ਡਡਵਿੰਡੀ 'ਚ ਨਸ਼ਾ ਤਸਕਰ ਦੇ ਨਾਜਾਇਜ਼ ਕਬਜ਼ੇ '’ਤੇ ਚੱਲਿਆ ਪੀਲਾ ਪੰਜਾ, ਪੁਲਿਸ-ਪ੍ਰਸ਼ਾਸਨ ਦੀ ਸਾਂਝੀ ਕਾਰਵਾਈ
ਜਾਣਕਾਰੀ ਦਿੰਦਿਆਂ ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਤੋਤੀ, ਜੋ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ ਅਤੇ ਜਿਸ ਖਿਲਾਫ਼ ਪਹਿਲਾਂ ਹੀ ਸੱਤ ਮੁਕੱਦਮੇ ਦਰਜ ਹਨ, ਵੱਲੋਂ ਪਿੰਡ ਦੀ ਪੰਚਾਇਤ ਦੀ ਕਰੀਬ 10 ਮਰਲੇ ਜ਼ਮੀਨ ’ਤੇ ਨਜਾਇਜ਼ ਉਸਾਰੀ ਕਰਕੇ ਕਬਜ਼ਾ ਕੀਤਾ ਗਿਆ ਸੀ।
Publish Date: Fri, 08 May 2026 02:49 PM (IST)
Updated Date: Fri, 08 May 2026 02:50 PM (IST)
ਪਰਮਜੀਤ ਸਿੰਘ, ਪੰਜਾਬੀ ਜਾਗਰਣ, ਡਡਵਿੰਡੀ: ਐਸਐਸਪੀ ਕਪੂਰਥਲਾ ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਅੱਜ ਪਿੰਡ ਤੋਤੀ ਵਿੱਚ ਵੱਡੀ ਕਾਰਵਾਈ ਕੀਤੀ ਗਈ। ਏਐਸਪੀ ਧੀਰੇਂਦਰ ਵਰਮਾ, ਐਸਐਚਓ ਹਰਿੰਦਰ ਸਿੰਘ ਅਤੇ ਬੀਡੀਪੀਓ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਪ੍ਰਸ਼ਾਸਨ ਦੀ ਸਾਂਝੀ ਟੀਮ ਨੇ ਪੰਚਾਇਤੀ ਜ਼ਮੀਨ ’ਤੇ ਕੀਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਪੀਲਾ ਪੰਜਾ ਚਲਾਇਆ।
ਜਾਣਕਾਰੀ ਦਿੰਦਿਆਂ ਐਸਐਸਪੀ ਗੌਰਵ ਤੂਰਾ ਨੇ ਦੱਸਿਆ ਕਿ ਪਰਵਿੰਦਰ ਸਿੰਘ ਉਰਫ਼ ਪਿੰਦਾ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਤੋਤੀ, ਜੋ ਇਸ ਵੇਲੇ ਜੇਲ੍ਹ ਵਿੱਚ ਬੰਦ ਹੈ ਅਤੇ ਜਿਸ ਖਿਲਾਫ਼ ਪਹਿਲਾਂ ਹੀ ਸੱਤ ਮੁਕੱਦਮੇ ਦਰਜ ਹਨ, ਵੱਲੋਂ ਪਿੰਡ ਦੀ ਪੰਚਾਇਤ ਦੀ ਕਰੀਬ 10 ਮਰਲੇ ਜ਼ਮੀਨ ’ਤੇ ਨਜਾਇਜ਼ ਉਸਾਰੀ ਕਰਕੇ ਕਬਜ਼ਾ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਬੀਡੀਪੀਓ ਗੁਰਮੀਤ ਸਿੰਘ ਵੱਲੋਂ ਇਸ ਨਾਜਾਇਜ਼ ਉਸਾਰੀ ਨੂੰ ਢਾਹ ਦਿੱਤਾ ਗਿਆ। ਇਸ ਮੌਕੇ ਐਸਐਸਪੀ ਗੌਰਵ ਤੂਰਾ, ਏਐਸਪੀ ਧੀਰੇਂਦਰ ਵਰਮਾ, ਐਸਐਚਓ ਹਰਿੰਦਰ ਸਿੰਘ, ਐਸਐਚਓ ਸੋਨਮਦੀਪ ਕੌਰ ਤਲਵੰਡੀ ਚੌਧਰੀਆਂ, ਐਸਐਚਓ ਅਮਨਦੀਪ ਕੌਰ ਥਾਣਾ ਫੱਤੂ ਢੀਂਗਾ ਸਮੇਤ ਹੋਰ ਅਧਿਕਾਰੀ ਅਤੇ ਪੁਲਿਸ ਕਰਮਚਾਰੀ ਹਾਜ਼ਰ ਸਨ।
ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ ਅਤੇ ਕਿਸੇ ਨੂੰ ਵੀ ਸਰਕਾਰੀ ਜਾਂ ਪੰਚਾਇਤੀ ਜ਼ਮੀਨ ’ਤੇ ਨਜਾਇਜ਼ ਕਬਜ਼ਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।