇ ਕਿਹਾ ਕਿ ਕਪੂਰਥਲਾ ਨਸ਼ਿਆਂ ਵਿਰੁੱਧ ਜ਼ੀਰੋ-ਟਾਲਰੈਂਸ ਨੀਤੀ ਅਪਣਾਉਣਾ ਜਾਰੀ ਰੱਖੇਗਾ ਅਤੇ ਨਵੀਂ ਪੀੜ੍ਹੀ ਨੂੰ ਬਚਾਉਣ ਅਤੇ ਇੱਕ ਸਿਹਤਮੰਦ, ਸੁਰੱਖਿਅਤ ਤੇ ਨਸ਼ਾ ਮੁਕਤ ਸਮਾਜ ਸਿਰਜਣ ਲਈ ਹਰ ਸੰਭਵ ਯਤਨ ਕਰੇਗਾ। ਉਨ੍ਹਾਂ ਨੇ ਹਰ ਇੱਕ ਨਾਗਰਿਕ ਨੂੰ ਸਰਕਾਰ ਦੀ ਇਸ ਨਸ਼ਾ ਵਿਰੋਧੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੀ ਵੀ ਤਰ੍ਹਾਂ ਦੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।