ਆਪ ਦੀਆਂ ਨੀਤੀਆਂ ਤੋਂ ਲੋਕ ਪਰੇਸ਼ਾਨ : ਠੇਕੇਦਾਰ
ਆਪ ਦੀ ਅਸਲੀਅਤ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਈ ਹੈ-ਠੇਕੇਦਾਰ
Publish Date: Fri, 15 May 2026 06:38 PM (IST)
Updated Date: Fri, 15 May 2026 06:39 PM (IST)

ਪੰਜਾਬੀ ਜਾਗਰਣ ਪ੍ਰਤੀਨਿਧ, ਫਗਵਾੜਾ ਸ਼੍ਰੋਮਣੀ ਅਕਾਲੀ ਦਲ ਦੇ ਐਸਸੀ ਵਿੰਗ ਦੇ ਸੂਬਾਈ ਉਪ ਪ੍ਰਧਾਨ ਬਲਜਿੰਦਰ ਸਿੰਘ ਠੇਕੇਦਾਰ ਨੇ ਸੱਤਾਧਾਰੀ ਪਾਰਟੀ ਨਾਲ ਜੁੜੇ ਲੋਕਾਂ ਦੇ ਟਿਕਾਣਿਆਂ ਤੇ ਈਡੀ ਦੇ ਛਾਪਿਆਂ ਅਤੇ ਚੱਲ ਰਹੀਆਂ ਕਾਨੂੰਨ ਵਿਵਸਥਾ ਦੀਆਂ ਘਟਨਾਵਾਂ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਪੂਰੀ ਤਰ੍ਹਾਂ ਇਮਾਨਦਾਰ ਹੋਣ ਦਾ ਦਾਅਵਾ ਕਰਨ ਵਾਲੀ ਆਪ ਸਰਕਾਰ ਦਾ ਅਸਲ ਰੂਪ ਹੁਣ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਹੋ ਗਿਆ ਹੈ ਅਤੇ ਉਹ ਸਮਝ ਗਏ ਹਨ ਕਿ ਉਨ੍ਹਾਂ ਨੇ ਬਦਲਾਅ ਦੇ ਨਾਮ ਤੇ ਪੰਜਾਬ ਨਾਲ ਕੀ ਕੀਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਛਾਪਿਆਂ ਦੌਰਾਨ ਸਾਹਮਣੇ ਆਈਆਂ ਮਨੀ ਲਾਂਡਰਿੰਗ ਨਾਲ ਸਬੰਧਤ ਤਸਵੀਰਾਂ ਅਤੇ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਵਿਚ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਸਿਰਫ਼ ਇੱਕ ਸਿਆਸੀ ਚਾਲ ਸਨ। ਉਨ੍ਹਾਂ ਕਿਹਾ ਕਿ ਜੇਕਰ ਇਸ ਮਾਮਲੇ ਦੀ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕੀਤੀ ਜਾਵੇ ਤਾਂ ਕਈ ਲੁਕਵੇਂ ਚਿਹਰੇ ਬੇਨਕਾਬ ਹੋ ਸਕਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਦੀ ਆਰਥਿਕ ਹਾਲਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ,ਜਦੋਂ ਕਿ ਅਮੀਰ ਲੋਕ ਆਪਣੀਆਂ ਜੇਬਾਂ ਭਰਨ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਵੀ ਬੇਹੱਦ ਚਿੰਤਾਜਨਕ ਹੋ ਗਈ ਹੈ। ਜਲੰਧਰ ਅਤੇ ਅੰਮ੍ਰਿਤਸਰ ਵਿਚ ਹੋਏ ਬੰਬ ਧਮਾਕਿਆਂ ਦਾ ਜ਼ਿਕਰ ਕਰਦਿਆਂ ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੇ ਵੱਖ-ਵੱਖ ਬਿਆਨਾਂ ਨੇ ਸਰਕਾਰ ਦੇ ਕੰਮਕਾਜ ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਜਾਣਨਾ ਚਾਹੁੰਦੇ ਹਨ ਕਿ ਸੱਚ ਕੌਣ ਬੋਲ ਰਿਹਾ ਹੈ ਅਤੇ ਸੂਬੇ ਦੀ ਸੁਰੱਖਿਆ ਪ੍ਰਤੀ ਸਰਕਾਰ ਦਾ ਅਸਲ ਸਟੈਂਡ ਕੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇਸ ਸਮੇਂ ਨਸ਼ੇ, ਬੇਰੁਜ਼ਗਾਰੀ, ਗੁੰਡਾਗਰਦੀ ਅਤੇ ਧਮਾਕਿਆਂ ਵਰਗੀਆਂ ਘਟਨਾਵਾਂ ਨਾਲ ਜੂਝ ਰਿਹਾ ਹੈ,ਪਰ ਸਰਕਾਰ ਇਸ਼ਤਿਹਾਰਬਾਜ਼ੀ ਅਤੇ ਰਾਜਨੀਤਿਕ ਪ੍ਰਚਾਰ ਵਿਚ ਰੁੱਝੀ ਹੋਈ ਹੈ।ਉਨ੍ਹਾਂ ਕਿਹਾ ਕਿ ਜਨਤਾ ਸਭ ਕੁਝ ਦੇਖ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਲੋਕ ਇਸ ਸਰਕਾਰ ਨੂੰ ਉਸਦੇ ਵਾਅਦਿਆਂ ਅਤੇ ਅਸਫਲਤਾਵਾਂ ਲਈ ਢੁਕਵਾਂ ਜਵਾਬ ਦੇਣਗੇ। ਠੇਕੇਦਾਰ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਰਾਜਨੀਤਕ ਸਥਿਤੀ ਬਹੁਤ ਚਿੰਤਾਜਨਕ ਹੋ ਗਈ ਹੈ ਅਤੇ ਰਾਜ ਦੇ ਲੋਕ ਆਮ ਆਦਮੀ ਪਾਰਟੀ ਸਰਕਾਰ ਦੀਆਂ ਅਸਫਲ ਨੀਤੀਆਂ ਤੋਂ ਪੂਰੀ ਤਰ੍ਹਾਂ ਨਿਰਾਸ਼ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਦੂਰਦਰਸ਼ੀ ਅਤੇ ਤਜਰਬੇਕਾਰ ਅਗਵਾਈ ਹੇਠ,ਸ਼੍ਰੋਮਣੀ ਅਕਾਲੀ ਦਲ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਵਾਪਸ ਆਵੇਗਾ।ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਆਪ ਨੂੰ ਝੂਠੇ ਵਾਅਦਿਆਂ, ਐਲਾਨਾਂ ਅਤੇ ਪ੍ਰਚਾਰ ਤੱਕ ਸੀਮਤ ਕਰ ਦਿੱਤਾ ਹੈ। ਇਹ ਪੰਜਾਬ ਦੇ ਵਿਕਾਸ ਦੀ ਪ੍ਰੀਖਿਆ ਵਿੱਚ ਬੁਰੀ ਤਰ੍ਹਾਂ ਅਸਫਲ ਰਿਹਾ ਹੈ,ਜਿਸ ਨਾਲ ਸੂਬੇ ਨੂੰ ਪਿੱਛੇ ਧੱਕਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਸ਼ਾਸਨ ਦੌਰਾਨ ਬਣਾਇਆ ਗਿਆ ਮਜ਼ਬੂਤ ਬੁਨਿਆਦੀ ਢਾਂਚਾ,ਜਿਸ ਵਿੱਚ ਚੌੜੀਆਂ ਸੜਕਾਂ, ਆਧੁਨਿਕ ਫਲਾਈਓਵਰ,ਅੰਤਰਰਾਸ਼ਟਰੀ ਹਵਾਈ ਅੱਡਾ,ਉੱਚ-ਦਰਜੇ ਦੇ ਹਸਪਤਾਲ ਅਤੇ ਵੱਕਾਰੀ ਵਿਿਦਅਕ ਸੰਸਥਾਵਾਂ ਸ਼ਾਮਲ ਹਨ ਅਜੇ ਵੀ ਪੰਜਾਬ ਦੀ ਤਰੱਕੀ ਦੀ ਨੀਂਹ ਹਨ।ਠੇਕੇਦਾਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਅਰਾਜਕਤਾ,ਗੈਂਗਸਟਰਵਾਦ ਅਤੇ ਅਪਰਾਧਿਕ ਮਾਮਲੇ ਲਗਾਤਾਰ ਵਧ ਰਹੇ ਹਨ। ਕਾਨੂੰਨ ਵਿਵਸਥਾ ਦੀ ਸਥਿਤੀ ਵਿਗੜ ਗਈ ਹੈ ਅਤੇ ਲੋਕ ਡਰ ਅਤੇ ਅਸੁਰੱਖਿਆ ਦੇ ਮਾਹੌਲ ਵਿੱਚ ਰਹਿਣ ਲਈ ਮਜਬੂਰ ਹਨ।