ਪੰਜਾਬ ’ਚ ਭਾਜਪਾ ਸਰਕਾਰ ਬਣਵਾਏਗਾ ਯੁਵਾ ਮੋਰਚਾ : ਬਾਲੀ
2027 ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਵਿੱਚ ਯੁਵਾ ਮੋਰਚਾ ਅਹਿਮ ਭੂਮਿਕਾ ਨਿਭਾਏਗਾ-ਲੋਕੇਸ਼ ਬਾਲੀ
Publish Date: Sun, 01 Feb 2026 07:24 PM (IST)
Updated Date: Sun, 01 Feb 2026 07:25 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਭਾਰਤੀ ਜਨਤਾ ਪਾਰਟੀ ਯੁਵਾ ਮੋਰਚਾ ਦੇ ਜ਼ਿਲ੍ਹਾ ਜਨਰਲ ਸਕੱਤਰ ਲੋਕੇਸ਼ ਬਾਲੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿਚ ਲੋਕ ਭਾਜਪਾ ਵਿਚ ਸ਼ਾਮਲ ਹੋ ਰਹੇ ਹਨ, ਜਿਸ ਨਾਲ ਜ਼ਮੀਨੀ ਪੱਧਰ ’ਤੇ ਇਸ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਮੇਸ਼ਾ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੰਮ ਕੀਤਾ ਹੈ, ਪਰ ਵਿਰੋਧੀ ਪਾਰਟੀਆਂ ਲੋਕਾਂ ਨੂੰ ਭਾਜਪਾ ਬਾਰੇ ਗੁੰਮਰਾਹ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਲਈ ਭਾਜਪਾ ਵਰਕਰਾਂ ਵਿਚ ਬਹੁਤ ਉਤਸ਼ਾਹ ਹੈ ਤੇ ਉਹ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਲੈ ਜਾ ਰਹੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਵਿਸ਼ਵ ਪੱਧਰ ’ਤੇ ਇਕ ਮਜ਼ਬੂਤ ਦੇਸ਼ ਵਜੋਂ ਉੱਭਰ ਰਿਹਾ ਹੈ ਤੇ ਅੱਜ ਭਾਰਤ ਨੇ ਵਿਸ਼ਵ ਪੱਧਰ ਤੇ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਤੇ ਪੰਜਾਬੀਆਂ ਦੀ ਭਲਾਈ ਲਈ ਕੋਈ ਯਤਨ ਨਹੀਂ ਕੀਤੇ ਹਨ ਤੇ ਨਾ ਹੀ ਸੂਬੇ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨ ਲਈ ਕੋਈ ਯਤਨ ਕੀਤਾ ਹੈ। ਆਮ ਆਦਮੀ ਪਾਰਟੀ ਦੀ ਸਰਕਾਰ ਖਾਲੀ ਵਾਅਦੇ ਕਰਕੇ ਤੇ ਝੂਠੇ ਦਾਅਵੇ ਕਰਕੇ ਸਮਾਂ ਬਰਬਾਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਹੁਣ ਆਪ ਪਾਰਟੀ ਦਾ ਅਸਲੀ ਚਿਹਰਾ ਦੇਖ ਲਿਆ ਹੈ ਤੇ ਲੋਕ ਆਪ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਨ ਲਈ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਨ੍ਹਾਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਬਣਾਉਣਗੇ। ਲੋਕੇਸ਼ ਬਾਲੀ ਨੇ ਕਿਹਾ ਕਿ ਯੁਵਾ ਮੋਰਚਾ 2027 ਵਿਚ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਦਿਨ-ਰਾਤ ਮਿਹਨਤ ਕਰੇਗਾ ਤੇ ਸਾਰੇ ਯੂਥ ਸਾਥੀ ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ।