ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ’ਚ ਸੁੰਦਰ ਲਿਖਾਈ ਦੇ ਮੁਕਾਬਲੇ 10 ਨੂੰ
ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਸੁੰਦਰ ਲਿਖਾਈ ਦੇ ਮੁਕਾਬਲੇ 10 ਨੂੰ
Publish Date: Tue, 07 Apr 2026 10:52 PM (IST)
Updated Date: Tue, 07 Apr 2026 10:56 PM (IST)

ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਵਿਦਿਆਰਥੀਆਂ ਵਿਚ ਕਲਾਤਮਿਕ ਰੁਚੀਆਂ ਪੈਦਾ ਕਰਨ ਲਈ ਸਰਕਾਰੀ ਐਲੀਮੈਂਟਰੀ ਸਕੂਲ ਬਾਜਾ ਵਿਖੇ ਪਹਿਲੀ ਵਾਰ ਸੁੰਦਰ ਲਿਖਾਈ ਦੇ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਬਜਾਜ ਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਬਲਵਿੰਦਰ ਸਿੰਘ ਬੱਟੂ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ, ਜਿਸ ਵਿਚ ਜ਼ਿਲੇ ਦੇ ਵੱਖ ਵੱਖ ਸਕੂਲਾਂ ਦੇ ਵਿਦਿਆਰਥੀ ਤੇ ਅਧਿਆਪਕ ਭਾਗ ਲੈਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਘੇ ਕੈਲੀਗਰਾਫਰ ਅਧਿਆਪਕ ਕੰਵਰਦੀਪ ਸਿੰਘ ਕੇਡੀ ਤੇ ਪਰਮਿੰਦਰ ਸਿੰਘ ਸੈਦਪੁਰ ਨੇ ਦੱਸਿਆ ਕਿ ਸੁਲਤਾਨਪੁਰ ਲੋਧੀ ਤੇ ਮਸੀਤਾਂ ਬਲਾਕ ਦੇ ਅਧਿਆਪਕਾਂ ਤੇ ਪ੍ਰਵਾਸੀ ਪੰਜਾਬੀਆਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਵਿੱਦਿਅਕ ਮੁਕਾਬਲਿਆਂ ਵਿਚ ਕਲਮ ਤੇ ਜੈੱਲ ਪੈਨ ਨਾਲ਼ ਪੰਜਾਬੀ ਤੇ ਅੰਗਰੇਜ਼ੀ ਭਾਸ਼ਾ ਵਿਚ ਸੁੰਦਰ ਲਿਖਤਾਂ ਕਰਵਾਈਆਂ ਜਾਣਗੀਆਂ। ਜੇਤੂ ਵਿਦਿਆਰਥੀਆਂ ਨੂੰ ਆਕਰਸ਼ਿਤ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਅਧਿਆਪਕਾਂ ਦੇ ਵੀ ਸੁੰਦਰ ਲਿਖਤਾਂ ਦੇ ਮੁਕਾਬਲੇ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਵਿਚ ਸੁੰਦਰ ਲਿਖਤਾਂ ਲਿਖਣ ਦੀ ਕਲਾ ਬਹੁਤ ਘੱਟ ਹੋ ਰਹੀ ਹੈ ਤੇ ਉਨ੍ਹਾਂ ਵਿਚ ਸੁੰਦਰ ਲਿਖਤਾਂ ਪ੍ਰਤੀ ਉਤਸ਼ਾਹ ਪੈਦਾ ਕਰਨ ਲਈ ਇਹ ਉੱਦਮ ਕੀਤਾ ਜਾ ਰਿਹਾ ਹੈ। ਇਸ ਮੌਕੇ ਉੱਘੇ ਆਰਟਿਸਟ ਇੰਦਰਜੀਤ ਸਿੰਘ ਜਲੰਧਰ ਵੀ ਪਹੁੰਚ ਰਹੇ ਹਨ ਤੇ ਉਹ ਆਪਣੇ ਤਜ਼ਰਬੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ਼ ਸਾਂਝੇ ਕਰਨਗੇ।