- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਜਾਬ ’ਚ ਅਕਾਲੀ ਦਲ ਦੀ ਸਰਕਾਰ ਬਣਨ ਤੇ ਪੰਜਾਬ ਇਕ ਵਾਰ ਫਿਰ ਫੜੇਗਾ ਵਿਕਾਸ ਦੀ ਗਤੀ : ਆਹਲੀ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਫਿਰ ਫੜੇਗਾ ਵਿਕਾਸ ਦੀ ਗਤੀ : ਆਹਲੀ
ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਸ਼੍ਰੋਮਣੀ ਅਕਾਲ ਦਲ ਵੱਲੋਂ ਅਗਾਮੀ ਵਿਧਾਨ ਸਭਾ ਦੀਆਂ ਚੋਣਾਂ ਤੋਂ ਪਹਿਲਾਂ ਹਲਕੇ ਦੇ ਲੋਕਾਂ ਨਾਲ ਕੀਤੇ ਜਾ ਰਹੇ ਸੰਪਰਕ ਦੌਰਾਨ ਸੀਨੀਅਰ ਅਕਾਲੀ ਆਗੂ ਕਰਨਜੀਤ ਸਿੰਘ ਆਹਲੀ ਦੀ ਅਗਵਾਈ ਹੇਠ ਭਾਜਪਾ ਦੀ ਟਿਕਟ ’ਤੇ ਨਗਰ ਕੌਂਸਲ ਦੀਆਂ ਚੋਣਾਂ ਲੜ ਚੁੱਕੇ ਚੇਤਨ ਸ਼ਰਮਾ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ। ਉਨ੍ਹਾਂ ਨਾਲ 10 ਹੋਰ ਪਰਿਵਾਰਾਂ ਨੇ ਵੀ ਪਾਰਟੀ ਦਾ ਪੱਲਾ ਫੜਿਆ। ਇਸ ਮੌਕੇ ਕਰਨਜੀਤ ਸਿੰਘ ਆਹਲੀ ਵੱਲੋਂ ਚੇਤਨ ਸ਼ਰਮਾ ਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ’ਤੇ ਨਿੱਘਾ ਸਵਾਗਤ ਕੀਤਾ ਤੇ ਜੀ ਆਇਆਂ ਕਿਹਾ। ਆਹਲੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲ਼ਿਆਂ ਨੂੰ ਆਉਣ ਵਾਲੇ ਸਮੇਂ ਵਿੱਚ ਹਲਕਾ ਸੁਲਤਾਨਪੁਰ ਲੋਧੀ ਅੰਦਰ ਪਾਰਟੀ ਲਈ ਡੱਟ ਕੇ ਕੰਮ ਕਰਨ ਲਈ ਪ੍ਰੇਰਿਤ ਕੀਤਾ ਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਹਮੇਸ਼ਾ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਆਹਲੀ ਨੇ ਆਪ ਸਰਕਾਰ ’ਤੇ ਜ਼ੋਰਦਾਰ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪ ਦੀਆਂ ਲੋਕ ਪੱਖੀ ਨੀਤੀਆਂ ਤੋਂ ਚੰਗੀ ਤਰ੍ਹਾ ਜਾਣੂੰ ਹੋ ਚੁੱਕੇ ਹਨ, ਜਿਸ ਕਰਕੇ ਲਗਾਤਾਰ ਲੋਕ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ੍ਹ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸ਼ੁਰੂ ਤੋਂ ਹੀ ਬਦਲੇ ਦੀ ਭਾਵਨਾ ਨਾਲ ਰਾਜਨੀਤੀ ਕੀਤੀ ਹੈ ਤੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਵੱਧ ਸਮੇਂ ਵਿਚ ਪੰਜਾਬ ਦੀ ਜਨਤਾ ਨਾਲ ਵਿਸ਼ਵਾਸਘਾਤ ਕਰਦੀ ਆ ਰਹੀ ਹੈ। ਉਨ੍ਹਾਂ ਨੇ ਪੰਜਾਬ ਵਿਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਵੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ ਹੈ।ਆਹਲੀ ਨੇ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਆ ਪ੍ਰਦਾਨ ਕਰਨ ਤੇ ਕਾਨੂੰਨ ਵਿਵਸਥਾ ਨੂੰ ਬਿਹਤਰ ਬਣਾਉਣ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਾਲਾਤ ਜੰਗਲ ਰਾਜ ਤੋਂ ਵੀ ਭੈੜੇ ਹੋ ਗਏ ਹਨ ਤੇ ਅੱਜ ਸੂਬੇ ਦਾ ਹਰ ਵਰਗ ਪੀੜਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੁਣ ਸਿਆਸਤ ਦੇ ਮਾਇਨੇ ਬਦਲ ਰਹੇ ਹਨ। ਲੋਕ ਹੁਣ ਸਿਰਫ਼ ਨਾਅਰਿਆਂ ਦੀ ਗੂੰਜ ਨਹੀਂ, ਸਗੋਂ ਆਪਣੀ ਜ਼ਿੰਦਗੀ ਵਿੱਚ ਸਰਕਾਰੀ ਫ਼ੈਸਲਿਆਂ ਨਾਲ ਲੋਕ ਭਲਾਈ ਸਕੀਮਾਂ ਦੀ ਸਾਰਥਕ ਛਾਪ ਦੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਲੋਕਾਂ ਦਾ ਵਧਦਾ ਕਾਫ਼ਲਾ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਵਾਅਦਿਆਂ ਨਾਲੋਂ ਕੰਮ ਦੀ ਭਾਸ਼ਾ ਨੂੰ ਵੱਧ ਮਹੱਤਵ ਦੇ ਰਹੇ ਹਨ। ਆਹਲੀ ਨੇ ਕਿਹਾ ਕਿ ਪੰਜਾਬ ’ਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਇਕ ਵਾਰ ਫਿਰ ਵਿਕਾਸ ਦੀ ਹਨੇਰੀ ਝੁੱਲੇਗੀ ਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਵਾਸਤੇ ਪੱਬਾਂ ਭਾਰ ਹੋਏ ਬੈਠੇ ਹਨ ਕਿਉਂਕਿ ਉਹ ਜਾਣਦੇ ਨੇ ਕਿ ਅਕਾਲੀ ਦਲ ਦੀ ਸਰਕਾਰ ਬਣਨ ਨਾਲ ਹੀ ਉਹ ਸਭ ਸਹੂਲਤਾਂ ਦਾ ਅਨੰਦ ਮਾਣ ਸਕਣਗੇ। ਇਸ ਮੌਕੇ ਪ੍ਰੀਆ ਸ਼ਰਮਾ, ਵਿਜੈ ਕੁਮਾਰ, ਕਰਨ ਕੁਮਾਰ, ਜੋਬਨਪ੍ਰੀਤ ਸਿੰਘ, ਸੂਰਜ, ਵਿਸ਼ਾਲ ਸਿੰਘ, ਸਿਮਰਨ ਸਿੰਘ, ਸਰਪੰਚ ਗੁਰਮੇਜ ਸਿੰਘ, ਸੁਖਵੰਤ ਮਠਾਡੂ, ਗੁਰਸੇਵਕ ਸਿੰਘ, ਪੀਏ ਗੁਰਪਿਆਰ ਸਿੰਘ ਸਰਪੰਚ ਆਦਿ ਹਾਜ਼ਰ ਸਨ।