ਨੌਜਵਾਨਾਂ ਨੂੰ ਵੋਟ ਬਣਾਉਣ ਲਈ ਕੀਤਾ ਜਾਵੇਗਾ ਜਾਗਰੂਕ : ਐੱਸਡੀਐੱਮ 18 ਨੌਜਵਾਨਾਂ ਨੂੰ ਵੋਟ ਬਣਾਉਣ ਤੇ ਸਹੀ ਇਸਤੇਮਾਲ ਲਈ ਕੀਤਾ ਜਾਵੇਗਾ ਜਾਗਰੂਕ : ਐੱਸਡੀਐੱਮ ਰੁਪਿੰਦਰਪਾਲ ਸਿੰਘ
Publish Date: Mon, 14 Sep 2026 10:10 PM (IST)
Updated Date: Mon, 14 Sep 2026 10:11 PM (IST)
ਸੁਖਜਿੰਦਰ ਸਿੰਘ ਮੁਲਤਾਨੀ ਪੰਜਾਬੀ ਜਾਗਰਣ ਭੁਲੱਥ : 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਬਣਾਉਣ ਤੇ ਆਪਣੇ ਵੋਟ ਦੇ ਅਧਿਕਾਰ ਦਾ ਸਹੀ ਇਸਤੇਮਾਲ ਕਰਨ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਐੱਸਡੀਐੱਮ ਭੁਲੱਥ ਰੁਪਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਵੀਪ ਦੇ ਨੋਡਲ ਅਫਸਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵੋਟਰ ਜਾਗਰੂਕਤਾ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਐੱਸਡੀਐੱਮ ਰੁਪਿੰਦਰਪਾਲ ਸਿੰਘ ਨੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਵਜੋਂ ਰਜਿਸਟਰ ਹੋਣਾ ਤੇ ਚੋਣਾਂ ਦੌਰਾਨ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਸਕੂਲਾਂ, ਕਾਲਜਾਂ ਤੇ ਹੋਰ ਵਿੱਦਿਅਕ ਅਦਾਰਿਆਂ ਤੋਂ ਇਲਾਵਾ ਪਿੰਡਾਂ ਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਕਰਕੇ ਨੌਜਵਾਨਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ। ਹਲਕਾ ਕੋਆਰਡੀਨੇਟਰ ਪ੍ਰੋ. ਬਲਬੀਰ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਲੋਕਤੰਤਰ ਦੀ ਮਜ਼ਬੂਤ ਨੀਂਹ ਹਨ। ਉਨ੍ਹਾਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਤੇ ਚੋਣਾਂ ਸਮੇਂ ਬਿਨਾਂ ਕਿਸੇ ਲਾਲਚ ਜਾਂ ਦਬਾਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਦੀ ਅਪੀਲ ਕੀਤੀ। ਮੀਟਿੰਗ ਵਿੱਚ ਵੋਟਰਾਂ ਨੂੰ ਵੋਟ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ, ਨਵੇਂ ਵੋਟਰਾਂ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਿਤ ਕਰਨ ਤੇ ਵੋਟਰ ਜਾਗਰੂਕਤਾ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਸਬੰਧੀ ਵੀ ਵਿਚਾਰ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸਵੀਪ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਉਨ੍ਹਾਂ ਦੇ ਚੋਣ ਅਧਿਕਾਰਾਂ ਤੇ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨਾ ਲਗਾਤਾਰ ਜਾਰੀ ਰੱਖਿਆ ਜਾਵੇਗਾ।