ਮਹਿਲਾ ਅਧਿਆਪਕਾਂ ਦੀ ਚੋਣ ਡਿਊਟੀ ਨਾ ਲਗਾਈ ਜਾਵੇ
ਔਰਤਾਂ, ਗੰਭੀਰ ਬਿਮਾਰੀਆਂ ਅਤੇ ਛੋਟੇ ਬੱਚਿਆਂ ਵਾਲੀਆਂ ਅਧਿਆਪਕਾਵਾਂ ਦੀ ਚੋਣ ਡਿਊਟੀ ਨਾ ਲਗਾਈ ਜਾਵੇ
Publish Date: Tue, 02 Dec 2025 10:03 PM (IST)
Updated Date: Tue, 02 Dec 2025 10:05 PM (IST)

ਅਮਰੀਕ ਮੱਲ੍ਹੀ\ਦੀਪਕ, ਪੰਜਾਬੀ ਜਾਗਰਣ ਕਪੂਰਥਲਾ : 14 ਦਸੰਬਰ ਨੂੰ ਹੋ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿਚ ਜਿਥੇ ਤੱਕ ਸੰਭਵ ਹੋ ਸਕੇ ਮਹਿਲਾ ਕਰਮਚਾਰੀਆਂ, ਗੰਭੀਰ ਬਿਮਾਰੀਆਂ ਤੋਂ ਪੀੜਤ, ਕਪਲ ਕੇਸ ਅਤੇ ਛੋਟੇ ਬੱਚਿਆਂ ਵਾਲੀਆਂ ਅਧਿਆਪਕਾਵਾਂ ਦੀ ਡਿਊਟੀ ਨਾ ਲਗਾਉਣ ਦੀ ਮੰਗ ਕਰਦਿਆਂ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ ਅਤੇ ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਚੋਣਾਂ ਸਿਰਫ ਪੇਂਡੂ ਖੇਤਰਾਂ ਵਿਚ ਹੋਣ ਕਾਰਨ ਜ਼ਿਆਦਾ ਕਰਮਚਾਰੀਆਂ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਤੋਂ ਇਲਾਵਾ ਆਗੂਆਂ ਨੇ ਕਿਹਾ ਕਿ ਇਨ੍ਹਾਂ ਚੋਣਾਂ ਵਿਚ ਸਿਰਫ ਅਧਿਆਪਕਾਂ ਦੀ ਡਿਊਟੀ ਹੀ ਨਾ ਲਗਾਈ ਜਾਵੇ, ਸਗੋਂ ਸਾਰੇ ਵਿਭਾਗਾਂ ਤੋਂ ਕਰਮਚਾਰੀ ਡਿਊਟੀ ’ਤੇ ਲਗਾਏ ਜਾਣ ਅਤੇ ਇਹ ਚੋਣ ਡਿਊਟੀ ਕਰਮਚਾਰੀ ਦੇ ਸਬੰਧਤ ਅਸੈਂਬਲੀ ਹਲਕੇ ਵਿਚ ਲਗਾਈ ਜਾਵੇ ਤਾਂ ਜੋ ਕਿਸੇ ਵੀ ਕਰਮਚਾਰੀ ਨੂੰ ਇਨ੍ਹਾਂ ਚੋਣਾਂ ਦੌਰਾਨ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਜਯੋਤੀ ਮਹਿੰਦਰੂ, ਮੀਤ ਪ੍ਰਧਾਨ ਰੋਸ਼ਨ ਲਾਲ ਬੇਗੋਵਾਲ ਅਤੇ ਸਕੱਤਰ ਅਨਿਲ ਸ਼ਰਮਾ ਨੇ ਕਿਹਾ ਕਿ ਹਰ ਵਾਰ ਚੋਣਾਂ ਵਿਚ ਚੋਣ ਡਿਊਟੀ ਸਮੇਂ ਇਨ੍ਹਾਂ ਪੀੜਤ ਅਧਿਆਪਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਰਿਹਰਸਲ ਮੌਕੇ ਇਹ ਪੀੜਤ ਅਧਿਆਪਕ ਆਪਣੀ ਚੋਣ ਡਿਊਟੀ ਕਟਵਾਉਣ ਲਈ ਬੁਰੀ ਤਰਾਂ ਪ੍ਰੇਸ਼ਾਨ ਹੁੰਦੇ ਹਨ। ਆਗੂਆਂ ਨੇ ਕਿਹਾ ਕਿ ਕਿਉ ਨਾ ਪਹਿਲਾਂ ਹੀ ਇਨ੍ਹਾਂ ਅਧਿਆਪਕਾਂ ਨੂੰ ਚੋਣ ਡਿਊਟੀ ਤੋਂ ਛੋਟ ਦੇ ਦਿੱਤੀ ਜਾਵੇ। ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਇਨ੍ਹਾਂ ਪੀੜਤ ਅਧਿਆਪਕਾਂ ਤੋਂ ਡਿਊਟੀ ਕੱਟਣ ਸਮੇਂ ਕਥਿਤ ਤੌਰ ਤੇ ਰਿਸ਼ਵਤ ਲੈਣ ਦੇ ਮਾਮਲੇ ਵੀ ਸਾਹਮਣੇ ਆਉਂਦੇ ਹਨ। ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਚੋਣ ਡਿਊਟੀ ਲਈ ਡਾਟਾ ਭੇਜਣ ਸਮੇਂ ਹੀ ਇਨ੍ਹਾਂ ਅਧਿਆਪਕਾਂ ਨੂੰ ਵੈਰੀਫਾਈ ਕਰਕੇ ਇਨ੍ਹਾਂ ਦਾ ਡਾਟਾ ਚੋਣ ਡਿਊਟੀ ਲਈ ਨਾ ਭੇਜੇ। ਕੈਪਸ਼ਨ: 2ਕੇਪੀਟੀ30