ਧੂਮਧਾਮ ਨਾਲ ਮਨਾਇਆ ਸ਼੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ
ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਵਿਖੇ ਪ੍ਰਕਾਸ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ
Publish Date: Sun, 01 Feb 2026 09:50 PM (IST)
Updated Date: Sun, 01 Feb 2026 09:52 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸਮਾਗਮ ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਚੱਕ ਹਕੀਮ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਗਿਆ। ਸ੍ਰੀ ਅਖੰਡ ਜਾਪ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ ਤੇ ਨਿਸ਼ਾਨ ਸਾਹਿਬ ਨੂੰ ਚੋਲਾ ਪਹਿਨਾਉਣ ਦੀ ਰਸਮ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਅਦਾ ਕੀਤੀ ਗਈ। ਉਪਰੰਤ ਪ੍ਰਸਿੱਧ ਮਿਸ਼ਨਰੀ ਕਲਾਕਾਰਾਂ ਵੱਲੋਂ ਸ਼੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜੀ ਦੀ ਮਹਿਮਾ ਦਾ ਬਖਾਨ ਕੀਤਾ ਗਿਆ। ਇਸ ਮੌਕੇ ਸਾਬਕਾ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਭਾਜਪਾ ਆਗੂ ਆਸ਼ੂ ਸਾਂਪਲਾ, ਨਗਰ ਸੁਧਾਰ ਟਰਸਟ ਫਗਵਾੜਾ ਦੇ ਚੇਅਰਮੈਨ ਜਰਨੈਲ ਨੰਗਲ, ਆਮ ਆਦਮੀ ਪਾਰਟੀ ਹਲਕਾ ਇੰਚਾਰਜ ਹਰਜੀ ਮਾਨ, ਇੰਦਰ ਸਕੈਨ ਫਗਵਾੜਾ ਦੇ ਡਾ. ਇੰਦਰਜੀਤ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਸਮਾਗਮ ਵਿਚ ਨਤਮਸਤਕ ਹੋਈਆਂ। ਸ਼੍ਰੋਮਣੀ ਸ਼੍ਰੀ ਗੁਰੂ ਰਵਿਦਾਸ ਮੰਦਰ ਦੇ ਪ੍ਰਧਾਨ ਦਵਿੰਦਰ ਕੁਲਥਮ, ਜਨਰਲ ਸਕੱਤਰ ਬਲਦੇਵ ਰਾਜ ਕੋਮਲ, ਸਕੱਤਰ ਅਸ਼ੋਕ ਭਾਟੀਆ, ਪ੍ਰਚਾਰ ਸਕੱਤਰ ਸੀਟੂ ਬਾਈ, ਯਸ਼ ਵਰਨਾ, ਗੁਰਦਿਆਲ ਸੋਢੀ ਵੱਲੋਂ ਆਈਆਂ ਹੋਈਆਂ ਸਿਆਸੀ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਨਾਲ ਨਿਵਾਜਿਆ ਗਿਆ। ਉਪਰੰਤ ਪ੍ਰਧਾਨ ਦਵਿੰਦਰ ਕੁਲਥਮ ਨੇ ਸਮਾਗਮ ਨੂੰ ਸਫਲ ਕਰਨ ਲਈ ਸਮੂਹ ਸਾਧ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ।