ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025
ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025
Publish Date: Fri, 12 Dec 2025 07:24 PM (IST)
Updated Date: Fri, 12 Dec 2025 07:27 PM (IST)

---ਪੋਲਿੰਗ ਬੂਥ ਦੇ 200 ਮੀਟਰ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਚੋਣਾਂ ਵਾਲੇ ਦਿਨ ਮਿਤੀ 14-12-2025 ਨੂੰ ਜ਼ਿਲ੍ਹਾ ਕਪੂਰਥਲਾ ਅੰਦਰ ਬਣੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਦੇ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪੋਲਿੰਗ ਬੂਥ ਜਾਂ ਜਨਤਕ/ਨਿੱਜੀ ਜਗ੍ਹਾ ‘ਤੇ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪ੍ਰਚਾਰ ਨਹੀਂ ਕੀਤਾ ਜਾਵੇਗਾ। ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ ਨਜ਼ਦੀਕ ਸ਼ੋਰ-ਸ਼ਰਾਬਾ ਤੇ ਹੁੱਲੜਬਾਜ਼ੀ ਨਹੀਂ ਕੀਤੀ ਜਾਵੇਗੀ। ਹੁਕਮਾਂ ਅਨੁਸਾਰ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ/ਕੋਰਡਲੈਸ ਫੋਨ ਵਾਇਰਲੈੱਸ ਮੈਟ/ਲਾਊਡ ਸਪੀਕਰ/ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਇਹ ਹੁਕਮ ਚੋਣ ਡਿਊਟੀ ‘ਤੇ ਤਾਇਨਾਤ ਹੋਏ ਆਬਜ਼ਰਵਰ, ਪ੍ਰਸ਼ਾਸਨਿਕ, ਪੁਲਿਸ ਅਧਿਕਾਰੀ, ਡਿਊਟੀ ‘ਤੇ ਤਾਇਨਾਤ ਸੁਰੱਖਿਆ ਕਰਮਚਾਰੀਆਂ, ਪੋਲਿੰਗ/ਕਾਊਟਿੰਗ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ‘ਤੇ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦਾ ਪੋਸਟਰ/ਬੈਨਰ ਨਹੀਂ ਲਗਾਇਆ ਜਾਵੇਗਾ। ਕੋਈ ਵੀ ਰਾਜਨੀਤਿਕ ਪਾਰਟੀ, ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ/ਟੈਂਟ ਨਹੀਂ ਲਗਾਏਗਾ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ, ਸਿਵਾਏ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ ਕਪੂਰਥਲਾ ਜਾਂ ਸਬੰਧਤ ਹਲਕੇ ਦੇ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀ ਕਿਸੇ ਵੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪ੍ਰਾਈਵੇਟ ਵਾਹਨ ਨਹੀਂ ਲਿਜਾਏਗਾ। ਸੀਨੀਅਰ ਪੁਲਿਸ ਕਪਤਾਨ ਕਪੂਰਥਲਾ ਅਤੇ ਸਮੂਹ ਉਪ ਮੰਡਲ ਮੈਜਿਸਟਰੇਟ ਜ਼ਿਲ੍ਹਾ ਕਪੂਰਥਲਾ ਵੱਲੋਂ ਉਕਤ ਹੁਕਮਾਂ ਦੀ ਪਾਲਣਾ ਕਰਵਾਏ ਜਾਣ ਨੂੰ ਯਕੀਨੀ ਬਣਾਇਆ ਜਾਵੇਗਾ।