ਇੰਤਕਾਲ ਦੇ ਪੈਂਡਿੰਗ ਮਾਮਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣ : ਏਡੀਸੀ
ਏਡੀਸੀ ਵਲੋਂ ਇੰਤਕਾਲ ਦੇ ਲੰਬਿਤ ਮਾਮਲਿਆਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਨਿਰਦੇਸ਼
Publish Date: Fri, 24 Apr 2026 07:48 PM (IST)
Updated Date: Fri, 24 Apr 2026 07:52 PM (IST)
- ਸਮੂਹ ਐੱਸਡੀਐੱਮਜ਼ ਤੇ ਤਹਿਸੀਲਦਾਰਾਂ ਨਾਲ ਮੀਟਿੰਗ ਕਰ ਕੇ ਲੋਕ ਭਲਾਈ ਸਕੀਮਾਂ ਦਾ ਲਿਆ ਜਾਇਜ਼ਾ
ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ
ਕਪੂਰਥਲਾ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸਕੱਤਰ ਸਿੰਘ ਬੱਲ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਐਸ.ਡੀ.ਐਮਜ਼ ਤੇ ਤਹਿਸੀਲਦਾਰਾਂ ਦੇ ਨਾਲ ਮੀਟਿੰਗ ਕਰ ਕੇ ਸਰਕਾਰੀ ਯੋਜਨਾਵਾਂ ਅਤੇ ਪ੍ਰਸ਼ਾਸਨਿਕ ਕੰਮਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਪੱਸ਼ਟ ਕੀਤਾ ਕਿ ਲੋਕ ਹਿੱਤਾਂ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਨੇ ਇੰਤਕਾਲ ਨਾਲ ਸਬੰਧਿਤ ਪੈਂਡਿੰਗ ਮਾਮਲਿਆਂ ਨੂੰ ਤਰਜੀਹ ਦੇ ਆਧਾਰ ’ਤੇ ਨਿਪਟਾਉਣ ਅਤੇ ‘ਸਵੈ-ਮਿੱਤਵਾ ਯੋਜਨਾ ਸਕੀਮ’ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਜਿਹੜੇ ਲਾਲ ਲਕੀਰ ਦੇ ਅੰਦਰ ਹਨ, ਉਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਉਨ੍ਹਾਂ ਦੀਆਂ ਜਾਇਦਾਦਾਂ ਦੇ ਮਾਲਕਾਨਾ ਹੱਕ ਜਲਦੀ ਤੋਂ ਜਲਦੀ ਮਿਲ ਸਕਣ। ਇਸ ਤੋਂ ਇਲਾਵਾ ਪੰਚਾਇਤ ਵਿਭਾਗ ਨਾਲ ਸਬੰਧਿਤ ਦਖਲ ਵਾਰੰਟਾਂ ਦੇ ਮਾਮਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਕਾਨੂੰਨੀ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਕਿਹਾ। ਵਧੀਕ ਡਿਪਟੀ ਕਮਿਸ਼ਨਰ ਨੇ ਖ਼ਰਾਬੇ ਦੀ ਵੰਡ ਅਤੇ ਮੁਆਵਜ਼ੇ ਸਬੰਧੀ ਪ੍ਰਕਿਰਿਆ ਨੂੰ ਵਧੇਰੇ ਸੁਚਾਰੂ ਬਣਾਉਣ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਅਧਿਕਾਰੀ ਘੱਟੋ-ਘੱਟ ਇੱਕ ਪਿੰਡ ਦੀ ਏਪੀਆਰ ਜਾਂ ਅਸੈੱਸਮੈਂਟ ਰਜਿਸਟਰ ਨਾਲ ਲੈ ਕੇ ਆਉਣ ਤਾਂ ਜੋ ਅਸਲ ਸਥਿਤੀ ਦਾ ਪਤਾ ਲੱਗ ਸਕੇ। ਉਨ੍ਹਾਂ ਇਹ ਵੀ ਨਿਰਦੇਸ਼ ਦਿੱਤੇ ਕਿ ਪਿੰਡ ਵਾਰ ਲਾਭਪਾਤਰੀਆਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਇਹ ਦੱਸਿਆ ਜਾਵੇ ਕਿ ਕਿੰਨੇ ਲੋਕਾਂ ਨੂੰ ਮੁਆਵਜ਼ਾ ਦਿੱਤਾ ਜਾ ਚੁੱਕਾ ਹੈ। ਮੀਟਿੰਗ ਦੌਰਾਨ ਵਿਕਾਸ ਕਾਰਜਾਂ ਲਈ ਜਾਰੀ ਫੰਡਾਂ ਦੇ ਵਰਤੋਂ ਸਰਟੀਫਿਕੇਟ ਜਲਦ ਜਮ੍ਹਾਂ ਕਰਵਾਉਣ, ਤਤੀਮਾ ਇਨਕੋਰਪੋਰੇਸ਼ਨ ਅਤੇ ਜਮਾਂਬੰਦੀਆਂ ਦੇ ਰਿਕਾਰਡ ਨੂੰ ਅਪਡੇਟ ਕਰਨ ਲਈ ਵੀ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਉਹ ਆਪਣੇ ਅਧੀਨ ਆਉਂਦੇ ਕੰਮਾਂ ਨੂੰ ਨਿਰਧਾਰਿਤ ਸਮੇਂ ਅੰਦਰ ਪੂਰਾ ਕਰਨ ਤਾਂ ਜੋ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਸਕੇ।