- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਨਿਕਲੀ ਫੂਕ: ਬਲਜਿੰਦਰ ਸਿੰਘ ਠੇਕੇਦਾਰ

ਮਾਨ ਦੇਣ ਅਸਤੀਫਾ
ਪੰਜਾਬੀ ਜਾਗਰਣ ਪ੍ਰਤੀਨਿਧ
ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਦੇ ਸੂਬਾਈ ਮੀਤ ਪ੍ਰਧਾਨ ਐੱਸਸੀ ਵਿੰਗ ਬਲਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੂਰੀ ਤਰ੍ਹਾਂ ਨਾਕਾਮ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੂਬੇ ਵਿੱਚ ਨਸ਼ਿਆਂ ਨੂੰ ਰੋਕਣ ਲਈ ਆਵਾਜ਼ ਉਠਾਉਣ ਵਾਲੇ ਲੋਕ ਵੀ ਸੁਰੱਖਿਅਤ ਨਹੀਂ ਹਨ ਤੇ ਸਰਕਾਰ ਨਸ਼ਿਆਂ ਵਿਰੁੱਧ ਲੜਨ ਵਾਲਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਵਿੱਚ ਅਸਫਲ ਰਹੀ ਹੈ। ਠੇਕੇਦਾਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਲੜ ਰਹੇ ਪਰਵਿੰਦਰ ਸਿੰਘ ਝੋਟੇ ’ਤੇ ਨਸ਼ਾ ਤਸਕਰ ਵੱਲੋਂ ਕਥਿਤ ਤੌਰ ’ਤੇ ਬਾਜ਼ਾਰ ਵਿੱਚ ਸ਼ਰੇਆਮ ਗੋਲੀਆਂ ਚਲਾਉਣ ਦੀ ਘਟਨਾ ਬੇਹੱਦ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ। ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇ ਤੇ ਨਸ਼ਿਆਂ ਵਿਰੁੱਧ ਲੜਨ ਵਾਲੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ।
ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਸੂਬੇ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਦੀ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਤੁਰੰਤ ਅਸਤੀਫ਼ਾ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੌਜੂਦਾ ਹਾਲਾਤ ਲੋਕਾਂ ਵਿੱਚ ਡਰ ਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੇ ਹਨ। ਜਿੱਥੇ ਪਹਿਲਾਂ ਅਜਿਹੀਆਂ ਘਟਨਾਵਾਂ ਨੂੰ ਉੱਤਰ ਪ੍ਰਦੇਸ਼ ਤੇ ਬਿਹਾਰ ਵਰਗੇ ਸੂਬਿਆਂ ਨਾਲ ਜੋੜ ਕੇ ਦੇਖਿਆ ਜਾਂਦਾ ਸੀ, ਉੱਥੇ ਹੁਣ ਪੰਜਾਬ ਦੇ ਲੋਕ ਵੀ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਤ ਹਨ।
ਅਕਾਲੀ ਆਗੂ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਨੂੰ ਤਰੱਕੀ ਦੀ ਥਾਂ ਪਿੱਛੇ ਧੱਕਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਨਸ਼ਿਆਂ ਵਿਰੁੱਧ ਮੁਹਿੰਮ ਦੇ ਦਾਅਵੇ ਕਰਨ ਦੀ ਬਜਾਏ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ। ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਦਮ ਚੁੱਕਣ ਦੇ ਨਾਲ-ਨਾਲ ਆਮ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਵੀ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ।