ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਫਗਵਾੜਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ
Publish Date: Sun, 01 Nov 2026 06:41 PM (IST)
Updated Date: Sun, 01 Nov 2026 06:44 PM (IST)
ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ, ਆਈਏਐੱਸ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾ. ਜਸਵਿੰਦਰ ਸਿੰਘ ਵੱਲੋਂ ਫਗਵਾੜਾ ਤਹਿਸੀਲ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਦਰਵੇਸ਼ ਪਿੰਡ, ਉੱਚਾ, ਜਗਤਪੁਰ ਜੱਟਾਂ, ਭਨੋਕੀ ਆਦਿ ਪਿੰਡਾਂ ਦੇ ਕਿਸਾਨਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕੀਤਾ। ਦੌਰੇ ਦੌਰਾਨ ਡਾ. ਜਸਵਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਵਾਤਾਵਰਣ ਦੀ ਸੁਰੱਖਿਆ ਲਈ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ, ਮਿੱਤਰ ਕੀੜੇ ਨਸ਼ਟ ਹੁੰਦੇ ਹਨ ਤੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ। ਇਸ ਲਈ ਕਿਸਾਨ ਪਰਾਲੀ ਪ੍ਰਬੰਧਨ ਲਈ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਕਰਨ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਹੀ ਸੰਭਾਲਣ। ਇਸ ਮੌਕੇ ਜਗਤਪੁਰ ਜੱਟਾਂ ਪਿੰਡ ਦੇ ਇੱਕ ਕਿਸਾਨ ਨੇ ਦੱਸਿਆ ਕਿ ਉਹ 135 ਏਕੜ ਰਕਬੇ ਵਿੱਚ ਖੇਤੀ ਕਰਦਾ ਹੈ ਤੇ ਪਿਛਲੇ ਤਿੰਨ ਸਾਲਾਂ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਹੀਂ ਲਗਾ ਰਿਹਾ। ਇਸੇ ਤਰ੍ਹਾਂ ਦਰਵੇਸ਼ ਪਿੰਡ ਦੇ ਕਿਸਾਨ ਮਨਜੀਤ ਸਿੰਘ ਨੇ ਦੱਸਿਆ ਕਿ ਉਹ 35 ਏਕੜ ਰਕਬੇ ਵਿੱਚ ਸੁਪਰ ਸੀਡਰ ਦੀ ਮਦਦ ਨਾਲ ਕਣਕ ਦੀ ਬਿਜਾਈ ਕਰਨਗੇ। ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਦੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਿਸਾਨਾਂ, ਵਾਤਾਵਰਣ ਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤ ਵਿੱਚ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਨਾ ਲਗਾ ਕੇ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਤੇ ਸਾਫ਼-ਸੁਥਰੇ ਵਾਤਾਵਰਣ ਦੀ ਸਿਰਜਣਾ ਵਿੱਚ ਆਪਣਾ ਯੋਗਦਾਨ ਪਾਉਣ।