ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ’ਚ ਵਿਸ਼ਵ ਜਲ ਦਿਵਸ ਮਨਾਇਆ
ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ’ਚ ਵਿਸ਼ਵ ਜਲ ਦਿਵਸ ਮਨਾਇਆ
Publish Date: Mon, 23 Mar 2026 09:02 PM (IST)
Updated Date: Mon, 23 Mar 2026 09:04 PM (IST)

ਕੁਲਵਿੰਦਰ ਸਿੰਘ ਲਾਡੀ ਪੰਜਾਬੀ ਜਾਗਰਣ ਫੱਤੂਢੀਂਗਾ : ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਚ ਵਿਸ਼ਵ ਜਲ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਹ ਪ੍ਰੋਗਰਾਮ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਦੀ ਰਹਿਨੁਮਾਈ ਹੇਠ ਈਕੋ ਕਲੱਬ ਤੇ ਐੱਨਐੱਸਐੱਸ ਯੂਨਿਟ ਦੇ ਸਾਂਝੇ ਯਤਨਾਂ ਨਾਲ ਆਯੋਜਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵਿਚ ਪਾਣੀ ਦੀ ਸੰਭਾਲ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਲੋਗਨ ਰਾਈਟਿੰਗ ਮੁਕਾਬਲਾ ਕਰਵਾਇਆ ਗਿਆ। ਈਕੋ ਕਲੱਬ ਇੰਚਾਰਜ ਪ੍ਰੋਫੈਸਰ ਸੰਦੀਪ ਕੌਰ ਨੇ ਦੱਸਿਆ ਕਿ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਪਾਣੀ ਦੀ ਬਚਤ ਸਬੰਧੀ ਬਹੁਤ ਹੀ ਪ੍ਰਭਾਵਸ਼ਾਲੀ ਸਲੋਗਨ ਪੇਸ਼ ਕੀਤੇ। ਉਨ੍ਹਾਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿਚ ਜਾਗਰੂਕਤਾ ਪੈਦਾ ਕਰਦੀਆਂ ਹਨ ਤੇ ਉਨ੍ਹਾਂ ਨੂੰ ਵਾਤਾਵਰਣ ਪ੍ਰਤੀ ਜ਼ਿੰਮੇਵਾਰ ਬਣਾਉਂਦੀਆਂ ਹਨ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਨੇ ਕਿਹਾ,”ਪਾਣੀ ਦੀ ਬਚਤ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਹਰ ਵਿਅਕਤੀ ਨੂੰ ਇਸ ਦਿਸ਼ਾ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਕਮੀ ਨਾ ਰਹੇ।” ਅੰਤ ਵਿਚ ਸਮੂਹ ਸਟਾਫ਼ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਪ੍ਰਸ਼ੰਸਾ ਕੀਤੀ ਗਈ ਤੇ ਉਨ੍ਹਾਂ ਨੂੰ ਅਜਿਹੀਆਂ ਸਮਾਜਿਕ ਮੁਹਿੰਮਾਂ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਗਿਆ।