ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਰਾਜ ਨਹੀਂ ਬਣ ਸਕਦਾ : ਪੱਡਾ
ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਰਾਜ ਨਹੀਂ ਬਣ ਸਕਦਾ-ਪੱਡਾ
Publish Date: Mon, 09 Mar 2026 09:09 PM (IST)
Updated Date: Mon, 09 Mar 2026 09:12 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਮਹਿਲਾ ਦਿਵਸ ਦੇ ਮੌਕੇ |ਤੇ ਦੇਸ਼ ਦੀਆਂ ਸਮੂਹ ਔਰਤਾਂ ਨੂੰ ਵਧਾਈ ਦਿੰਦੇ ਹੋਏ ਆਮ ਆਦਮੀ ਪਾਰਟੀ ਕਿਸਾਨ ਵਿੰਗ ਦੋਆਬਾ ਜ਼ੋਨ ਦੇ ਸੂਬਾ ਸਕੱਤਰ ਸੁਖਵੰਤ ਸਿੰਘ ਪੱਡਾ ਨੇ ਲੜਕੀਆਂ ਨੂੰ ਪੰਜਾਬ ਦੇ ਉੱਜਵਲ ਭਵਿੱਖ ਦੇ ਨਿਰਮਾਣ ਵਿਚ ਬਰਾਬਰ ਦੀ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਤੇ ਰਾਜਨੀਤੀ ਵਿਚ ਔਰਤਾਂ ਦੀ ਭਾਗੀਦਾਰੀ ਤੋਂ ਬਿਨਾਂ, ਸੂਬਾ ਦੇਸ਼ ਦਾ ਮੋਹਰੀ ਸੂਬਾ ਨਹੀਂ ਬਣ ਸਕਦਾ। ਪੱਡਾ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਦੂਰ ਕਰ ਰਿਹਾ ਹੈ, ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿਚ ਭਰਤੀ ਯੋਗਤਾ ਤੇ ਹੁਨਰ ਦੇ ਆਧਾਰ ’ਤੇ ਕੀਤੀ ਜਾ ਰਹੀ ਹੈ, ਜਿਸ ਵਿਚ 63,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ ਤੇ ਇਨ੍ਹਾਂ ਵਿਚੋਂ ਜ਼ਿਆਦਾਤਰ ਕੁੜੀਆਂ ਨੂੰ ਦਿੱਤੀਆਂ ਗਈਆਂ ਹਨ। ਪੱਡਾ ਨੇ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿਚ ਸਰਗਰਮ ਭਾਈਵਾਲ ਬਣਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾ ਸਕੇ। ਪੱਡਾ ਨੇ ਇਹ ਵੀ ਦੱਸਿਆ ਕਿ ਬੇਲੋੜੀਆਂ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਹੁਣ ਔਰਤਾਂ ਲਈ ਫਾਇਰ ਸਰਵਿਸ ਵਿਚ ਸ਼ਾਮਲ ਹੋਣ ਦਾ ਰਾਹ ਖੁੱਲ੍ਹ ਗਿਆ ਹੈ। ਉਨ੍ਹਾਂ ਪ੍ਰਸ਼ਾਸਨਿਕ ਸੇਵਾਵਾਂ ਵਿਚ ਮਹਿਲਾ ਅਧਿਕਾਰੀਆਂ ਦੀ ਵੱਧ ਰਹੀ ਗਿਣਤੀ ਦਾ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ। ਪੱਡਾ ਨੇ ਕੁੜੀਆਂ ਨੂੰ ਰਾਜਨੀਤੀ ਵਿਚ ਆਉਣ ਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਕ ਮਜ਼ਬੂਤ ਲੋਕਤੰਤਰ ਤੇ ਪ੍ਰਗਤੀਸ਼ੀਲ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ ਜਦੋਂ ਔਰਤਾਂ ਜਨਤਕ ਨੀਤੀ ਤੇ ਲੀਡਰਸ਼ਿਪ ਵਿਚ ਕੇਂਦਰੀ ਭੂਮਿਕਾ ਨਿਭਾਉਂਦੀਆਂ ਹਨ। ਪੱਡਾ ਨੇ ਕਿਹਾ ਕਿ ਇਹ ਮਾਣ ਤੇ ਸੰਤੁਸ਼ਟੀ ਦੀ ਗੱਲ ਹੈ ਕਿ ਅੱਜ ਦੀਆਂ ਕੁੜੀਆਂ ਹਰ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਪੱਡਾ ਨੇ ਕਿਹਾ ਕਿ ਕੁੜੀਆਂ ਵੱਖ-ਵੱਖ ਖੇਤਰਾਂ ਵਿਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਮੈਂ ਉਨ੍ਹਾਂ ਦੇ ਉੱਜਵਲ ਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕਰਦਾ ਹਾਂ। ਅੱਜ ਦੀਆਂ ਕੁੜੀਆਂ ਖੁਸ਼ਕਿਸਮਤ ਹਨ ਕਿ ਉਨ੍ਹਾਂ ਦੀ ਤਰੱਕੀ ਲਈ ਅਨੁਕੂਲ ਮਾਹੌਲ ਹੈ।