ਜਨਤਾ ’ਚ ਭਰੋਸਾ ਗੁਆ ਚੁੱਕੀ ਹੈ ਆਪ : ਬਿੱਟੂ
ਜਨਤਾ ਵਿੱਚ ਭਰੋਸੇਯੋਗਤਾ ਗੁਆ ਚੁੱਕੀ ਹੈ ਆਮ ਆਦਮੀ ਪਾਰਟੀ - ਸ. ਕਰਮਜੀਤ ਸਿੰਘ ਬਿੱਟੂ
Publish Date: Mon, 27 Apr 2026 07:24 PM (IST)
Updated Date: Mon, 27 Apr 2026 07:28 PM (IST)

ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਕਾਂਗਰਸ ਪਾਰਟੀ ਦੇ ਜ਼ਿਲ੍ਹਾ ਕਪੂਰਥਲਾ ਜਨਰਲ ਸਕੱਤਰ ਕਰਮਜੀਤ ਸਿੰਘ ਬਿੱਟੂ ਨੇ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਵੱਲੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਉਂਦੇ ਹੋਏ ਭਾਜਪਾ ਵਿਚ ਸ਼ਾਮਲ ਹੋ ਜਾਣ ਨੂੰ ਲੈ ਕੇ ਅੱਜ ਟਿੱਪਣੀ ਕਰਦਿਆਂ ਕਿਹਾ ਕਿ ਭਾਜਪਾ ਵੱਲੋਂ ਕੇਂਦਰੀ ਏਜੰਸੀਆਂ ਈਡੀ ਤੇ ਸੀਬੀਆਈ ਦਾ ਡਰ ਦਿਖਾ ਕੇ ਚਲਾਏ ਜਾ ਰਹੇ ਆਪ੍ਰੇਸ਼ਨ ਲੋਟਸ ਤੋਂ ਤਾਂ ਸਾਰਾ ਦੇਸ਼ ਪਹਿਲਾਂ ਹੀ ਵਾਕਿਫ ਹੈ ਪਰ ਵੱਡਾ ਸਵਾਲ ਇਹ ਵੀ ਹੈ ਕਿ 10 ਵਿਚੋਂ 7 ਰਾਜਸਭਾ ਮੈਂਬਰਾਂ ਦਾ ਅਚਾਨਕ ਇਹ ਕਹਿ ਕਿ ਚਲੇ ਜਾਣਾ ਕਿ ਪਾਰਟੀ ਆਪਣੇ ਮੂਲ ਸਿਧਾਂਤਾਂ ਤੋਂ ਪਿੱਛੇ ਹਟ ਚੁੱਕੀ ਹੈ, ਹੈਰਾਨ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਅੰਦਰੋਂ ਹੀ ਫਾਉਂਡਰ ਸਾਥੀਆਂ ਨੇ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਉੱਪਰ ਗੰਭੀਰ ਦੋਸ਼ ਲਗਾਏ ਹਨ। ਇਸ ਲਈ ਸਪਸ਼ਟ ਹੈ ਕਿ ਕਾਂਗਰਸ ਪਾਰਟੀ ਕੇਜਰੀਵਾਲ ਤੇ ਭਗਵੰਤ ਮਾਨ ਬਾਰੇ ਜੋ ਪਹਿਲਾਂ ਦਿੱਲੀ ਤੇ ਹੁਣ ਪੰਜਾਬ ਦੀ ਜਨਤਾ ਨੂੰ ਠੱਗਣ ਦਾ ਦੋਸ਼ ਲਗਾਉਂਦੀ ਰਹੀ ਹੈ, ਉਹ ਸੋਲਾਂ ਆਨੇ ਸੱਚ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੂਨੀ ਖਲਲ ਤੇ ਗੁੱਟਬਾਜ਼ੀ ਦਾ ਸ਼ਿਕਾਰ ਹੋ ਚੁੱਕੀ ਹੈ ਤੇ ਇਸ ਦੀ ਲੀਡਰਸ਼ਿਪ ਆਪਣਾ ਭਰੋਸਾ ਗੁਆ ਬੈਠੀ ਹੈ। ਬਿੱਟੂ ਨੇ ਕਿਹਾ ਕਿ ਜੇ ਪਾਰਟੀ ਦੇ ਆਪਣੇ ਹੀ ਚੁਣੇ ਹੋਏ ਸੰਸਦ ਮੈਂਬਰ ਇਸ ਤਰ੍ਹਾਂ ਦੇ ਗੰਭੀਰ ਦੋਸ਼ ਲਗਾ ਕੇ ਪਾਰਟੀ ਛੱਡ ਰਹੇ ਹਨ ਤਾਂ ਇਸ ਤੋਂ ਸਪਸ਼ਟ ਹੋ ਜਾਂਦਾ ਹੈ ਕਿ ਪਾਰਟੀ ਦੇ ਅੰਦਰ ਸਭ ਕੁਝ ਠੀਕ ਨਹੀਂ ਚੱਲ ਰਿਹਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਹੁਣ ਸੱਚਾਈ ਨੂੰ ਸਮਝ ਚੁੱਕੀ ਹੈ ਤੇ ਆਉਣ ਵਾਲੇ ਸਮੇਂ ਵਿਚ ਲੋਕ ਆਮ ਆਦਮੀ ਪਾਰਟੀ ਨੂੰ ਇਸ ਦੇ ਝੂਠੇ ਵਾਅਦਿਆਂ ਤੇ ਗਲਤ ਨੀਤੀਆਂ ਲਈ ਜਵਾਬ ਦੇਣਗੇ। ਬਿੱਟੂ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਹਮੇਸ਼ਾਂ ਲੋਕਾਂ ਦੇ ਹੱਕਾਂ ਤੇ ਪੰਜਾਬ ਦੇ ਵਿਕਾਸ ਲਈ ਵਚਨਬੱਧ ਰਹੀ ਹੈ ਤੇ ਅੱਗੇ ਵੀ ਇਸੇ ਤਰ੍ਹਾਂ ਲੋਕਾਂ ਦੀ ਆਵਾਜ਼ ਬਣੀ ਰਹੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਤੇ ਨੌਜਵਾਨਾਂ ਦੇ ਭਵਿੱਖ ਲਈ ਮਜ਼ਬੂਤ ਤੇ ਤਜਰਬੇਕਾਰ ਲੀਡਰਸ਼ਿਪ ਦੀ ਲੋੜ ਹੈ, ਜੋ ਸਿਰਫ਼ ਕਾਂਗਰਸ ਪਾਰਟੀ ਹੀ ਦੇ ਸਕਦੀ ਹੈ।