ਆਖਰੀ ਦਿਨ 52 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
ਆਖਰੀ ਦਿਨ 52 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ
Publish Date: Thu, 04 Dec 2025 10:03 PM (IST)
Updated Date: Thu, 04 Dec 2025 10:05 PM (IST)

ਔਰਤਾਂ ਨੇ ਵੀ ਭਾਰੀ ਉਤਸ਼ਾਹ ਵਿਖਾਇਆ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿਚ ਬਲਾਕ ਸੰਮਤੀ ਚੋਣਾਂ ਦੇ ਆਖਰੀ ਦਿਨ ਵੀਰਵਾਰ ਨੂੰ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੁੱਲ 52 ਉਮੀਦਵਾਰਾਂ ਨੇ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ। ਇਨ੍ਹਾਂ ਵਿਚ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਦੇ ਆਜ਼ਾਦ ਧੜੇ ਦੇ ਉਮੀਦਵਾਰ ਅਤੇ ਕਵਰਿੰਗ ਉਮੀਦਵਾਰ ਸ਼ਾਮਲ ਸਨ। ਬੁੱਧਵਾਰ ਨੂੰ ਆਪ , ਕਾਂਗਰਸ ਅਤੇ ਅਕਾਲੀ ਦਲ ਸਮੇਤ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਕੁੱਲ 18 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਸੁਲਤਾਨਪੁਰ ਲੋਧੀ ਬਲਾਕ ਵਿਚ ਕੁੱਲ 70 ਉਮੀਦਵਾਰਾਂ ਨੇ ਬਲਾਕ ਸੰਮਤੀ ਚੋਣਾਂ ਲਈ ਸੁਲਤਾਨਪੁਰ ਲੋਧੀ ਐੱਸਡੀਐੱਮ ਅਲਕਾ ਕਾਲੀਆ ਨੂੰ ਆਪਣੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ। ਨਾਮਜ਼ਦਗੀ ਪ੍ਰਕਿਰਿਆ ਦੌਰਾਨ, ਏਐੱਸਪੀ ਧੀਰੇਂਦਰ ਵਰਮਾ (ਆਈਪੀਐੱਸ) ਤੇ ਐੱਸਐੱਚਓ ਇੰਸਪੈਕਟਰ ਸੋਨਮਦੀਪ ਕੌਰ ਦੀ ਅਗਵਾਈ ਹੇਠ ਸਬ-ਡਿਵੀਜ਼ਨ ਦਫ਼ਤਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਪੁਲਿਸ ਬਲਾਂ ਦੀ ਤਾਇਨਾਤੀ ਦੇ ਵਿਚਕਾਰ, ਉਮੀਦਵਾਰਾਂ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਨਾਮਜ਼ਦਗੀ ਪ੍ਰਕਿਰਿਆ ਸ਼ਾਂਤੀਪੂਰਵਕ ਪੂਰੀ ਕੀਤੀ। ਇਸ ਵਾਰ ਔਰਤਾਂ ਵੀ ਨਾਮਜ਼ਦਗੀਆਂ ਦਾਖਲ ਕਰਨ ਲਈ ਬਹੁਤ ਉਤਸ਼ਾਹਿਤ ਸਨ। ਮਹਿਲਾ ਉਮੀਦਵਾਰ ਸਵੇਰ ਤੋਂ ਦੁਪਹਿਰ 3 ਵਜੇ ਤੱਕ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਲਾਈਨ ਵਿਚ ਖੜ੍ਹੀਆਂ ਰਹੀਆਂ। ਇਸ ਮੌਕੇ ਸੁਲਤਾਨਪੁਰ ਲੋਧੀ ਸਬ-ਡਵੀਜ਼ਨ ਦੇ ਐੱਸਡੀਐੱਮ ਅਲਕਾ ਕਾਲੀਆ ਨੇ ਦੱਸਿਆ ਕਿ ਨਾਮਜ਼ਦਗੀਆਂ ਦੀ ਜਾਂਚ ਸ਼ੁੱਕਰਵਾਰ, 5 ਦਸੰਬਰ, 2025 ਨੂੰ ਹੋਵੇਗੀ, ਜਦੋਂ ਕਿ ਉਮੀਦਵਾਰ ਸ਼ਨੀਵਾਰ, 6 ਦਸੰਬਰ, 2025 ਨੂੰ ਦੁਪਹਿਰ 3:00 ਵਜੇ ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਬੈਲਟ ਪੇਪਰ ਵੋਟਿੰਗ ਐਤਵਾਰ, 14 ਦਸੰਬਰ, 2025 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਹੋਵੇਗੀ, ਜਦੋਂ ਕਿ ਗਿਣਤੀ ਬੁੱਧਵਾਰ 17 ਦਸੰਬਰ, 2025 ਨੂੰ ਨਿਰਧਾਰਤ ਗਿਣਤੀ ਕੇਂਦਰ ਤੇ ਹੋਵੇਗੀ। ਉਨ੍ਹਾਂ ਦੱਸਿਆ ਕਿ ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ। ਇਸ ਮੌਕੇ ਏਐੱਸਪੀ ਧੀਰੇਂਦਰ ਵਰਮਾ (ਆਈਪੀਐੱਸ) ਤੇ ਇੰਸਪੈਕਟਰ ਸੋਨਮਦੀਪ ਕੌਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਖੇਤਰ ਵਿਚ ਸੁਰੱਖਿਆ ਪ੍ਰਬੰਧਾਂ ਪ੍ਰਤੀ ਵਿਸ਼ੇਸ਼ ਚੌਕਸੀ ਰੱਖੀ ਜਾ ਰਹੀ ਹੈ। ਸਾਰੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਬੂਥਾਂ ਦੀ ਪਛਾਣ ਕੀਤੀ ਜਾਵੇਗੀ ਅਤੇ ਉੱਥੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਜਾਵੇਗੀ। ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਜਾਂ ਗੜਬੜ ਪੈਦਾ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।