ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ’ਚ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਨਾਲ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Fri, 05 Jun 2026 08:06 PM (IST)
Updated Date: Fri, 05 Jun 2026 08:08 PM (IST)
ਕੁਲਵਿੰਦਰ ਸਿੰਘ ਲਾਡੀ, ਪੰਜਾਬੀ ਜਾਗਰਣ
ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਬੜੇ ਉਤਸ਼ਾਹ ਅਤੇ ਜਾਗਰੂਕਤਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਦੀ ਯੋਗ ਅਗਵਾਈ ਹੇਠ ਈਕੋ ਕਲੱਬ ਇੰਚਾਰਜ ਪ੍ਰੋ. ਸੰਦੀਪ ਕੌਰ ਅਤੇ ਐੱਨ.ਐੱਸ.ਐੱਸ. ਯੂਨਿਟ ਦੇ ਸਹਿਯੋਗ ਨਾਲ ਵੱਖ-ਵੱਖ ਵਾਤਾਵਰਣ ਸੰਬੰਧੀ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ । ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਲਈ ਪ੍ਰੇਰਿਤ ਕਰਨਾ ਸੀ । ਇਸ ਮੌਕੇ “ਬੈਸਟ ਆਉਟ ਆਫ ਵੇਸਟ” ਗਤੀਵਿਧੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਨੇ ਬੇਕਾਰ ਸਮੱਗਰੀ ਦੀ ਵਰਤੋਂ ਕਰਕੇ ਸੁੰਦਰ ਅਤੇ ਉਪਯੋਗੀ ਵਸਤੂਆਂ ਤਿਆਰ ਕੀਤੀਆਂ। ਵਿਦਿਆਰਥੀਆਂ ਵੱਲੋਂ ਬਣਾਈਆਂ ਗਈਆਂ ਡੈਕੋਰੇਟਿਵ ਹੈਂਗਿੰਗਜ਼, ਫੁੱਲਦਾਨ, ਸ਼ੋਪੀਸ ਅਤੇ ਹੋਰ ਸਜਾਵਟੀ ਸਮਾਨ ਨੇ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚਿਆ। ਇਨ੍ਹਾਂ ਕਲਾਕ੍ਰਿਤੀਆਂ ਰਾਹੀਂ ਵਿਦਿਆਰਥੀਆਂ ਨੇ ਇਹ ਸੰਦੇਸ਼ ਦਿੱਤਾ ਕਿ ਬੇਕਾਰ ਸਮਝੀ ਜਾਣ ਵਾਲੀ ਸਮੱਗਰੀ ਨੂੰ ਵੀ ਸਿਰਜਣਾਤਮਕ ਢੰਗ ਨਾਲ ਵਰਤ ਕੇ ਨਵਾਂ ਰੂਪ ਦਿੱਤਾ ਜਾ ਸਕਦਾ ਹੈ । ਵਿਦਿਆਰਥੀਆਂ ਨੇ ਇਸ ਗਤੀਵਿਧੀ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੀ ਕਲਾਤਮਕ ਪ੍ਰਤਿਭਾ ਅਤੇ ਵਾਤਾਵਰਣ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਗਟਾਵਾ ਕੀਤਾ। ਪ੍ਰਦਰਸ਼ਿਤ ਕੀਤੀਆਂ ਗਈਆਂ ਵਸਤੂਆਂ ਨੇ ਨਾ ਸਿਰਫ਼ ਰੀਸਾਈਕਲਿੰਗ ਦੇ ਮਹੱਤਵ ਨੂੰ ਉਜਾਗਰ ਕੀਤਾ, ਸਗੋਂ ਵਿਦਿਆਰਥੀਆਂ ਦੀ ਨਵੀਨ ਸੋਚ ਨੂੰ ਵੀ ਦਰਸਾਇਆ । ਇਸ ਮੌਕੇ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ ਕਿ ਵਾਤਾਵਰਣ ਦੀ ਸੁਰੱਖਿਆ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਪੱਧਰ ’ਤੇ ਵਾਤਾਵਰਣ ਦੀ ਸੰਭਾਲ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਰੀਸਾਈਕਲਿੰਗ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ । ਈਕੋ ਕਲੱਬ ਇੰਚਾਰਜ ਪ੍ਰੋ. ਸੰਦੀਪ ਕੌਰ ਨੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਵੀ ਨਿਖਾਰਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਆਪਣਾ ਯੋਗਦਾਨ ਪਾਉਣ ਦਾ ਸੰਦੇਸ਼ ਦਿੱਤਾ । ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵਾਤਾਵਰਣ ਦੀ ਰੱਖਿਆ ਅਤੇ ਹਰੇ-ਭਰੇ ਭਵਿੱਖ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ। ਇਹ ਸਮਾਗਮ ਵਿਦਿਆਰਥੀਆਂ ਲਈ ਗਿਆਨਦਾਇਕ, ਪ੍ਰੇਰਣਾਦਾਇਕ ਅਤੇ ਯਾਦਗਾਰ ਸਾਬਤ ਹੋਇਆ।