ਬਸੰਤੀ ਦਸਤਾਰਾਂ ਸਜਾ ਕੇ ਪੁੱਜਣ ਨੌਜਵਾਨ : ਹੇਨੰਤ ਬਸੰਤੀ ਦਸਤਾਰਾਂ ਸਜਾ ਕੇ ਜਸ਼ਨ-ਏ-ਇਨਕਲਾਬ ’ਚ ਹੁੰਮ-ਹੁਮਾ ਕੇ ਪੁੱਜਣ ਨੌਜਵਾਨ : ਹੇਨੰਤ ਕੁਮਾਰ
Publish Date: Sun, 27 Sep 2026 07:13 PM (IST)
Updated Date: Sun, 27 Sep 2026 07:15 PM (IST)
ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਆਮ ਆਦਮੀ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਮੈਦਾਨ ਵਿਚ ਜਸ਼ਨ-ਏ-ਇਨਕਲਾਬ ਨਾਂ ਹੇਠ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਤੇ ਪੰਜਾਬ ਭਰ ਤੋਂ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਲਈ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਹਲਕਾ ਸੰਗਠਨ ਇੰਚਾਰਜ ਹੇਨੰਤ ਕੁਮਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ 28 ਸਤੰਬਰ ਨੂੰ ਬਸੰਤੀ ਦਸਤਾਰਾਂ ਸਜਾ ਕੇ ਪੀਏਯੂ ਦੇ ਮੈਦਾਨ ਵਿਚ ਹੁੰਮ-ਹੁਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਜਸ਼ਨ-ਏ-ਇਨਕਲਾਬ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ ਤੇ ਇਸ ਮੌਕੇ ਨੌਜਵਾਨਾਂ ਵੱਲੋਂ ਸ਼ਹੀਦ ਦੀ ਸੋਚ ਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਯਾਦ ਕੀਤਾ ਜਾਵੇਗਾ। ਹੇਨੰਤ ਕੁਮਾਰ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਉਨ੍ਹਾਂ ਦੀ ਕੁਰਬਾਨੀ, ਦਲੇਰੀ ਤੇ ਵਿਚਾਰਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਿਰਫ਼ ਰਸਮੀ ਤੌਰ ’ਤੇ ਮਨਾਉਣ ਦੀ ਬਜਾਏ ਨੌਜਵਾਨਾਂ ਨੂੰ ਉਨ੍ਹਾਂ ਦੇ ਵਿਚਾਰਾਂ ਤੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਚ ਅਥਾਹ ਸਮਰੱਥਾ ਹੈ ਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਸਮਾਜ ਸੇਵਾ ਤੇ ਹੋਰ ਰਚਨਾਤਮਕ ਕਾਰਜਾਂ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਸ਼ਨ-ਏ-ਇਨਕਲਾਬ ਵੀ ਨੌਜਵਾਨਾਂ ਦੀ ਇਸੇ ਊਰਜਾ ਨੂੰ ਇਕ ਮੰਚ ’ਤੇ ਇਕੱਠਾ ਕਰਨ ਦਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਦੇ ਜੀਵਨ ਤੇ ਵਿਚਾਰਾਂ ਤੋਂ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਸ਼ਨ-ਏ-ਇਨਕਲਾਬ ਸਿਰਫ਼ ਇਕ ਸਮਾਗਮ ਨਹੀਂ, ਸਗੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨ ਦਾ ਇਕ ਮੌਕਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਸਮਾਗਮ ਨੂੰ ਯਾਦਗਾਰ ਬਣਾਉਣ।