ਪਾਰਟੀ ਲਈ ਦਿਨ-ਰਾਤ ਕੰਮ ਕਰਾਂਗੇ : ਸੰਨੀ ਬੈਂਸ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਾਂਗੇ : ਸੰਨੀ ਬੈਂਸ
Publish Date: Fri, 30 Oct 2026 07:18 PM (IST)
Updated Date: Fri, 30 Oct 2026 07:19 PM (IST)
ਸੰਨੀ ਬੈਂਸ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸਪੋਕਸਪਰਸਨ ਨਿਯੁਕਤ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਇੱਕ ਵੱਡਾ ਸੰਗਠਨਾਤਮਕ ਫੈਸਲਾ ਲੈਂਦੇ ਹੋਏ ਭਾਜਪਾ ਯੁਵਾ ਮੋਰਚਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਨੀ ਬੈਂਸ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦਾ ਸਪੋਕਸਪਰਸਨ ਨਿਯੁਕਤ ਕੀਤਾ ਹੈ। ਇਸ ਨਿਯੁਕਤੀ ਨੂੰ ਜ਼ਮੀਨੀ ਪੱਧਰ ’ਤੇ ਸਰਗਰਮ ਨੌਜਵਾਨ ਲੀਡਰਸ਼ਿਪ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ। ਸੰਨੀ ਬੈਂਸ ਪਿਛਲੇ ਚਾਰ ਸਾਲਾਂ ਤੋਂ ਭਾਜਪਾ ਯੁਵਾ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਸੰਭਾਲ ਚੁੱਕੇ ਹਨ। ਉਨ੍ਹਾਂ ਨੇ ਜ਼ਮੀਨੀ ਪੱਧਰ ’ਤੇ ਸੰਗਠਨ ਦਾ ਵਿਸਥਾਰ ਕਰਨ ਤੇ ਪਾਰਟੀ ਨੂੰ ਮਜ਼ਬੂਤ ਕਰਨ ਵਿੱਚ ਸਰਗਰਮ ਭੂਮਿਕਾ ਨਿਭਾਈ ਹੈ। ਸੰਨੀ ਬੈਂਸ ਦੀ ਨਿਯੁਕਤੀ ਨੂੰ ਪਾਰਟੀ ਦੇ ਅੰਦਰ ਸਖ਼ਤ ਮਿਹਨਤ ਤੇ ਸਮਰਪਣ ਨੂੰ ਤਰਜੀਹ ਦੇਣ ਦੇ ਸੰਦੇਸ਼ ਵਜੋਂ ਦੇਖਿਆ ਜਾ ਰਿਹਾ ਹੈ। ਰਾਜਨੀਤਿਕ ਹਲਕੇ ਵੀ ਇਸ ਫੈਸਲੇ ਨੂੰ ਸੰਗਠਨ ਦੇ ਅੰਦਰ ਨੌਜਵਾਨਾਂ ਤੇ ਜ਼ਮੀਨੀ ਪੱਧਰ ਦੇ ਵਰਕਰਾਂ ਨੂੰ ਉਤਸ਼ਾਹਿਤ ਕਰਨ ਵਾਲੇ ਫੈਸਲੇ ਵਜੋਂ ਵੇਖਦੇ ਹਨ। ਸੰਨੀ ਬੈਂਸ ਲੰਬੇ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਤੇ ਆਮ ਲੋਕਾਂ ਨਾਲ ਸਬੰਧਤ ਮੁੱਦਿਆਂ ਨੂੰ ਉਠਾਉਂਦੇ ਆ ਰਹੇ ਹਨ। ਉਨ੍ਹਾਂ ਨੇ ਬੇਰੁਜ਼ਗਾਰੀ, ਨਸ਼ਾਖੋਰੀ, ਭ੍ਰਿਸ਼ਟਾਚਾਰ, ਨਾਗਰਿਕ ਸਹੂਲਤਾਂ, ਵਿਦੇਸ਼ਾਂ ਵਿੱਚ ਨੌਜਵਾਨਾਂ ਦੇ ਪ੍ਰਵਾਸ ਤੇ ਜਨਤਕ ਹਿੱਤਾਂ ਨਾਲ ਸਬੰਧਤ ਮੁੱਦਿਆਂ ’ਤੇ ਲਗਾਤਾਰ ਆਪਣੀ ਆਵਾਜ਼ ਉਠਾਈ ਹੈ। ਸੂਬਾਈ ਬੁਲਾਰੇ ਦੀ ਜ਼ਿੰਮੇਵਾਰੀ ਮਿਲਣ ’ਤੇ ਸੰਨੀ ਬੈਂਸ ਨੇ ਭਾਜਪਾ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ, ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ, ਸੰਗਠਨ ਜਨਰਲ ਸਕੱਤਰ ਮੰਤਰੀ ਸ਼੍ਰੀਨਿਵਾਸੂਲੂ ਤੇ ਸਾਰੇ ਸੀਨੀਅਰ ਪਾਰਟੀ ਆਗੂਆਂ ਦਾ ਧੰਨਵਾਦ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸੰਨੀ ਬੈਂਸ ਨੇ ਕਿਹਾ ਕਿ ਭਾਜਪਾ ਦੀ ਪਛਾਣ ਇਹ ਹੈ ਕਿ ਇੱਕ ਬੂਥ ਪੱਧਰ ਦਾ ਵਰਕਰ ਵੀ ਸਖ਼ਤ ਮਿਹਨਤ, ਇਮਾਨਦਾਰੀ ਤੇ ਸੰਗਠਨ ਪ੍ਰਤੀ ਸਮਰਪਣ ਰਾਹੀਂ ਵੱਡੀ ਜ਼ਿੰਮੇਵਾਰੀ ਤੱਕ ਪਹੁੰਚ ਸਕਦਾ ਹੈ। ਉਨ੍ਹਾਂ ਕਿਹਾ ਕਿ ਸੰਗਠਨ ਉਨ੍ਹਾਂ ਲਈ ਸਭ ਤੋਂ ਮਹੱਤਵਪੂਰਨ ਹੈ। ਸੰਨੀ ਬੈਂਸ ਨੇ ਆਪਣੀਆਂ ਤਰਜੀਹਾਂ ਵੀ ਸਪੱਸ਼ਟ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ ਤੇ ਬੂਥ ਵਿੱਚ ਯੁਵਾ ਮੋਰਚਾ ਦੇ ਸੰਗਠਨ ਨੂੰ ਮਜ਼ਬੂਤ ਕੀਤਾ ਜਾਵੇਗਾ ਤੇ ਵੱਧ ਤੋਂ ਵੱਧ ਨੌਜਵਾਨ ਪਾਰਟੀ ਨਾਲ ਜੋੜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਦਿਨ-ਰਾਤ ਮਿਹਨਤ ਕਰਨਗੇ।