ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਤਸਕਰਾਂ ਖ਼ਿਲਾਫ਼ ਕਾਰਵਾਈ ’ਚ ਅਦਾ ਕੀਤੀ ਅਹਿਮ ਭੂਮਿਕਾ : ਡਾ. ਰਾਜ ਕੁਮਾਰ ਚੱਬੇਵਾਲ
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਤਸਕਰਾਂ ਖ਼ਿਲਾਫ਼ ਕਾਰਵਾਈ ’ਚ ਅਦਾ ਕੀਤੀ ਅਹਿਮ ਭੂਮਿਕਾ : ਡਾ. ਰਾਜ ਕੁਮਾਰ ਚੱਬੇਵਾਲ
Publish Date: Tue, 23 Jun 2026 09:55 PM (IST)
Updated Date: Tue, 23 Jun 2026 09:58 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਮੈਂਬਰ ਪਾਰਲੀਮੈਂਟ ਡਾ. ਰਾਜ ਕੁਮਾਰ ਚੱਬੇਵਾਲ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ੇ ਦੀ ਅਲਾਮਤ ਦੇ ਖਾਤਮੇ ਵਿਚ ਅਹਿਮ ਭੂਮਿਕਾ ਨਿਭਾਈ ਹੈ, ਜਿਸ ਨਾਲ ਪੰਜਾਬ ਬਦਲਦੇ ਪੰਜਾਬ ਵੱਲ ਵੱਧ ਰਿਹਾ ਹੈ ਕਿਉਂਕਿ ਪਹਿਲਾਂ ਨਸ਼ਿਆਂ ਦੀ ਭਰਮਾਰ ਕਾਰਨ ਇਸ ਨੂੰ ਉੱਡਦਾ ਪੰਜਾਬ ਕਿਹਾ ਜਾਂਦਾ ਸੀ। ਅੱਜ ਇਥੇ ਵਿਰਸਾ ਵਿਹਾਰ ਵਿਖੇ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ ਵਿਚ ਬੋਲਦਿਆਂ ਡਾ. ਚੱਬੇਵਾਲ ਨੇ ਨਸ਼ਾ ਤਸਕਰੀ ਵਿਰੁੱਧ ਨਿਰੰਤਰ ਕਾਰਵਾਈ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਸਮਾਜ ਦੇ ਸਾਰੇ ਵਰਗਾਂ ਤੋਂ ਸਹਿਯੋਗ ਮੰਗਿਆ ਤਾਂ ਜੋ ਇਸ ਸਮਾਜਿਕ ਸਮੱਸਿਆ ਤੋਂ ਸੂਬੇ ਨੂੰ ਪੂਰੀ ਤਰ੍ਹਾਂ ਮੁਕਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੁਨੀਆ ਦੀਆਂ ਸਭ ਤੋਂ ਵਧੀਆ ਤੇ ਕਾਰਜਸ਼ੀਲ ਫੋਰਸ ਵਿਚੋਂ ਇਕ ਹੈ ਤੇ ਜੇਕਰ ਇਹ ਫ਼ੋਰਸ ਸੂਬੇ ਨੂੰ ਅੱਤਵਾਦ ਮੁਕਤ ਕਰ ਸਕਦੀ ਹੈ ਤਾਂ ਨਸ਼ੇ ਦੀ ਸਮੱਸਿਆ ਵੀ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਦੂਰ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਸਖ਼ਤ ਮਿਹਨਤ ਕਰ ਰਹੀ ਹੈ ਤੇ ਸਾਂਝੇ ਯਤਨਾਂ ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਇਆ ਜਾ ਸਕਦਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀਆਂ ਸੂਬਾ ਪੱਧਰੀ ਪ੍ਰਾਪਤੀਆਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਨੇ 49,580 ਕੇਸ ਦਰਜ ਕੀਤੇ ਹਨ ਤੇ 69,393 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਨਾਲ ਸੂਬੇ ਭਰ ਵਿਚ ਨਸ਼ਾ ਤਸਕਰੀ ਨੈੱਟਵਰਕ ਨੂੰ ਭਾਰੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦਾ ਅਕਸ ਬਦਲ ਦਿੱਤਾ ਹੈ। ਡਾ. ਚੱਬੇਵਾਲ ਨੇ ਦੁਹਰਾਇਆ ਕਿ ਪੰਜਾਬ ਪੁਲਿਸ ਦੀ ਨਿਰੰਤਰ ਕਾਰਵਾਈ ਦੇ ਨਾਲ-ਨਾਲ ਪ੍ਰਭਾਵਸ਼ਾਲੀ ਮੁੜ-ਵਸੇਬੇ ਦੇ ਕਦਮ ਵੀ ਚੁੱਕੇ ਜਾ ਰਹੇ ਹਨ। ਡਾ. ਚੱਬੇਵਾਲ ਨੇ ਕਿਹਾ ਕਿ ਸੂਬੇ ਦੇ ਕੁਝ ਇਲਾਕਿਆਂ ਵਿੱਚ ਪੰਜਾਬ ਪੁਲਿਸ ਦੇ ਅਮਲੇ ਦੀ ਕਮੀ ਦਾ ਮਸਲਾ ਵੀ ਹੱਲ ਕੀਤਾ ਜਾਵੇਗਾ, ਕਿਉਂਕਿ ਇਹ ਮਾਮਲਾ ਪਹਿਲਾਂ ਹੀ ਮੁੱਖ ਮੰਤਰੀ ਦੇ ਵਿਚਾਰ ਅਧੀਨ ਹੈ। ਇਸ ਦੌਰਾਨ ਐੱਸਐੱਸਪੀ ਗੌਰਵ ਤੂਰਾ ਨੇ ਕਿਹਾ ਕਿ ਕਪੂਰਥਲਾ ਪੁਲਿਸ ਨੇ ਵੀ ਇਸ ਮੁਹਿੰਮ ਤਹਿਤ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਜ਼ਿਲ੍ਹਾ ਪੁਲਿਸ ਨੇ ਐੱਨਡੀਪੀਐੱਸ ਐਕਟ ਤਹਿਤ 1,600 ਕੇਸ ਦਰਜ ਕੀਤੇ, 2,000 ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ, ਲਗਭਗ 18 ਕਰੋੜ ਰੁਪਏ ਦੀਆਂ ਜਾਇਦਾਦਾਂ ਕੁਰਕ ਕੀਤੀਆਂ ਤੇ ਨਸ਼ਾ ਤਸਕਰੀ ਨਾਲ ਜੁੜੀਆਂ 13 ਉਸਾਰੀਆਂ ਢਾਹ ਦਿੱਤੀਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕਾਰਵਾਈ ਦੇ ਨਾਲ-ਨਾਲ ਪੁਲਿਸ ਨੇ ਮੁੜ-ਵਸੇਬੇ ਵੱਲ ਵੀ ਧਿਆਨ ਦਿੱਤਾ ਹੈ, ਜਿਸ ਤਹਿਤ 1,090 ਨਸ਼ੇ ’ਤੇ ਨਿਰਭਰ ਨੌਜਵਾਨਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਭਰਤੀ ਕਰਵਾਇਆ ਗਿਆ ਤੇ 2,360 ਵਿਅਕਤੀਆਂ ਨੂੰ ਓਟ ਸੈਂਟਰਾਂ ਵਿਚ ਦਾਖ਼ਲ ਕੀਤਾ ਗਿਆ। ਐੱਸਐੱਸਪੀ ਤੂਰਾ ਨੇ ਦੱਸਿਆ ਕਿ ਉਨ੍ਹਾਂ 750 ਵਿਅਕਤੀਆਂ ਨੂੰ ਮੁਕੱਦਮੇ ਤੋਂ ਛੋਟ ਦੇਣ ਦੀ ਕਾਰਵਾਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ-ਆਪ ਨਸ਼ਾ ਛੁਡਾਊ ਇਲਾਜ ਲਈ ਬੇਨਤੀ ਕੀਤੀ, ਇਨ੍ਹਾਂ ਦਾ ਮੁਕੱਦਮਾ ਐੱਨਡੀਪੀਐੱਸ ਐਕਟ ਦੀ ਧਾਰਾ 64-ਏ ਤਹਿਤ ਮੁਲਤਵੀ ਕੀਤਾ ਗਿਆ ਹੈ। ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਦਿੱਤਾ। ਆਗੂ ਆਗੂ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਲੋਕਾਂ ਦੇ ਭਰਪੂਰ ਸਹਿਯੋਗ ਦੀ ਮੰਗ ਕੀਤੀ। ਨਸ਼ਾ ਮੁਕਤੀ ਮੋਰਚਾ ਦੁਆਬਾ ਇੰਚਾਰਜ ਅਤਿਨ ਅਗਨੀਹੋਤਰੀ ਨੇ ਸੰਬੋਧਨ ਕਰਦਿਆਂ ਸੂਬਾ ਸਰਕਾਰ ਦੀਆਂ ਨਸ਼ਾ ਵਿਰੋਧੀ ਗਤੀਵਿਧੀਆਂ ਤਹਿਤ ਪਿੰਡ ਰੱਖਿਆ ਕਮੇਟੀਆਂ ਦੇ ਸ਼ਾਨਦਾਰ ਯੋਗਦਾਨ ਦੀ ਸ਼ਲਾਘਾ ਕੀਤੀ। ਨਸ਼ਾ ਮੁਕਤੀ ਮੋਰਚਾ ਦੀ ਜ਼ਿਲ੍ਹਾ ਕੋਆਰਡੀਨੇਟਰ ਸੀਮਾ ਰਾਣਾ ਨੇ ਕਿਹਾ ਕਿ ਪਿੰਡ ਰੱਖਿਆ ਕਮੇਟੀਆਂ ਦੇ ਮੈਂਬਰ ਪਿੰਡਾਂ ਵਿਚ ਨਸ਼ਿਆਂ ਨੂੰ ਕੰਟਰੋਲ ਕਰਨ ਤੇ ਤਸਕਰਾਂ ਵਿਰੁੱਧ ਸਮੇਂ ਸਿਰ ਕਾਰਵਾਈ ਯਕੀਨੀ ਬਣਾਉਣ ਲਈ ਆਪਣੀਆਂ ਪਹਿਲਕਦਮੀਆਂ ਦੀ ਰਫ਼ਤਾਰ ਹੋਰ ਤੇਜ਼ ਕਰਨਗੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਰਿੰਦਰ ਪਾਲ ਸਿੰਘ ਬਾਜਵਾ, ਐੱਸਡੀਐੱਮ ਤੇ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।