6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ
Publish Date: Tue, 05 May 2026 07:41 PM (IST)
Updated Date: Tue, 05 May 2026 07:44 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਅੱਜ ਪੰਜਾਬ ਦੀਆਂ 6 ਪ੍ਰਮੁੱਖ ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਦੇ ਸੱਦੇ ’ਤੇ ਜ਼ਿਲ੍ਹਾ ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੂੰ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਇਕੱਠੇ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਡੀਟੀਐੱਫ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਸਰਵਣ ਸਿੰਘ ਔਜਲਾ, ਸੂਬਾ ਸੀਨੀਅਰ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰਧਾਨ ਚਰਨਜੀਤ ਸਿੰਘ, ਮਨਜੀਤ ਸਿੰਘ, 4161 ਯੂਨੀਅਨ ਹਰਪ੍ਰੀਤਪਾਲ ਸਿੰਘ, ਮਨਦੀਪ ਕੌਰ, ਨਰਿੰਦਰ ਪਰਾਸ਼ਰ, ਮਿੰਟਾ ਧੀਰ, ਦਲਜੀਤ ਸਿੰਘ ਧਾਲੀਵਾਲ, ਸੁਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਦੇ ਪੰਜ ਸਾਲ ਪੂਰੇ ਹੋਣ ਵਾਲੇ ਹਨ ਪਰ ਅਧਿਆਪਕਾਂ ਦੀਆਂ ਮੰਗਾਂ ਜਿਉ ਦੀਆਂ ਤਿਉ ਖੜ੍ਹੀਆਂ ਹਨ। ਇਸ ਮੌਕੇ ਡੀਟੀਐੱਫ ਪੰਜਾਬ ਤੇ 17-07-20 ਤੋਂ ਬਾਅਦ ਭਰਤੀ ਜਥੇਬੰਦੀਆਂ 3704, 2392, 6635, 4161 ਤੇ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ ਦੇ ਸਮੂਹ ਆਗੂਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਮੌਕੇ 6635 ਜਥੇਬੰਦੀ ਵੱਲੋਂ ਲਖਵਿੰਦਰ ਸਿੰਘ, ਨੈਬ ਸਿੰਘ, ਅੰਜੂ ਰਾਣੀ, ਡੋਲੀ, ਰਿੱਤੂ ਰਾਣੀ, ਬੇਅੰਤ ਕੌਰ ਆਦਿ ਨੇ ਆਪਣੀਆਂ ਮੰਗਾਂ ਜਿਵੇਂ ਕਿ ਪੰਜਾਬ ਦੇ ਪੇ ਸਕੇਲ ਬਹਾਲ ਕਰਨਾ, ਰੀਕਾਸਟ ਲਿਸਟਾਂ ਵਿਚੋਂ ਬਾਹਰ ਹੋਏ ਅਧਿਆਪਕਾਂ ਨੂੰ ਮੁੜ ਤੋਂ ਸ਼ਾਮਲ ਕਰਨਾ, ਬਦਲੀਆਂ ਦਾ ਪੋਰਟਲ ਤੁਰੰਤ ਖੋਲਣ, ਸਮਾਜਿਕ ਸਿੱਖਿਆ ਤੇ ਅੰਗਰੇਜ਼ੀ ਦੀਆਂ ਅਸਾਮੀਆਂ ਨੂੰ ਸਾਰੇ ਜ਼ਿਲ੍ਹਿਆਂ ਵਿਚ ਸਮਾਨ ਅਨੁਪਾਤ ਵਿਚ ਵੰਡਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ, ਬਾਰਡਰ ਏਰੀਆ ਭੱਤੇ, ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤੇ ਬਹਾਲ ਕਰਨ, ਡੀਏ ਦੀਆਂ ਕਿਸ਼ਤਾਂ ਤੁਰੰਤ ਜਾਰੀ ਕਰਨ, 1-1-2016 ਤੋਂ ਪੇ ਕਮਿਸ਼ਨ ਦਾ ਬਕਾਇਆ ਤੁਰੰਤ ਜਾਰੀ ਕਰਨ, ਮੈਰੀਟੋਰੀਅਸ, ਕੰਪਿਊਟਰ ਅਧਿਆਪਕਾਂ, ਕੱਚੇ ਅਧਿਆਪਕਾਂ ਤੇ ਐੱਨਐੱਸਕਿਉਐੱਫ ਅਧਿਆਪਕਾਂ ਨੂੰ ਰੈਗੂਲਰ ਕਰਕੇ ਸਿੱਖਿਆ ਵਿਭਾਗ ਵਿਚ ਮਰਜ ਕਰਨ ਆਦਿ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ। ਮੰਗਾਂ ਦਾ ਹੱਲ ਕਰਵਾਉਣ ਲਈ ਸੰਘਰਸ਼ ਦੀ ਅਗਲੀ ਰਣਨੀਤੀ ਤੇ ਵਿਚਾਰ-ਚਰਚਾ ਵੀ ਕੀਤੀ ਗਈ। ਇਸ ਮੌਕੇ ਅਧਿਆਪਕ ਆਗੂਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਆਪਣੇ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਪੇ ਸਕੇਲ ਲਾਗੂ ਕਰਨ ਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਮੁੱਖ ਮੁੱਦੇ ਵਜੋਂ ਲੈ ਕੇ ਆਈ ਸੀ, ਜਿਸ ਕਰਕੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਵੱਲੋਂ ਇਨ੍ਹਾਂ ਨੂੰ ਭਰਵੀਂ ਹਮਾਇਤ ਦੇ ਕੇ ਵੋਟਾਂ ਵਿਚ ਜਿੱਤ ਹਾਸਲ ਕਰਵਾਈ ਸੀ, ਪਰ ਸਰਕਾਰ ਵੱਲੋਂ ਲਗਪਗ ਚਾਰ ਸਾਲ ਤੋਂ ਉੱਪਰ ਦਾ ਸਮਾਂ ਬੀਤ ਜਾਣ ਤੋਂ ਬਾਅਦ ਵੀ ਕੀਤੇ ਗਏ ਚੋਣ ਵਾਅਦੇ ਪੂਰੇ ਨਹੀਂ ਕੀਤੇ ਗਏ ਤੇ ਸੁਪਰੀਮ ਕੋਰਟ ਤੋਂ ਪੰਜਾਬ ਦਾ ਪੇ ਸਕੇਲ ਬਹਾਲ ਹੋਣ ਉਪਰੰਤ ਵੀ ਪੂਰਨ ਤੌਰ ’ਤੇ ਅਧਿਆਪਕਾਂ ਉੱਪਰ ਪੰਜਾਬ ਦੇ ਸਕੇਲ ਲਾਗੂ ਕਰਨ ਸਬੰਧੀ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਅਧਿਆਪਕ ਆਗੂਆਂ ਨੇ ਦੱਸਿਆ ਕਿ ਆਉਣ ਵਾਲੇ ਕੁਝ ਸਮੇਂ ਵਿਚ ਹੀ ਵਿਧਾਨ ਸਭਾ ਚੋਣਾਂ ਦਾ ਐਲਾਨ ਹੋ ਜਾਵੇਗਾ ਤੇ ਮੁਲਾਜ਼ਮਾਂ ਪ੍ਰਤੀ ਮਾਰੂ ਨੀਤੀਆਂ ਅਪਣਾਉਣ ਵਾਲੀ ਸਰਕਾਰ ਦਾ ਪੂਰਨ ਤੌਰ ’ਤੇ ਬਾਈਕਾਟ ਕੀਤਾ ਜਾਵੇਗਾ। ਆਗੂਆਂ ਨੇ ਦੱਸਿਆ ਕਿ 11 ਮਈ ਨੂੰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਡੀਪੀਆਈ ਦਫਤਰ ਮੋਹਾਲੀ ਵਿਖੇ ਅਧਿਆਪਕਾਂ ਦਾ ਇਕ ਮਾਸ ਡੈਪੁਟੇਸ਼ਨ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੇਵੇਗਾ। ਇਸ ਮੌਕੇ ਆਗੂਆਂ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਹੀਂ ਹੁੰਦਾ ਤਾਂ ਆਉਣ ਵਾਲੇ ਦਿਨਾਂ ਵਿਚ ਇਕਜੁੱਟ ਹੋ ਕੇ ਸਰਕਾਰ ਦਾ ਲਗਾਤਾਰ ਵਿਰੋਧ ਕੀਤਾ ਜਾਵੇਗਾ।