ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈਣ ਨੌਜਵਾਨ : ਪੰਡਿਤ/ਆਨੰਦ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਨੌਜਵਾਨ-ਪੰਡਿਤ/ਆਨੰਦ
Publish Date: Sun, 18 Oct 2026 09:52 PM (IST)
Updated Date: Sun, 18 Oct 2026 09:54 PM (IST)
--ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ’ਚ ਸ਼ਾਮਲ ਹੋਣ ਲਈ ਨਰੇਸ਼ ਪੰਡਿਤ ਨੂੰ ਦਿੱਤਾ ਸੱਦਾ ਪੱਤਰ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਰਾਸ਼ਟਰੀ ਵਾਲਮੀਕਿ ਸੰਘਰਸ਼ ਮੋਰਚਾ ਭਾਰਤ ਯੂਥ ਵਿੰਗ ਵੱਲੋਂ 23 ਅਕਤੂਬਰ ਦਿਨ ਸ਼ੁੱਕਰਵਾਰ ਨੂੰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਕੱਢੀ ਜਾ ਰਹੀ ਵਿਸ਼ਾਲ ਸਵਾਗਤੀ ਸ਼ੋਭਾ ਯਾਤਰਾ ਵਿਚ ਸ਼ਾਮਲ ਹੋਣ ਲਈ ਰਾਸ਼ਟਰੀ ਵਾਲਮੀਕਿ ਸੰਘਰਸ਼ ਮੋਰਚਾ ਭਾਰਤ ਯੂਥ ਵਿੰਗ ਦੇ ਸ਼ਾਰਪ ਸੱਭਰਵਾਲ, ਅਰਜੁਨ ਸੱਭਰਵਾਲ ਤੇ ਰਾਜਾ ਸੱਭਰਵਾਲ ਵੱਲੋਂ ਵਿਸ਼ਵ ਹਿੰਦੂ ਪਰਿਸ਼ਦ ਜਲੰਧਰ ਵਿਭਾਗ ਦੇ ਪ੍ਰਧਾਨ ਨਰੇਸ਼ ਪੰਡਿਤ, ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਆਨੰਦ ਯਾਦਵ ਤੇ ਸ਼ਹਿਰੀ ਪ੍ਰਧਾਨ ਮਨੀ ਮਹਾਜਨ ਨੂੰ ਸੱਦਾ ਪੱਤਰ ਦਿੱਤਾ ਗਿਆ। ਇਸ ਮੌਕੇ ਨਰੇਸ਼ ਪੰਡਿਤ ਨੇ ਲੋਕਾਂ ਨੂੰ ਕਰੁਣਾ ਸਾਗਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸ਼ੁਭ ਮੌਕੇ ’ਤੇ ਵਧਾਈ ਦਿੰਦਿਆਂ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਨੂੰ ਅਪਣਾਉਣ ਤੇ ਜਾਤ-ਪਾਤ ਰਹਿਤ ਇੱਕ ਆਦਰਸ਼ ਸਮਾਜ ਸਥਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਾਨੂੰ ਸੱਚਾਈ, ਸਮਾਨਤਾ, ਸੇਵਾ ਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਨਰੇਸ਼ ਪੰਡਿਤ ਨੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸਮਾਗਮ ਵਿੱਚ ਸ਼ਾਮਲ ਹੋਣ ਲਈ ਮਿਲੇ ਸੱਦੇ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਜਿਨ੍ਹਾਂ ਨੇ ਸੰਸਕ੍ਰਿਤ ਭਾਸ਼ਾ ਵਿੱਚ ਸਭ ਤੋਂ ਪਹਿਲਾ ਮਹਾਨ ਗ੍ਰੰਥ ਰਾਮਾਇਣ ਰਚਿਆ, ਸਭਿਆਚਾਰ ਤੇ ਮਾਨਵਤਾ ਦੇ ਵੱਡੇ ਉਸਰੱਈਏ ਸਨ। ਉਨ੍ਹਾਂ ਦੁਆਰਾ ਰਚਿਤ ਰਾਮਾਇਣ ਮਨੁੱਖੀ ਕਦਰਾਂ-ਕੀਮਤਾਂ, ਸਭਿਆਚਾਰਕ ਤੇ ਸਮਾਜਿਕ ਮੁੱਲਾਂ ਦਾ ਇੱਕ ਸ਼ਾਹਕਾਰ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਨੇ ਸਮਾਜ ਨੂੰ ਪਿਆਰ ਤੇ ਅਸੂਲਾਂ ’ਤੇ ਆਧਾਰਤ ਆਦਰਸ਼ ਜ਼ਿੰਦਗੀ ਜਿਊਣ ਦਾ ਸੁਨੇਹਾ ਦਿੱਤਾ ਹੈ। ਉਨ੍ਹਾਂ ਨੇ ਸਾਰੇ ਲੋਕਾਂ ਨੂੰ ਇਸ ਪਵਿੱਤਰ ਦਿਹਾੜੇ ਨੂੰ ਰੰਗ, ਜਾਤ-ਪਾਤ ਦੀਆਂ ਸੰਕੀਰਣ ਵਲਗਣਾਂ ਤੋਂ ਉਪਰ ਉਠ ਕੇ ਆਪਸੀ ਭਾਈਚਾਰਕ ਸਾਂਝ ਤੇ ਪਿਆਰ ਨਾਲ ਮਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਆਨੰਦ ਯਾਦਵ ਨੇ ਕਿਹਾ ਕਿ ਆਦਰਸ਼ ਸਮਾਜ ਦੀ ਸਿਰਜਣਾ ਲਈ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਵੱਲੋਂ ਸਦੀਆਂ ਪਹਿਲਾਂ ਰਚਿਤ ਪਵਿੱਤਰ ਰਮਾਇਣ ਵਿੱਚ ਆਦਰਸ਼ ਜੀਵਨ ਬਤੀਤ ਕਰਨ ਦੀ ਦਿੱਤੀ ਗਈ ਸਿੱਖਿਆ ਅਜੋਕੇ ਸਮੇਂ ਵਿੱਚ ਵੀ ਸਾਰਥਕ ਹੈ। ਉਨ੍ਹਾਂ ਪਵਿੱਤਰ ਰਮਾਇਣ ਦੀ ਰਚਨਾ ਕਰਕੇ ਬਦੀ ਉਤੇ ਨੇਕੀ ਦੀ ਜਿੱਤ ਦਾ ਸੁਨੇਹਾ ਦਿੱਤਾ, ਜੋ ਅੱਜ ਵੀ ਸਾਡੇ ਸਾਰਿਆਂ ਲਈ ਚਾਨਣ ਮੁਨਾਰੇ ਵਜੋਂ ਕੰਮ ਕਰ ਰਿਹਾ ਹੈ। ਉਨ੍ਹਾਂ ਨੌਜਵਾਨਾਂ ਨੂੰ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਉਸਾਰੂ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।