ਸੱਤ ਵਾਰਡਾਂ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕਪੂਰਥਲਾ ਦੇ ਸੱਤ ਵਾਰਡਾਂ ਵਿੱਚ ਸੜਕਾਂ ਤੇ ਗਲੀਆਂ ਦੇ ਵਿਕਾਸ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ
Publish Date: Fri, 25 Sep 2026 06:57 PM (IST)
Updated Date: Fri, 25 Sep 2026 07:00 PM (IST)
-ਕਪੂਰਥਲਾ ’ਚ ਸੜਕਾਂ ਤੇ ਗਲੀਆਂ ਦਾ ਹੋਵੇਗਾ ਵਿਕਾਸ -ਬੁਨਿਆਦੀ ਸ਼ਹਿਰੀ ਢਾਂਚਾ ਹੋਵੇਗਾ ਮਜ਼ਬੂਤ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਕਪੂਰਥਲਾ ਵੱਲੋਂ ਸ਼ਹਿਰ ਦੇ ਸੱਤ ਵਾਰਡਾਂ ਵਿੱਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ। ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਮਕਸਦ ਸੜਕੀ ਸੰਪਰਕ ਨੂੰ ਬਿਹਤਰ ਬਣਾਉਣਾ, ਵਸਨੀਕਾਂ ਦੀ ਆਵਾਜਾਈ ਨੂੰ ਸੁਖਾਲਾ ਕਰਨਾ ਤੇ ਬੁਨਿਆਦੀ ਸ਼ਹਿਰੀ ਢਾਂਚੇ ਨੂੰ ਹੋਰ ਮਜ਼ਬੂਤ ਕਰਨਾ ਹੈ। ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰੀ ਖੇਤਰਾਂ ਦੇ ਵਿਆਪਕ ਤੇ ਯੋਜਨਾਬੱਧ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਤੇ ਇਸੇ ਤਹਿਤ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਲੋਕਾਂ ਦੇ ਜੀਵਨ ਪੱਧਰ ਨੂੰ ਬਿਹਤਰ ਬਣਾਉਣ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਨੂੰ ਯੋਜਨਾਬੱਧ ਤੇ ਸਮਾਂਬੱਧ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਨਗਰ ਨਿਗਮ ਕਮਿਸ਼ਨਰ ਅਨੁਪਮ ਕਲੇਰ ਨੇ ਦੱਸਿਆ ਕਿ ਵਾਰਡ ਨੰਬਰ 10, 12, 13, 31, 47, 48 ਤੇ 50 ਵਿੱਚ ਸੜਕਾਂ ਤੇ ਗਲੀਆਂ ਦੇ ਨਿਰਮਾਣ ਲਈ 69.78 ਲੱਖ ਰੁਪਏ ਦੇ ਵਰਕ ਆਰਡਰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੰਮਾਂ ਦੀ ਸ਼ੁਰੂਆਤ ਜਲਦ ਹੀ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਗਰ ਨਿਗਮ ਵੱਲੋਂ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੇ ਵੱਖ-ਵੱਖ ਰਿਹਾਇਸ਼ੀ ਖੇਤਰਾਂ ਦੀਆਂ ਵਿਕਾਸ ਸਬੰਧੀ ਲੋੜਾਂ ਨੂੰ ਪੂਰਾ ਕਰਨ ਲਈ ਕੀਤੇ ਜਾ ਰਹੇ ਯਤਨਾਂ ਦਾ ਹਿੱਸਾ ਹਨ। ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਨ੍ਹਾਂ ਦਾ ਸਿੱਧਾ ਲਾਭ ਵਸਨੀਕਾਂ ਨੂੰ ਮਿਲੇ ਤੇ ਰੋਜ਼ਾਨਾ ਦੀਆਂ ਨਾਗਰਿਕ ਸਹੂਲਤਾਂ ਵਿੱਚ ਸੁਧਾਰ ਹੋਵੇ। ਨਗਰ ਨਿਗਮ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਉਸਾਰੀ ਕਾਰਜ ਨਿਰਧਾਰਤ ਵਿਸ਼ੇਸ਼ਤਾਵਾਂ, ਤਕਨੀਕੀ ਮਾਪਦੰਡਾਂ ਤੇ ਗੁਣਵੱਤਾ ਦੇ ਨਿਯਮਾਂ ਅਨੁਸਾਰ ਹੀ ਕਰਵਾਏ ਜਾਣ। ਉਨ੍ਹਾਂ ਕੰਮਾਂ ਦੀ ਸ਼ੁਰੂਆਤ ਤੋਂ ਲੈ ਕੇ ਮੁਕੰਮਲ ਹੋਣ ਤੱਕ ਹਰੇਕ ਪੜਾਅ ’ਤੇ ਨਿਯਮਤ ਤੇ ਪ੍ਰਭਾਵਸ਼ਾਲੀ ਨਿਗਰਾਨੀ ਯਕੀਨੀ ਬਣਾਉਣ ਲਈ ਵੀ ਕਿਹਾ, ਤਾਂ ਜੋ ਕੰਮ ਦੀ ਲੋੜੀਂਦੀ ਗੁਣਵੱਤਾ ਕਾਇਮ ਰਹੇ। ਉਨ੍ਹਾਂ ਅਧਿਕਾਰੀਆਂ ਤੇ ਫੀਲਡ ਸਟਾਫ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਕਿ ਸਾਰੇ ਪ੍ਰਾਜੈਕਟ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ ਤੇ ਉਸਾਰੀ ਦੌਰਾਨ ਵਸਨੀਕਾਂ ਨੂੰ ਘੱਟ ਤੋਂ ਘੱਟ ਅਸੁਵਿਧਾ ਦਾ ਸਾਹਮਣਾ ਕਰਨਾ ਪਵੇ।