ਐਡਵੋਕੇਟ ਚੰਦੀ ਨੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਆਪ ਹਲਕਾ ਇੰਚਾਰਜ ਐਡਵੋਕੇਟ ਚੰਦੀ ਦੇ ਵੱਲੋਂ ਹਲਕੇ ਦੇ ਵੱਖ ਵੱਖ ਵਾਰਡਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Publish Date: Tue, 12 May 2026 08:14 PM (IST)
Updated Date: Tue, 12 May 2026 08:15 PM (IST)

ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਕਪੂਰਥਲਾ ਦੇ ਵੱਖ-ਵੱਖ ਵਾਰਡਾਂ ਵਿਖੇ ਕਪੂਰਥਲਾ ਵਾਸੀਆਂ ਦੀਆਂ ਚਿਰਾਂ ਤੋਂ ਚੱਲ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਆਮ ਆਦਮੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸ ਕੜੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖੇਤਰ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਵੱਲੋਂ ਹਲਕੇ ਦੇ ਵਾਰਡ ਨੰਬਰ 7 ਅਜੀਤ ਐਵੇਨਿਊ ਦੀਆਂ ਗਲੀਆਂ ਦੀ ਕਾਇਆਕਲਪ ਲਈ 10 ਲੱਖ ਦੀ ਲਾਗਤ ਨਾਲ ਹੋਣ ਵਾਲੇ ਕਲਵਿਕਸ ਕਾਰਜਾਂ, ਵਾਰਡ ਨੰਬਰ 11 ਤਰਲੋਕਪੁਰਾ ’ਚ ਪੀਣ ਵਾਲੇ ਪਾਣੀ, ਸੀਵਰੇਜ, ਗਲੀਆਂ, ਨਾਲੀਆਂ ਦੇ 32 ਲੱਖ ਦੀ ਲਾਗਤ ਦੇ ਕੰਮ ਤੇ ਵਾਰਡ ਨੰਬਰ 15 ਦੀਆਂ ਗਲੀਆਂ ਤੇ 41.55 ਲੱਖ ਰਕਮ ਦੀ ਲਾਗਤ ਨਾਲ ਸੀਵਰੇਜ ਬਣਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਡਵੋਕੇਟ ਚੰਦੀ ਨੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਦਾ ਮੁੱਖ ਉਦੇਸ਼ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਬੁਨਿਆਦੀ ਸਹੂਲਤਾਂ ਵਿਚ ਸੁਧਾਰ ਕਰਨਾ ਹੈ, ਜਿਸ ਵਿਚ ਗਲੀਆਂ, ਪਾਰਕਾਂ ਤੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਰਾਹੀਂ ਰਾਜ ਦੇ ਵਿਕਾਸ ਤੇ ਤਰੱਕੀ ਲਈ ਵਚਨਬੱਧਤਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ, ਜਿਸ ਤਹਿਤ ਕਰੋੜਾਂ ਦੀਆਂ ਗ੍ਰਾਂਟਾ ਜਾਰੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵਿਕਾਸ ਪ੍ਰੋਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰ ਲਿਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੌਰਾਨ ਗੁਣਵੱਤਾ ਦਾ ਖ਼ਾਸ ਖ਼ਿਆਲ ਰੱਖਿਆ ਜਾਵੇ।