ਕਪੂਰਥਲਾ ’ਚ ਪੰਜਾਬ ਬੰਦ ਰਿਹਾ ਸਫਲ ਕਪੂਰਥਲਾ ਵਿੱਚ ਪੰਜਾਬ ਬੰਦ ਦਾ ਵਿਆਪਕ ਅਸਰ...
Publish Date: Fri, 21 Aug 2026 09:13 PM (IST)
Updated Date: Fri, 21 Aug 2026 09:15 PM (IST)
--ਜਥੇਬੰਦੀਆਂ ਦੇ ਆਗੂਆਂ ਨੇ ਕੱਢਿਆ ਰੋਸ ਮਾਰਚ, ਬਾਜ਼ਾਰ, ਸਕੂਲ ਤੇ ਵਪਾਰਕ ਅਦਾਰੇ ਰਹੇ ਬੰਦ ਮੱਲ੍ਹੀ\ਗੁਰਵਿੰਦਰ ਕੌਰ, ਪੰਜਾਬੀ ਜਾਗਰਣ ਕਪੂਰਥਲਾ : ਕੌਮੀ ਇਨਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ਦਾ ਸ਼ੁੱਕਰਵਾਰ ਨੂੰ ਕਪੂਰਥਲਾ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ। ਬੰਦ ਦੇ ਸੱਦੇ ਕਾਰਨ ਸ਼ਹਿਰ ਦੇ ਸਾਰੇ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਾਂ ਤੇ ਵਪਾਰਕ ਅਦਾਰੇ ਪੂਰੀ ਤਰ੍ਹਾਂ ਬੰਦ ਰਹੇ। ਸੜਕਾਂ ’ਤੇ ਆਮ ਦਿਨਾਂ ਦੇ ਮੁਕਾਬਲੇ ਆਵਾਜਾਈ ਕਾਫ਼ੀ ਘੱਟ ਰਹੀ। ਬੰਦ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਪੁਲਿਸ ਦੀਆਂ ਟੀਮਾਂ ਸ਼ਹਿਰ ਦੇ ਸੰਵੇਦਨਸ਼ੀਲ ਸਥਾਨਾਂ ਤੇ ਪ੍ਰਮੁੱਖ ਬਾਜ਼ਾਰਾਂ ਵਿੱਚ ਤਾਇਨਾਤ ਰਹੀਆਂ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਦੱਸਣਯੋਗ ਹੈ ਕਿ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ਅਨੁਸਾਰ 21 ਅਗਸਤ ਨੂੰ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਪੰਜਾਬ ਵਿੱਚ ਬਾਜ਼ਾਰ, ਵਪਾਰਕ ਅਦਾਰੇ, ਸਕੂਲ-ਕਾਲਜ ਤੇ ਸੜਕੀ ਤੇ ਰੇਲ ਆਵਾਜਾਈ ਬੰਦ ਰੱਖਣ ਦੀ ਅਪੀਲ ਕੀਤੀ ਗਈ ਸੀ। ਕੌਮੀ ਇਨਸਾਫ਼ ਮੋਰਚੇ ਵੱਲੋਂ ਬੰਦੀ ਸਿੱਖਾਂ ਦੀ ਰਿਹਾਈ, ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਤੇ 15 ਅਗਸਤ ਨੂੰ ਮੋਹਾਲੀ-ਚੰਡੀਗੜ੍ਹ ਬਾਰਡਰ ’ਤੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਹੋਈ ਪੁਲਿਸ ਕਾਰਵਾਈ ਦੇ ਵਿਰੋਧ ਵਿੱਚ ਪੰਜਾਬ ਬੰਦ ਦਾ ਐਲਾਨ ਕੀਤਾ ਗਿਆ ਸੀ। ਬੰਦ ਦੌਰਾਨ ਜਿੱਥੇ ਵਪਾਰਕ ਗਤੀਵਿਧੀਆਂ ਪੂਰੀ ਤਰ੍ਹਾਂ ਪ੍ਰਭਾਵਿਤ ਰਹੀਆਂ, ਉੱਥੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਜ਼ਰੂਰੀ ਤੇ ਐਮਰਜੈਂਸੀ ਸੇਵਾਵਾਂ ਜਾਰੀ ਰਹੀਆਂ। ਸ਼ਹਿਰ ਵਿੱਚ ਮੈਡੀਕਲ ਸਟੋਰ, ਲੈਬਾਂ ਤੇ ਹੋਰ ਜ਼ਰੂਰੀ ਸਿਹਤ ਸੇਵਾਵਾਂ ਖੁੱਲ੍ਹੀਆਂ ਰਹੀਆਂ, ਜਿਸ ਕਾਰਨ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਤਰ੍ਹਾਂ ਦੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਿਆ। ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ’ਤੇ ਧਿਆਨ ਨਾ ਦੇਣ ਦੀ ਅਪੀਲ ਕੀਤੀ ਗਈ। ਪੰਜਾਬ ਬੰਦ ਦਾ ਅਸਰ ਕਪੂਰਥਲਾ ਦੇ ਬੱਸ ਸਟੈਂਡ ’ਤੇ ਵੀ ਦੇਖਣ ਨੂੰ ਮਿਲਿਆ। ਬੱਸ ਸਟੈਂਡ ਵਿੱਚ ਕਈ ਬੱਸਾਂ ਖੜ੍ਹੀਆਂ ਰਹੀਆਂ ਤੇ ਯਾਤਰੀ ਬੱਸ ਸੇਵਾਵਾਂ ਸ਼ੁਰੂ ਹੋਣ ਦੀ ਉਡੀਕ ਕਰਦੇ ਨਜ਼ਰ ਆਏ। ਕੁਝ ਯਾਤਰੀ ਆਪਣੇ ਮੰਜ਼ਿਲ ਤੱਕ ਜਾਣ ਲਈ ਬੱਸਾਂ ਦੀ ਉਡੀਕ ਕਰਦੇ ਰਹੇ, ਜਦਕਿ ਬੱਸਾਂ ਦੀ ਆਵਾਜਾਈ ਆਮ ਦਿਨਾਂ ਦੇ ਮੁਕਾਬਲੇ ਪ੍ਰਭਾਵਿਤ ਰਹੀ। ਇਸੇ ਦੌਰਾਨ ਬੰਦ ਦਾ ਸੱਦਾ ਦੇਣ ਵਾਲੀਆਂ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਤੇ ਕਾਰਕੁੰਨ ਸਟੇਟ ਗੁਰਦੁਆਰਾ ਸਾਹਿਬ ਵਿਖੇ ਇਕੱਠੇ ਹੋਏ। ਇੱਥੇ ਉਨ੍ਹਾਂ ਨੇ ਬੰਦ ਦੇ ਸਮਰਥਨ ਵਿੱਚ ਰੋਸ ਮਾਰਚ ਕੱਢਿਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਲੋਕ ਸ਼ਾਮਲ ਹੋਏ ਤੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ। ਜਥੇਬੰਦੀਆਂ ਵੱਲੋਂ ਲੋਕਾਂ ਨੂੰ ਬੰਦ ਸਫ਼ਲ ਬਣਾਉਣ ਤੇ ਸ਼ਾਂਤਮਈ ਢੰਗ ਨਾਲ ਆਪਣਾ ਵਿਰੋਧ ਦਰਜ ਕਰਵਾਉਣ ਦੀ ਅਪੀਲ ਕੀਤੀ ਗਈ। ਇਸ ਦੌਰਾਨ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਪੈਦਾ ਨਾ ਹੋਵੇ, ਇਸ ਲਈ ਪੁਲਿਸ ਬਲ ਵੀ ਸਰਗਰਮ ਰਿਹਾ। ਪੁਲਿਸ ਅਧਿਕਾਰੀਆਂ ਨੇ ਪ੍ਰਮੁੱਖ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਤੇ ਸਥਿਤੀ ’ਤੇ ਲਗਾਤਾਰ ਨਜ਼ਰ ਰੱਖੀ। ਬੰਦ ਕਾਰਨ ਕਪੂਰਥਲਾ ਵਿੱਚ ਬਾਜ਼ਾਰਾਂ ਦੀ ਰੌਣਕ ਪੂਰੀ ਤਰ੍ਹਾਂ ਗਾਇਬ ਰਹੀ। ਆਮ ਤੌਰ ’ਤੇ ਰੁਝੇ ਰਹਿਣ ਵਾਲੇ ਪ੍ਰਮੁੱਖ ਬਾਜ਼ਾਰਾਂ ਤੇ ਵਪਾਰਕ ਖੇਤਰਾਂ ਵਿੱਚ ਦੁਕਾਨਾਂ ਦੇ ਸ਼ਟਰ ਬੰਦ ਨਜ਼ਰ ਆਏ। ਕੁੱਲ ਮਿਲਾ ਕੇ ਪੰਜਾਬ ਬੰਦ ਦਾ ਕਪੂਰਥਲਾ ਵਿੱਚ ਵਿਆਪਕ ਅਸਰ ਦੇਖਣ ਨੂੰ ਮਿਲਿਆ।