5 ਅਗਸਤ ਦੀ ਜਲੰਧਰ ਰੈਲੀ ਚ ਕਰਾਂਗੇ ਭਰਵੀਂ ਸ਼ਮੂਲੀਅਤ : ਸ਼ੇਰਪੁਰ ਸੱਧਾ 5 ਅਗਸਤ ਦੀ ਜਲੰਧਰ ਰੈਲੀ ਚ ਕਰਾਂਗੇ ਭਰਵੀਂ ਸ਼ਮੂਲੀਅਤ : ਸ਼ੇਰਪੁਰ ਸੱਧਾ
Publish Date: Mon, 20 Jul 2026 08:22 PM (IST)
Updated Date: Tue, 21 Jul 2026 04:07 AM (IST)
ਪੰਜਾਬ ਸਰਕਾਰ ਨੇ ਮਜ਼ਦੂਰਾਂ ਨਾਲ ਕੀਤੇ ਫੋਕੇ ਵਾਅਦੇ-ਜਵਾਲਾਪੁਰ ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ, ਸੁਲਤਾਨਪੁਰ ਲੋਧੀ : ਪੇਂਡੂ ਮਜ਼ਦੂਰ ਯੂਨੀਅਨ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਬੇਜ਼ਮੀਨੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਸਰਕਾਰ ਵੱਲੋਂ ਲਗਾਤਾਰ ਅਣਗੌਲਿਆ ਕਰਨ ਵਿਰੁੱਧ 5 ਅਗਸਤ ਨੂੰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾ ਪੱਧਰੀ ਵਿਸ਼ਾਲ ਰੈਲੀ ਕਰਕੇ, ਮੁੱਖ ਮੰਤਰੀ ਦੀ ਜਲੰਧਰ ਸਥਿਤ ਰਿਹਾਇਸ਼ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ । ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੇ ਸੱਦੇ ਤਹਿਤ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਨਿਰਮਲ ਸਿੰਘ ਸ਼ੇਰਪੁਰ ਸੱਧਾ ਅਤੇ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਜਵਾਲਾਪੁਰ ਨੇ ਮਜ਼ਦੂਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਵੇਲੇ ਤੋਂ ਲੈਕੇ ਮਜ਼ਦੂਰ ਜਥੇਬੰਦੀਆਂ ਲਗਾਤਾਰ ਸੰਘਰਸ਼ ਕਰਦੀਆਂ ਆ ਰਹੀਆਂ ਹਨ, ਪਰ ਲਾਰਿਆਂ ਅਤੇ ਫੋਕੇ ਵਾਅਦਿਆਂ ਤੋਂ ਬਿਨਾਂ ਕੁਝ ਵੀ ਪੱਲੇ ਨਹੀਂ ਪਿਆ। ਉਨ੍ਹਾਂ ਕਿਹਾ ਪੰਜ ਵਾਰ ਮੁੱਖ ਮੰਤਰੀ ਪੰਜਾਬ, ਮੀਟਿੰਗ ਦਾ ਸੱਦਾ ਦੇ ਕੇ ਮੁਕਰ ਜਾਂਦੇ ਰਹੇ ਅਤੇ ਕੈਬਨਿਟ ਸਬ ਕਮੇਟੀ ਵਲੋਂ ਮੀਟਿੰਗਾਂ ਵਿੱਚ ਮੰਨੀਆਂ ਹੋਈਆਂ ਮੰਗਾਂ ਨੂੰ ਵੀ ਲਾਗੂ ਨਹੀਂ ਕੀਤਾ ਗਿਆ, ਜਿਸ ਦਾ ਮਜ਼ਦੂਰਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਮਜ਼ਦੂਰਾਂ ਲਈ ਸਾਲ ਭਰ ਦੇ ਪੱਕੇ ਰੁਜ਼ਗਾਰ ਦਾ ਪ੍ਰਬੰਧ ਕਰਨ, ਨਵੇਂ ਜੀ ਰਾਮ ਜੀ ਕਾਨੂੰਨ ਨੂੰ ਰੱਦ ਕਰਕੇ ਮਨਰੇਗਾ ਕਾਨੂੰਨ ਨੂੰ ਬਹਾਲ ਕਰਕੇ ਬਾਲਗ ਜੀਆਂ ਨੂੰ ਪ੍ਰਤੀ ਦਿਨ 700/- ਰੁਪਏ ਦਿਹਾੜੀ ਦੇਣ, ਵਿਧਵਾ ਬੁਢਾਪਾ ਅੰਗਹੀਣ ਪੈਨਸ਼ਨ 5000/- ਮਹੀਨਾ ਕਰਨ, ਔਰਤਾਂ ਦੇ ਖਾਤੇ ਵਿੱਚ ਪਿਛਲੇ ਸਾਢੇ ਚਾਰ ਸਾਲਾਂ ਦਾ ਬਕਾਇਆ ਪਾਉਣ , ਲੋੜਵੰਦ ਪਰਿਵਾਰਾਂ ਨੂੰ ਰਿਹਾਇਸ਼ੀ ਪਲਾਟ ਦੇਣ ਅਤੇ ਮਕਾਨ ਉਸਾਰੀ ਲਈ ਗਰਾਂਟ ਦੇਣ ,ਪੰਚਾਇਤੀ ਜ਼ਮੀਨਾਂ ਚੋਂ ਰਾਖਵੇਂ ਹਿੱਸੇ ਦੀ ਜ਼ਮੀਨ ਮਜ਼ਦੂਰਾਂ ਨੂੰ ਦੇਣ ਅਤੇ ਜ਼ਮੀਨ ਹੱਦ ਬੰਦੀ ਕਾਨੂੰਨ ਲਾਗੂ ਕਰਕੇ ਵਾਧੂ ਨਿਕਲਦੀਆਂ ਜ਼ਮੀਨਾਂ ਬੇਜ਼ਮੀਨੇ ਮਜ਼ਦੂਰਾਂ ਅਤੇ ਥੁੜ ਜ਼ਮੀਨੇ ਕਿਸਾਨਾਂ ਚ ਵੰਡਣ , ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਮਾਫ਼ ਕਰਨ ਅਤੇ ਕਿਰਤ ਕਾਨੂੰਨਾਂ ਨੂੰ ਮੁੜ ਬਹਾਲ ਕਰਨ ਅਤੇ ਨਵੇਂ ਚਾਰ ਲੇਬਰ ਕੋਡ ਰੱਦ ਕਰਨ ਵਰਗੀਆਂ ਮੰਗਾਂ ਤੇ ਮਜ਼ਦੂਰ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਪਰ ਪਹਿਲੀਆਂ ਸਰਕਾਰਾਂ ਵਾਂਗ ਹੀ ਮੌਜੂਦਾ ਸਰਕਾਰ ਵੀ ਮਜ਼ਦੂਰ ਮੰਗਾਂ ਨੂੰ ਦਰਕਿਨਾਰ ਕਰਕੇ ਮਜ਼ਦੂਰਾਂ ਨਾਲ ਵਿਤਕਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ 5 ਅਗਸਤ ਦੀ ਜਲੰਧਰ ਰੈਲੀ ਚ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਸੱਦੇ ਤੇ ਆਪਣੇ ਪਰਿਵਾਰਾਂ ਸਮੇਤ ਰੈਲੀ ਅਤੇ ਮੁਜ਼ਾਹਰੇ ਵਿੱਚ ਸਾਮਲ ਹੋਣਗੇ , ਮਜ਼ਦੂਰ ਆਗੂਆਂ ਨੇ ਪੰਜਾਬ ਪੱਧਰ ਤੇ ਸਫਾਈ ਮਜ਼ਦੂਰਾਂ ਦੀ ਚੱਲ ਰਹੀ ਹੜਤਾਲ ਦੀ ਹਮਾਇਤ ਕਰਦਿਆਂ ਪੰਜਾਬ ਸਰਕਾਰ ਦੇ ਸਫ਼ਾਈ ਮਜ਼ਦੂਰਾਂ ਵਿਰੋਧੀ ਰਵੱਈਏ ਦੀ ਨਿਖੇਧੀ ਕੀਤੀ, ਉੱਥੇ ਪੰਜਾਬ ਭਰ ਵਿੱਚ ਸੰਘਰਸ਼ ਕਰ ਰਹੇ ਬੇਰੁਜ਼ਗਾਰਾਂ, ਕੱਚੇ ਮੁਲਾਜ਼ਮਾਂ, ਸਫ਼ਾਈ ਮਜ਼ਦੂਰਾਂ ਤੇ ਪੁਲਿਸ ਜ਼ਬਰ ਦੀ ਨਿਖੇਧੀ ਕੀਤੀ। ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਆਗੂ ਹੰਸਾਂ ਸਿੰਘ ਮੂੰਡੀ, ਕਸ਼ਮੀਰਾ ਸਿੰਘ ਭੰਡਾਲ ਦੋਨਾ, ਬਲਵੀਰ ਸਿੰਘ ਧਾਲੀਵਾਲ, ਗੁਰਦੀਪ ਸਿੰਘ ਨਬੀਪੁਰ, ਬਲਦੇਵ ਸਿੰਘ ਮੋਮੀ, ਲੁਭਾਇਆ ਰਾਮ, ਮਨਪ੍ਰੀਤ ਸਿੰਘ,ਕੁਲਦੀਪ ਕੌਰ ਉੱਚਾ ਬੋਹੜਵਾਲਾ, ਬਿੰਦਰ ਰਾਮਪੁਰ ਜਾਗੀਰ, ਸਨਦੀਪ ਕੌਰ,ਕੁਲਵੰਤ ਕੌਰ ਮੇਵਾ ਸਿੰਘ ਵਾਲਾ, ਕਾਤਾਂ ਸ਼ਾਹਜਹਾਨਪੁਰ ਹਾਜ਼ਰ ਸਨ।