- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

--ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਖੇਤੀਬਾੜੀ ਵਿਭਾਗ ਨੇ ਕੀਤੀ ਅਪੀਲ
-ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਕੇ ਵਾਤਾਵਰਨ ਦੀ ਸੰਭਾਲ ਕਰਨ ਕਿਸਾਨ : ਡਾ. ਜਸਵਿੰਦਰ ਸਿੰਘ
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਇਸ ਦੇ ਯੋਗ ਪ੍ਰਬੰਧਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਦੀ ਸੰਭਾਲ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਲਈ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਤੇ ਹੋਰ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ ਅੱਗ ਲਗਾਉਣ ਨਾਲ ਮਿੱਟੀ ਵਿੱਚ ਮੌਜੂਦ ਲਾਭਦਾਇਕ ਸੂਖਮ ਜੀਵਾਂ ਤੇ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ ਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਦੱਸਿਆ ਕਿ ਪਰਾਲੀ ਨੂੰ ਖੇਤਾਂ ਵਿੱਚ ਹੀ ਸੰਭਾਲ ਕੇ ਰੱਖਣ ਜਾਂ ਇਸ ਦਾ ਹੋਰ ਢੁੱਕਵੇਂ ਢੰਗ ਨਾਲ ਪ੍ਰਬੰਧਨ ਕਰਨ ਨਾਲ ਮਿੱਟੀ ਵਿੱਚ ਜੈਵਿਕ ਮਾਦੇ ਦਾ ਵਾਧਾ ਹੁੰਦਾ ਹੈ ਤੇ ਮਿੱਟੀ ਦੀ ਸਿਹਤ ਵਿੱਚ ਸੁਧਾਰ ਆਉਂਦਾ ਹੈ। ਇਸ ਦੇ ਨਾਲ ਹੀ ਪਰਾਲੀ ਦੇ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਨ ਪੱਖੀ ਖੇਤੀ ਨੂੰ ਉਤਸ਼ਾਹਿਤ ਕੀਤਾ ਜਾ ਸਕਦਾ ਹੈ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਮਾਹਿਰਾਂ ਦੀ ਸਲਾਹ ਅਨੁਸਾਰ ਪਰਾਲੀ ਦਾ ਪ੍ਰਬੰਧਨ ਕਰਨ ਤੇ ਹੋਰਨਾਂ ਕਿਸਾਨਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣਾ ਸਿਰਫ਼ ਕਾਨੂੰਨੀ ਜ਼ਿੰਮੇਵਾਰੀ ਹੀ ਨਹੀਂ, ਸਗੋਂ ਵਾਤਾਵਰਨ, ਕੁਦਰਤੀ ਸਰੋਤਾਂ ਤੇ ਸਮਾਜ ਦੀ ਸਿਹਤ ਦੀ ਰੱਖਿਆ ਲਈ ਸਾਡੀ ਸਾਂਝੀ ਜ਼ਿੰਮੇਵਾਰੀ ਵੀ ਹੈ।