- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਫੇਲ੍ਹ, ਮੁੱਖ ਮੰਤਰੀ ਭਗਵੰਤ ਮਾਨ ਤੁਰੰਤ ਅਸਤੀਫ਼ਾ ਦੇਣ—- ਰਣਜੀਤ ਸਿੰਘ ਖੁਰਾਣਾ

ਪੰਜਾਬੀ ਜਾਗਰਣ ਪ੍ਰਤੀਨਿੱਧ
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਹਲਕਾ ਫਗਵਾੜਾ ਦੇ ਸ਼ਹਿਰੀ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਕਾਨੂੰਨ-ਵਿਵਸਥਾ ਤੇ ਨਸ਼ਿਆਂ ਦੀ ਰੋਕਥਾਮ ਦੇ ਮੁੱਦੇ ’ਤੇ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਾਵਜੂਦ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਤੇ ਅਪਰਾਧਕ ਘਟਨਾਵਾਂ ਵੱਧ ਗਈਆਂ ਹਨ, ਜੋ ਗੰਭੀਰ ਚਿੰਤਾ ਦਾ ਵਿਸ਼ਾ ਹਨ। ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਤੇ ਆਮ ਲੋਕਾਂ ਦੀ ਸੁਰੱਖਿਆ ਬਾਰੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਲਕਾ ਇੰਚਾਰਜ ਰਣਜੀਤ ਸਿੰਘ ਖੁਰਾਣਾ ਨੇ ਕਿਹਾ ਕਿ ਜੇਕਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵਿਆਂ ਦਾ ਕੀ ਅਰਥ ਰਹਿ ਜਾਂਦਾ ਹੈ? ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਨਸ਼ਾ ਤਸਕਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ ਤੇ ਅਜਿਹੇ ਅਪਰਾਧਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਾ ਜਾਵੇ।
ਪਾਰਟੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਮੰਗ ਕੀਤੀ ਕਿ ਉਹ ਇਸ ਗੰਭੀਰ ਸਥਿਤੀ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਖੁਰਾਣਾ ਨੇ ਪੰਜਾਬ ਦੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਇਸ ਸਾਰੇ ਮਸਲੇ ਵਿੱਚ ਦਖਲ ਦੇਣ ਤੇ ਪਰਵਿੰਦਰ ਸਿੰਘ ਝੋਟੇ ਦੇ ਕਤਲ ਦੇ ਮਾਮਲੇ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਕਰਵਾਈ ਜਾਵੇ। ਕਤਲ ਦੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇ। ਖੁਰਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਸਿਰਫ਼ ਐਲਾਨਾਂ ਤੇ ਪ੍ਰਚਾਰ ਦੀ ਨਹੀਂ, ਸਗੋਂ ਠੋਸ ਕਾਰਵਾਈ ਦੀ ਲੋੜ ਹੈ। ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਤੇ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ, ਜਿਸ ਵਿੱਚ ਸਰਕਾਰ ਪੂਰੀ ਤਰਾਂ ਫੇਲ ਹੋ ਚੁੱਕੀ ਹੈ।