ਮੋਗਾ ਰੈਲੀ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣ ਵਰਕਰ : ਦਲਜੀਤ ਰਾਜੂ ਚਾਰਾ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ’ਚ ਸ਼ਾਮਲ ਹੋਣ ਵਰਕਰ : ਦਲਜੀਤ ਰਾਜੂ
Publish Date: Tue, 17 Nov 2026 07:41 PM (IST)
Updated Date: Tue, 17 Nov 2026 07:42 PM (IST)
ਅਮਰੀਕ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਆਪਣੇ ਸਥਾਪਨਾ ਦਿਵਸ ਦੇ ਮੌਕੇ ’ਤੇ 26 ਨਵੰਬਰ ਨੂੰ ਮੋਗਾ ਵਿਖੇ ਆਯੋਜਿਤ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਚਾਰਾਂ ਵਿਧਾਨ ਸਭਾ ਹਲਕਿਆਂ ਤੋਂ ਵੱਡੀ ਗਿਣਤੀ ਵਿਚ ਸ਼ਾਮਲ ਹੋਣ ਲਈ ਤਿਆਰੀਆਂ ਸਬੰਧੀ ਆਪ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਰਾਜੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਦਵਿੰਦਰਪਾਲ ਸਿੰਘ ਹੰਸਪਾਲ ਰੰਗਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਰੈਲੀ ਨੂੰ ਲੈ ਕੇ ਪਾਰਟੀ ਅੰਦਰ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਜ਼ਿਲ੍ਹੇ ਦੇ ਚਾਰੇ ਵਿਧਾਨਸਭਾ ਹਲਕਿਆਂ ਦੇ ਆਪ ਆਗੂਆਂ ਤੇ ਵਰਕਰ ਰੈਲੀ ਨੂੰ ਸਫਲ ਬਣਾਉਣ ਲਈ ਪੂਰੀ ਤਰ੍ਹਾਂ ਸਰਗਰਮ ਹੋ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਰੈਲੀ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣਗੇ, ਜਿਨ੍ਹਾਂ ਦਾ ਮੋਗਾ ਪਹੁੰਚਣ ’ਤੇ ਵਿਸ਼ੇਸ਼ ਸਵਾਗਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਦੀ ਆਮਦ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਰੈਲੀ ਦੀ ਮਹੱਤਤਾ ਇਸ ਕਰਕੇ ਵੀ ਵੱਧ ਜਾਂਦੀ ਹੈ ਕਿ 26 ਨਵੰਬਰ ਦਾ ਦਿਨ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਦੇ ਨਾਲ-ਨਾਲ ਦੇਸ਼ ਭਰ ’ਚ ਸੰਵਿਧਾਨ ਦਿਵਸ ਵਜੋਂ ਵੀ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਰੈਲੀ ਨੂੰ ਸਫਲ ਬਣਾਉਣ ਦੇ ਲਈ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਰੈਲੀ ਚ ਸ਼ਮੂਲੀਅਤ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਦਲਜੀਤ ਰਾਜੂ ਨੇ ਕਿਹਾ ਕਿ ਆਪ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਾਲ 2012 ’ਚ ਖੜ੍ਹੇ ਹੋ ਕੇ ਆਪਣੀ ਪਾਰਟੀ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 14 ਸਾਲਾਂ ਵਿੱਚ ਕਈ ਉਤਰਾਅ-ਚੜ੍ਹਾਅ ਆਏ ਹਨ, ਕਈ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਵਿੱਚ ਕੋਈ ਕਮੀ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਜਨਤਾ ਦੇ ਪਿਆਰ ਤੇ ਅਸ਼ੀਰਵਾਦ ਸਦਕਾ ਅੱਜ ਇੱਕ ਛੋਟੀ ਪਾਰਟੀ ਕੌਮੀ ਪਾਰਟੀ ਵਿੱਚ ਤਬਦੀਲ ਹੋ ਗਈ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਸਾਬਕਾ ਹਲਕਾ ਇੰਚਾਰਜ ਮੰਜੂ ਰਾਣਾ, ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ, ਜ਼ਿਲ੍ਹਾ ਇੰਚਾਰਜ ਮੀਡੀਆ ਵਿੰਗ ਇੰਚਾਰਜ ਇੰਦਰਜੀਤ ਸਿੰਘ ਜੁਗਨੂੰ, ਚੇਅਰਮੈਨ ਮਾਰਕੀਟ ਕਮੇਟੀ ਗੁਰਪਾਲ ਸਿੰਘ ਇੰਡੀਅਨ, ਜ਼ਿਲ੍ਹਾ ਇੰਚਾਰਜ ਟਰੇਡ ਵਿੰਗ ਪ੍ਰਧਾਨ ਕੰਵਰ ਇਕਬਾਲ ਸਿੰਘ, ਜ਼ਿਲ੍ਹਾ ਇੰਚਾਰਜ ਵਿਰਾਸਤੀ ਵਿੰਗ ਪਰਮਿੰਦਰ ਸਿੰਘ ਢੋਟ, ਜ਼ਿਲ੍ਹਾ ਇੰਚਾਰਜ ਐਜੂਕੇਸ਼ਨ ਵਿੰਗ ਹਰਪ੍ਰੀਤ ਕੌਰ, ਜ਼ਿਲ੍ਹਾ ਇੰਚਾਰਜ ਬੀਸੀ ਵਿੰਗ ਇੰਚਾਰਜ ਜਗਜੀਤ ਸਿੰਘ ਬਿੱਟੂ ਆਦਿ ਹਾਜ਼ਰ ਸਨ।