ਸੁਲਤਾਨਪੁਰ ਲੋਧੀ ’ਚ ਮਹਿਲਾਵਾਂ ਨੇ ਖ਼ੁਸ਼ੀ ’ਚ ਜਾਗੋ ਕੱਢੀ
ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਸਮਰਥਨ ਵਿੱਚ ਮਹਿਲਾਵਾਂ ਨੇ ਜਾਗੋ ਕੱਢੀ
Publish Date: Fri, 13 Mar 2026 09:00 PM (IST)
Updated Date: Fri, 13 Mar 2026 09:03 PM (IST)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕੀਤਾ ਧੰਨਵਾਦ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਤਹਿਤ ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ 11 ਵਿਚ ਮਹਿਲਾਵਾਂ ਵੱਲੋਂ ਸਾਬਕਾ ਕੌਂਸਲਰ ਪ੍ਰਵੀਨ ਚੌਹਾਨ ਦੀ ਅਗਵਾਈ ਹੇਠ ਇਕ ਵਿਸ਼ਾਲ ਜਾਗੋ ਰੈਲੀ ਕੱਢੀ ਗਈ। ਇਸ ਦੌਰਾਨ ਮਹਿਲਾਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰ ਵੱਲੋਂ ਮਹਿਲਾਵਾਂ ਦੇ ਸਤਿਕਾਰ ਤੇ ਸਸ਼ਕਤੀਕਰਨ ਲਈ ਕੀਤਾ ਗਿਆ ਇਹ ਫੈਸਲਾ ਕਾਬਿਲ-ਏ-ਤਾਰੀਫ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ ਨੇ ਸਮਾਗਮ ਵਿਚ ਸ਼ਿਰਕਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੇ ਸਤਿਕਾਰ ਨੂੰ ਬਹਾਲ ਕਰਨ ਤੇ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਵੱਲ ਇਕ ਇਤਿਹਾਸਕ ਕਦਮ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦੇ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ 1,000 ਰੁਪਏ ਪ੍ਰਤੀ ਮਹੀਨਾ ਤੇ ਐੱਸਸੀ ਵਰਗ ਦੀਆਂ ਮਹਿਲਾਵਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ, ਜਿਸ ਨਾਲ ਮਹਿਲਾਵਾਂ ਨੂੰ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਵਿਚ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਹਮੇਸ਼ਾ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵਚਨਬੱਧ ਰਹੀ ਹੈ ਤੇ ਮਹਿਲਾਵਾਂ ਦੇ ਮਾਨ-ਸਨਮਾਨ ਨੂੰ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਮੌਕੇ ਸਾਬਕਾ ਕੌਂਸਲਰ ਵਿੱਕੀ ਚੌਹਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਲਈ ਸ਼ੁਰੂ ਕੀਤੀ ਗਈ ਇਹ ਯੋਜਨਾ ਬਹੁਤ ਹੀ ਸਰਾਹਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਮਾਵਾਂ ਤੇ ਧੀਆਂ ਨੂੰ ਆਰਥਿਕ ਮਜ਼ਬੂਤੀ ਮਿਲੇਗੀ ਤੇ ਉਹ ਆਪਣੇ-ਆਪ ਨੂੰ ਹੋਰ ਆਤਮਨਿਰਭਰ ਮਹਿਸੂਸ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਮਾਵਾਂ ਤੇ ਧੀਆਂ ਦੇ ਸਤਿਕਾਰ ਨੂੰ ਨਵਾਂ ਮਾਣ ਮਿਲੇਗਾ ਤੇ ਸਮਾਜ ਵਿਚ ਉਨ੍ਹਾਂ ਦੀ ਭੂਮਿਕਾ ਹੋਰ ਮਜ਼ਬੂਤ ਹੋਵੇਗੀ। ਅਖੀਰ ਵਿਚ ਸਾਬਕਾ ਕੌਂਸਲਰ ਪ੍ਰਵੀਨ ਚੌਹਾਨ ਨੇ ਸਮੂਹ ਮਹਿਲਾਵਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਵਾਰਡ ਦੀਆਂ ਮਹਿਲਾਵਾਂ ਵੱਲੋਂ ਦਿੱਤਾ ਗਿਆ ਇਹ ਸਮਰਥਨ ਸਰਕਾਰ ਦੀਆਂ ਲੋਕਹਿਤ ਯੋਜਨਾਵਾਂ ‘ਤੇ ਭਰੋਸੇ ਦੀ ਨਿਸ਼ਾਨੀ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਰਾਜੀਵ ਧੀਰ, ਸਾਬਕਾ ਕੌਂਸਲਰ ਵਿੱਕੀ ਚੌਹਾਨ, ਸਾਬਕਾ ਕੌਂਸਲਰ ਪ੍ਰਵੀਨ ਚੌਹਾਨ, ਸੀਨੀਅਰ ਆਗੂ ਜਤਿੰਦਰ ਸੇਠੀ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ ਤੇ ਵੱਡੀ ਗਿਣਤੀ ਵਿਚ ਵਾਰਡ ਦੀਆਂ ਮਹਿਲਾਵਾਂ ਤੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।