ਫਗਵਾੜਾ ’ਚ ਆਪਣੀ ਸਰਗਰਮੀ ਵਧਾਵਾਂਗੇ : ਹਰਵਿੰਦਰ ਸਿੰਘ ਫਗਵਾੜਾ ਵਿੱਚ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ,ਅਸੀਂ ਪਿੰਡ-ਪਿੰਡ ਆਪਣੀ ਸਰਗਰਮੀ ਵਧਾਵਾਂਗੇ-ਹਰਵਿੰਦਰ ਸਿੰਘ
Publish Date: Fri, 09 Oct 2026 06:52 PM (IST)
Updated Date: Fri, 09 Oct 2026 06:53 PM (IST)
ਪੰਜਾਬੀ ਜਾਗਰਣ ਪ੍ਰਤੀਨਿੱਧ ਫਗਵਾੜਾ : ਸ਼੍ਰੋਮਣੀ ਅਕਾਲੀ ਦਲ ਉਦਯੋਗ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਲਈ ਪਾਰਟੀ ਵਰਕਰਾਂ ਨਾਲ ਲਗਾਤਾਰ ਸੰਪਰਕ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀਆਂ ਨੀਤੀਆਂ ਤੇ ਪੰਜਾਬ ਨਾਲ ਸਬੰਧਤ ਮੁੱਦਿਆਂ ਬਾਰੇ ਲੋਕਾਂ ਤੱਕ ਪਹੁੰਚ ਕਰਨਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਨੀਤਿਕ ਸੰਗਠਨ ਦੀ ਤਾਕਤ ਉਸਦੇ ਵਰਕਰਾਂ ਵਿੱਚ ਹੁੰਦੀ ਹੈ। ਇਸ ਲਈ ਪਿੰਡਾਂ, ਸ਼ਹਿਰਾਂ ਤੇ ਬੂਥ ਪੱਧਰ ’ਤੇ ਪਾਰਟੀ ਵਰਕਰਾਂ ਨੂੰ ਸਰਗਰਮ ਕਰਨ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਗਠਨਾਤਮਕ ਗਤੀਵਿਧੀਆਂ ਨੂੰ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਰਾਜਨੀਤਿਕ ਇਤਿਹਾਸ ਵਿੱਚ ਅਕਾਲੀ ਦਲ ਦਾ ਮਹੱਤਵਪੂਰਨ ਸਥਾਨ ਹੈ ਤੇ ਪਾਰਟੀ ਵਰਕਰ ਆਪਣੇ ਸੰਗਠਨ ਨੂੰ ਦੁਬਾਰਾ ਮਜ਼ਬੂਤ ਕਰਨ ਲਈ ਸਖ਼ਤ ਮਿਹਨਤ ਕਰ ਰਹੇ ਹਨ। ਉਨ੍ਹਾਂ ਅਨੁਸਾਰ ਲੋਕਾਂ ਨਾਲ ਸੰਚਾਰ ਵਧਾਉਣਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਤੇ ਉਨ੍ਹਾਂ ਨੂੰ ਪਾਰਟੀ ਪਲੇਟਫਾਰਮ ’ਤੇ ਉਭਾਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਨੌਜਵਾਨਾਂ, ਔਰਤਾਂ ਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਾਗੀਦਾਰੀ ਵਧਾਉਣ ਲਈ ਵੀ ਕੰਮ ਕੀਤਾ ਜਾ ਰਿਹਾ ਹੈ। ਅਕਾਲੀ ਦਲ ਦੇ ਵਰਕਰ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਮਿਲਣਗੇ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸੁਝਾਅ ਸੁਣਨਗੇ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਸੰਗਠਨ ਨੂੰ ਮਜ਼ਬੂਤ ਕਰਨ ਤੇ ਆਉਣ ਵਾਲੀਆਂ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਪਾਰਟੀ ਦਾ ਉਦੇਸ਼ ਬੂਥ ਪੱਧਰ ਤੱਕ ਸੰਗਠਨ ਨੂੰ ਮਜ਼ਬੂਤ ਕਰਨਾ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਪ੍ਰੇਰਿਤ ਕਰਨਾ ਹੈ।