ਚਿੱਟਾ ਵਿਕਣ ਵਾਲੇ ਇਲਾਕੇ ਦੇ ਅਧਿਕਾਰੀਆਂ ’ਤੇ ਕਾਰਵਾਈ ਕਿਉਂ ਨਹੀਂ ਹੋ ਰਹੀ : ਆਸ਼ੂ ਸਾਂਪਲਾ ਚਿੱਟਾ ਵੇਚਣ ਵਾਲਿਆਂ ਦੇ ਨਾਲ ਜ਼ਿੰਮੇਵਾਰ ਅਧਿਕਾਰੀਆਂ ’ਤੇ ਕਾਰਵਾਈ ਦਾ ਵਾਅਦਾ ਕਿੱਥੇ ਗਿਆ?
Publish Date: Sun, 23 Aug 2026 07:53 PM (IST)
Updated Date: Sun, 23 Aug 2026 07:54 PM (IST)
ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸੂਬੇ ਵਿੱਚ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਵੱਡੇ ਐਲਾਨ ਕੀਤੇ ਜਾਂਦੇ ਰਹੇ ਹਨ। ਸਰਕਾਰ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਜਿਸ ਇਲਾਕੇ ਵਿੱਚ ਚਿੱਟੇ ਜਾਂ ਹੋਰ ਨਸ਼ਿਆਂ ਦੀ ਵਿਕਰੀ ਦੇ ਮਾਮਲੇ ਸਾਹਮਣੇ ਆਉਣਗੇ, ਉਥੋਂ ਦੇ ਐੱਸਐੱਚਓ ਤੇ ਐੱਸਪੀ ਦੀ ਜ਼ਿੰਮੇਵਾਰੀ ਤੈਅ ਕਰਦਿਆਂ ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ ਪਰ ਇਹ ਐਲਾਨ ਹੁਣ ਠੰਡੇ ਬਸਤੇ ਵਿੱਚ ਪਿਆ ਦਿਖਾਈ ਦੇ ਰਿਹਾ ਹੈ। ਭਾਜਪਾ ਆਗੂ ਆਸ਼ੂ ਸਾਂਪਲਾ ਨੇ ਕਿਹਾ ਕਿ ਲਗਭਗ ਰੋਜ਼ਾਨਾ ਨਸ਼ਾ ਕਰਦੇ ਨੌਜਵਾਨਾਂ ਦੇ ਕਾਬੂ ਆਉਣ ਤੇ ਉਨ੍ਹਾਂ ਖ਼ਿਲਾਫ਼ ਮਾਮਲੇ ਦਰਜ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ ਪਰ ਸਵਾਲ ਇਹ ਹੈ ਕਿ ਨਸ਼ੇ ਦੀ ਲਤ ਵਿੱਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਜ਼ਮੀਨੀ ਸਥਿਤੀ ਕੀ ਹੈ? ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ਼ ਨਸ਼ਾ ਕਰਨ ਵਾਲਿਆਂ ਨੂੰ ਕਾਬੂ ਕਰਨ ਤੇ ਪਰਚੇ ਦਰਜ ਕਰਨ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਨਸ਼ੇ ਦੀ ਸਪਲਾਈ ਲਾਈਨ ਤੋੜਨ ਤੇ ਨਸ਼ਾ ਛੁਡਾਊ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਵੱਲ ਵੀ ਗੰਭੀਰ ਧਿਆਨ ਦੇਣਾ ਚਾਹੀਦਾ ਹੈ। ਆਸ਼ੂ ਸਾਂਪਲਾ ਨੇ ਸੂਬਾ ਸਰਕਾਰ ਨੂੰ ਸਿੱਧਾ ਸਵਾਲ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਗਏ ਐਲਾਨ ਮੁਤਾਬਕ ਹੁਣ ਤੱਕ ਕਿੰਨੇ ਐੱਸਐੱਚਓ ਤੇ ਐੱਸਪੀ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਤੇ ਕਿੰਨਿਆਂ ਨੂੰ ਮੁਅੱਤਲ ਕੀਤਾ ਗਿਆ ਹੈ, ਇਸ ਦਾ ਵੇਰਵਾ ਜਨਤਾ ਸਾਹਮਣੇ ਰੱਖਿਆ ਜਾਣਾ ਚਾਹੀਦਾ ਹੈ। ਸਰਕਾਰੀ ਸਕੂਲਾਂ ਦੀ ਗੰਦਗੀ ’ਤੇ ਵੀ ਨਵਾਂ ਫਰਮਾਨ ਆਸ਼ੂ ਸਾਂਪਲਾ ਨੇ ਸਰਕਾਰੀ ਸਕੂਲਾਂ ਵਿੱਚ ਸਫ਼ਾਈ ਨੂੰ ਲੈ ਕੇ ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਨਵੇਂ ਨਿਰਦੇਸ਼ਾਂ ’ਤੇ ਵੀ ਸਵਾਲ ਚੁੱਕੇ ਹਨ। ਨਿਰਦੇਸ਼ਾਂ ਅਨੁਸਾਰ ਜੇਕਰ ਕਿਸੇ ਸਰਕਾਰੀ ਸਕੂਲ ਵਿੱਚ ਗੰਦਗੀ ਪਾਈ ਜਾਂਦੀ ਹੈ ਤਾਂ ਸਕੂਲ ਮੁਖੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਾਰਵਾਈ ਕੀਤੀ ਜਾ ਸਕਦੀ ਹੈ। ਭਾਜਪਾ ਆਗੂ ਨੇ ਕਿਹਾ ਕਿ ਸਕੂਲਾਂ ਵਿੱਚ ਸਫ਼ਾਈ ਹੋਣੀ ਬੇਹੱਦ ਜ਼ਰੂਰੀ ਹੈ ਤੇ ਇਸ ਵਿੱਚ ਕਿਸੇ ਕਿਸਮ ਦੀ ਲਾਪਰਵਾਹੀ ਨਹੀਂ ਹੋਣੀ ਚਾਹੀਦੀ ਪਰ ਸਿਰਫ਼ ਸਕੂਲ ਮੁਖੀਆਂ ਨੂੰ ਜ਼ਿੰਮੇਵਾਰ ਠਹਿਰਾਉਣ ਦੇ ਹੁਕਮ ਜਾਰੀ ਕਰਨਾ ਹੀ ਕਾਫ਼ੀ ਨਹੀਂ। ਸਕੂਲਾਂ ਵਿੱਚ ਸਫ਼ਾਈ ਲਈ ਲੋੜੀਂਦਾ ਸਟਾਫ਼, ਸਾਧਨ ਤੇ ਬਜਟ ਉਪਲਬਧ ਕਰਵਾਉਣਾ ਵੀ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਤਨਜ਼ ਕਰਦਿਆਂ ਕਿਹਾ ਕਿ ਕਿਤੇ ਇਹ ਐਲਾਨ ਵੀ ਪਹਿਲਾਂ ਕੀਤੇ ਗਏ ਨਸ਼ਿਆਂ ਖ਼ਿਲਾਫ਼ ਐਲਾਨਾਂ ਵਾਂਗ ਠੰਡੇ ਬਸਤੇ ਵਿੱਚ ਨਾ ਪੈ ਜਾਵੇ। ਸਰਕਾਰ ਨੂੰ ਐਲਾਨਾਂ ਦੀ ਬਜਾਏ ਉਨ੍ਹਾਂ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਕੇ ਆਪਣੀ ਕਾਰਗੁਜ਼ਾਰੀ ਸਾਬਤ ਕਰਨੀ ਚਾਹੀਦੀ ਹੈ। ਆਸ਼ੂ ਸਾਂਪਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸਿਰਫ਼ ਐਲਾਨ ਨਹੀਂ, ਸਗੋਂ ਨਤੀਜੇ ਤੇ ਜਵਾਬਦੇਹੀ ਦੇਖਣਾ ਚਾਹੁੰਦੇ ਹਨ। ਸਰਕਾਰ ਨੂੰ ਨਸ਼ਿਆਂ ਤੇ ਸਰਕਾਰੀ ਸਕੂਲਾਂ ਦੀ ਸਫ਼ਾਈ ਦੋਵਾਂ ਮਾਮਲਿਆਂ ਵਿੱਚ ਸਪਸ਼ਟ ਜਵਾਬਦੇਹੀ ਤੈਅ ਕਰਕੇ ਉਸ ਦੀ ਜਾਣਕਾਰੀ ਜਨਤਾ ਸਾਹਮਣੇ ਰੱਖਣੀ ਚਾਹੀਦੀ ਹੈ।