- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਦੇ ਰਾਜ ’ਚ ਨਸ਼ਿਆਂ ਖਿਲਾਫ ਆਵਾਜ਼ ਚੁੱਕਣ ਵਾਲੇ ਨੌਜਵਾਨ ਨੂੰ ਕੀਤੀ ਜਾਂਦੀ ਹੈ ਕੁੱਟਮਾਰ : ਖੋਜੇਵਾਲ

ਆਪ ਸਰਕਾਰ ਦੇ ਰਾਜ ’ਚ ਨਸ਼ਿਆਂ
ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਯੁੱਧ ਨਸ਼ਿਆਂ ਦੇ ਵਿਰੁੱਧ ਅਭਿਆਨ ਦਾ ਢੋਂਗ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਰਾਜ ਵਿਚ ਨਸ਼ਿਆਂ ਦੇ ਗੰਭੀਰ ਮੁੱਦੇ ’ਤੇ ਆਵਾਜ਼ ਉਠਾਉਣ ਵਾਲੇ ਨਾਗਰਿਕਾਂ ’ਤੇ ਪੁਲਿਸ ਵੱਲੋਂ ਕੀਤਾ ਜਾਣ ਵਾਲਾ ਕਥਿਤ ਤਸ਼ੱਦਦ ਬੇਹੱਦ ਚਿੰਤਾਜਨਕ ਤੇ ਨਿੰਦਣਯੋਗ ਹੈ। ਲੋਕਤੰਤਰ ਵਿੱਚ ਹਰ ਨਾਗਰਿਕ ਨੂੰ ਸਮਾਜਿਕ ਬੁਰਾਈਆਂ ਖਿਲਾਫ਼ ਬੋਲਣ ਦਾ ਹੱਕ ਹੈ ਤੇ ਜਦੋਂ ਪ੍ਰਸ਼ਾਸਨ ਸਵਾਲ ਪੁੱਛਣ ਵਾਲਿਆਂ ਨੂੰ ਹੀ ਨਿਸ਼ਾਨਾ ਬਣਾਉਣ ਲੱਗੇ, ਤਾਂ ਇਹ ਕਾਨੂੰਨ ਵਿਵਸਥਾ ਤੇ ਜਨਤਕ ਸੁਰੱਖਿਆ ’ਤੇ ਵੱਡੇ ਸਵਾਲ ਖੜ੍ਹੇ ਕਰਦਾ ਹੈ। ਨਸ਼ਿਆਂ ਦੇ ਖਾਤਮੇ ਲਈ ਸਰਕਾਰ, ਪੁਲਿਸ ਤੇ ਜਨਤਾ ਵਿਚਾਲੇ ਤਾਲਮੇਲ ਹੋਣਾ ਜ਼ਰੂਰੀ ਹੈ, ਨਾ ਕਿ ਟਕਰਾਅ। ਇਨ੍ਹਾਂ ਵਿਚਾਰ ਦਾ ਪ੍ਰਗਟਾਵਾ ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਕਰਦਿਆਂ ਕਿਹਾ ਕਿ ਪੰਜਾਬ ’ਚ ਵਧ ਰਹੀ ਨਸ਼ਾਖੋਰੀ ਦੀ ਸਮੱਸਿਆ ਤੇ ਨਸ਼ਿਆਂ ਖਿਲਾਫ ਆਵਾਜ਼ ਉਠਾਉਣ ਵਾਲੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਸ਼ੇਰੋਂ ਨਾਲ ਪੁਲਸ ਵੱਲੋਂ ਕਥਿਤ ਤੌਰ ’ਤੇ ਕੀਤੇ ਗਏ ਅੱਤਿਆਚਾਰ ਤੇ ਕਕਾਰਾਂ ਦੀ ਬੇਅਦਬੀ ਤੇ ਨਸ਼ੇ ਦੇ ਖਾਤਮੇ ਲਈ ਆਪ ਦੇ ਮੰਤਰੀ ਤੋਂ ਸਵਾਲ ਕਰਨ ਵਾਲੇ ਗੁਲਜਾਰ ਸਿੰਘ ’ਤੇ ਤਸ਼ੱਸਦ ਤੇ ਉਸ ਦੀ ਮੌਤ ਦੀ ਘਟਨਾ ਦੀ ਸਖਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਖੋਜੇਵਾਲ ਨੇ ਕਿਹਾ ਕਿ ਪੁਲਸ ਵੱਲੋਂ ਮੋਹਨਜੀਤ ਸਿੰਘ ਸ਼ੇਰੋਂ ਨਾਲ ਤਸ਼ੱਦਦ ਕਰਦਿਆਂ ਉਨ੍ਹਾਂ ਦੇ ਕੇਸਾਂ ਤੇ ਕਕਾਰਾਂ ਦੀ ਬੇਅਦਬੀ ਕਰਨ ਦੀ ਘਟਨਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ’ਤੇ ਸਿੱਧਾ ਹਮਲਾ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਧਰਮ ਦੀ ਪਛਾਣ ਤੇ ਗੁਰੂ ਪ੍ਰਤੀ ਆਸਥਾ ਦੇ ਪ੍ਰਤੀਕ ਹਨ ਤੇ ਕਿਸੇ ਵੀ ਹਾਲਤ ’ਚ ਇਨ੍ਹਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਇਸ ਤੋਂ ਇਲਾਵਾ ਖੋਜੇਵਾਲ ਨੇ ਕਿਹਾ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾ ਦਾ ਕਥਿਤ ਤੌਰ ’ਤੇ ਵਿਰੋਧ ਕਰਨ ਵਾਲੇ ਪਰਿਵਾਰ ਤੇ ਆਤਮਹੱਤਿਆ ਲਈ ਮਜਬੂਰ ਕਰਨ ਵਾਲੇ ਵਿਅਕਤੀ ਦਾ ਪੁਲਸ ਵਲੋਂ ਧੱਕੇ ਨਾਲ ਸਸਕਾਰ ਕਰਨਾ ਤੇ ਪਰਿਵਾਰ ਨੂੰ ਡਰਾ ਕੇ ਸਹਿਮਤ ਕਰਨਾ ਪੰਜਾਬ ਸਰਕਾਰ ਦੇ ਜ਼ੁਲਮਾਂ ਦੀ ਹੱਦ ਹੈ।
ਖੋਜੇਵਾਲ ਨੇ ਮੰਗ ਕੀਤੀ ਕਿ ਪੰਜਾਬ ਦੇ ਵਿੱਤ ਮੰਤਰੀ ਅਤੇ ਉਨ੍ਹਾਂ ਦੇ ਸਮਰਥਕਾਂ ਖਿਲਾਫ ਖੁਦਕਸ਼ੀ ਲਈ ਮਜਬੂਰ ਕਰਨ ਦਾ ਪਰਚਾ ਦਰਜ ਕੀਤਾ ਜਾਵੇ। ਖੋਜੇਵਾਲ ਨੇ ਮੁੱਖ ਮੰਤਰੀ ਮਾਨ ਤੋਂ ਮੰਗ ਕੀਤੀ ਕਿ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ ਤੇ ਦੋਸ਼ੀਆਂ ਨੂੰ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਪਾਰਟੀ ਪੀੜਤ ਪਰਿਵਾਰ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ ਤੇ ਇਸ ਮੁੱਦੇ ਨੂੰ ਹਰ ਮੰਚ ’ਤੇ ਚੁੱਕਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ’ਚ ਦੋਸ਼ੀ ਪੁਲਸ ਕਰਮਚਾਰੀਆਂ ਖਿਲਾਫ ਤੁਰੰਤ ਸਖ਼ਤ ਕਾਰਵਾਈ ਅਮਲ ਚ ਲਿਆਂਦੀ ਜਾਵੇ। ਇਸ ਮੌਕੇ ਕਮਲਜੀਤ ਪ੍ਰਭਾਕਰ, ਮੱਸਾ ਸਿੰਘ, ਸਰਬਜੀਤ ਸਿੰਘ ਦਿਓਲ, ਵਿੱਕੀ ਗੁਜਰਾਲ, ਦੇਵਿੰਦਰ ਧੀਰ, ਡਾ. ਪ੍ਰਦੀਪ ਕੌਸ਼ਲ, ਪ੍ਰਦੀਪ ਸੂਦ, ਸ਼ਿੰਦਰ ਸਿੰਘ ਆਦਿ ਮੌਜੂਦ ਸਨ।