ਪਿੰਡਾਂ ’ਚ ਪੈਦਾ ਹੋਣਗੇ ਨਵੇਂ ਖੇਡ ਸਿਤਾਰੇ : ਲੁਬਾਣਾ ਪਿੰਡਾਂ ਦੇ ਖੇਡ ਮੈਦਾਨ ਪੰਜਾਬ ਲਈ ਨਵੇਂ ਖੇਡ ਸਿਤਾਰੇ ਪੈਦਾ ਕਰਨਗੇ : ਚੇਅਰਮੈਨ ਲੁਬਾਣਾ
Publish Date: Tue, 01 Sep 2026 07:55 PM (IST)
Updated Date: Tue, 01 Sep 2026 07:58 PM (IST)
ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਪਿੰਡ ਪੱਧਰ ਤੇ ਖੇਡ ਸੱਭਿਆਚਾਰ ਨੂੰ ਮਜ਼ਬੂਤ ਕਰਨ ਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸੂਬਾ ਸਰਕਾਰ ਦੇ ਯਤਨਾਂ ਨੂੰ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਖੇਡ ਕ੍ਰਾਂਤੀ ਦਾ ਇੱਕ ਨਵਾਂ ਯੁੱਗ ਦੱਸਿਆ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਪਿੰਡ ਵਿੱਚ ਖੇਡਾਂ ਲਈ ਇੱਕ ਬਿਹਤਰ ਮਾਹੌਲ ਬਣਾਉਣਾ ਹੈ ਤਾਂ ਜੋ ਨੌਜਵਾਨ ਆਪਣੀ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾ ਸਕਣ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਪਹਿਲੀ ਵਾਰ ਸੂਬਾ ਸਰਕਾਰ ਨੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ 1,794 ਕਰੋੜ ਰੁਪਏ ਦਾ ਵੱਡਾ ਬਜਟ ਅਲਾਟ ਕੀਤਾ ਹੈ। ਇਸ ਤਹਿਤ ਪਿੰਡਾਂ ਵਿੱਚ 3,148 ਖੇਡ ਮੈਦਾਨ ਤੇ 6,000 ਜਿਮ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਅੰਤਰਰਾਸ਼ਟਰੀ ਪੱਧਰ ਦੇ ਐਥਲੀਟ ਤਿਆਰ ਕਰਨ ਲਈ ਵਚਨਬੱਧ ਹੈ। ਰਾਜ ਸਰਕਾਰ ਦੀ ਇਹ ਪਹਿਲਕਦਮੀ ਨੌਜਵਾਨਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਭਾਈਵਾਲ ਬਣਾ ਕੇ ਪੰਜਾਬ ਨੂੰ ਦੁਬਾਰਾ ਦੇਸ਼ ਦਾ ਮੋਹਰੀ ਖੇਡ ਰਾਜ ਬਣਾਉਣ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨੂੰ ਸਿਰਫ਼ ਇੱਕ ਖੇਡ ਸਮਾਗਮ ਵਜੋਂ ਨਹੀਂ ਸਮਝਿਆ ਜਾਣਾ ਚਾਹੀਦਾ। ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਵੀ ਸਰਕਾਰ ਦੀ ਤਰਜੀਹ ਹੈ ਨਾ ਕਿ ਸ਼ਹਿਰਾਂ ਤੱਕ ਸੀਮਤ ਰੱਖਣਾ। ਇਸ ਪਹਿਲਕਦਮੀ ਤਹਿਤ, 3,148 ਨਵੇਂ ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪਿੰਡਾਂ ਦੇ ਖੇਡ ਮੈਦਾਨਾਂ ’ਚ ਹੁਣ ਨਵੇਂ ਖੇਡ ਸਿਤਾਰੇ ਪੈਦਾ ਹੋਣਗੇ। ਖੇਡ ਮੁਕਾਬਲਿਆਂ ਬਾਰੇ ਚੇਅਰਮੈਨ ਲੁਬਾਣਾ ਨੇ ਕਿਹਾ ਕਿ ਪੰਜਾਬ ਦੇ ਸਭ ਤੋਂ ਵੱਡੇ ਖੇਡ ਮੁਕਾਬਲਿਆਂ ਵਿੱਚੋਂ ਇੱਕ ਖੇਡਾਂ ਵਤਨ ਪੰਜਾਬ ਦੀਆਂ ਦਾ ਚੌਥਾ ਸੀਜ਼ਨ 5 ਸਤੰਬਰ ਨੂੰ ਸ਼ੁਰੂ ਹੋਣ ਜਾ ਰਿਹਾ ਹੈ।ਵੱਖ-ਵੱਖ ਉਮਰ ਵਰਗ ਦੇ ਖਿਡਾਰੀ 38 ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਖੇਡਾ ਪੰਜਾਬ ਵਧਦਾ ਪੰਜਾਬ ਦੇ ਨਾਅਰੇ ਨਾਲ ਖੇਡ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਦਾ ਉਦੇਸ਼ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਲੈ ਜਾਣਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇੱਕ ਮਜ਼ਬੂਤ ਖੇਡ ਬੁਨਿਆਦੀ ਢਾਂਚਾ ਪੰਜਾਬ ਦੀ ਨੌਜਵਾਨ ਪ੍ਰਤਿਭਾ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਅੱਗੇ ਵਧਣ ਵਿੱਚ ਮਦਦ ਕਰੇਗਾ।