ਨਸ਼ਾ ਤਸਕਰ ਦੀ ਨਾਜਾਇਜ਼ ਉਸਾਰੀ ‘ਤੇ ਚੱਲਿਆ ਪੀਲਾ ਪੰਜਾ
ਨਸ਼ਾ ਤਸਕਰ ਵਲੋਂ ਪੰਚਾਇਤੀ ਜ਼ਮੀਨ ‘ਤੇ ਕੀਤੀ ਨਾਜਾਇਜ਼ ਉਸਾਰੀ ‘ਤੇ ਪ੍ਰਸ਼ਾਸਨ ਨੇ ਕੀਤੀ ਕਾਰਵਾਈ
Publish Date: Tue, 30 Dec 2025 09:03 PM (IST)
Updated Date: Tue, 30 Dec 2025 09:05 PM (IST)
- ਪੰਚਾਇਤੀ ਜ਼ਮੀਨ ‘ਤੇ ਕੀਤੇ ਕਬਜ਼ੇ ’ਤੇ ਪ੍ਰਸ਼ਾਸਨ ਨੇ ਕੀਤੀ ਕਾਰਵਾਈ
-ਨਾਜਾਇਜ਼ ਕਾਬਜ਼ਕਾਰ ਵਿਰੁੱਧ ਨਸ਼ਾ ਤਸਕਰੀ ਦੇ ਦਰਜ ਹਨ 7 ਮਾਮਲੇ
ਲਖਵੀਰ ਸਿੰਘ ਲੱਖੀ\ਕੁਲਬੀਰ ਸਿੰਘ ਮਿੰਟੂ, ਪੰਜਾਬੀ ਜਾਗਰਣ
ਸੁਲਤਾਨਪੁਰ ਲੋਧੀ : ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਵਿਰੁੱਧ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਅੱਜ ਥਾਣਾ ਸੁਲਤਾਨਪੁਰ ਲੋਧੀ ਦੇ ਪਿੰਡ ਸੇਚਾ ਵਿਖੇ ਪੰਚਾਇਤ ਵੱਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀ ਨਾਜਾਇਜ਼ ਉਸਾਰੀ ਵਿਰੁੱਧ ਕਾਰਵਾਈ ਕਰਵਾਈ ਗਈ। ਅੱਜ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਬੀਡੀਪੀਓ ਸੁਲਤਾਨਪੁਰ ਲੋਧੀ ਦੇ ਹੁਕਮਾਂ ’ਤੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਉੇੱਪਰ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਗਿਆ। ਅੱਜ ਇਥੇ ਥਾਣਾ ਸੁਲਤਾਨਪੁਰ ਲੋਧੀ ਅਧੀਨ ਪਿੰਡ ਸੇਚਾ ਵਿਖੇ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵੱਲੋਂ ਪੰਚਾਇਤ ਦੀ ਮਾਲਕੀ ਵਾਲੀ ਜ਼ਮੀਨ ਉੱਪਰ ਕੀਤੇ ਕਬਜ਼ੇ ‘ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐੱਸਐੱਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀਡੀਪੀਓ ਸੁਲਤਾਨਪੁਰ ਲੋਧੀ ਵੱਲੋਂ ਜਾਰੀ ਹੁਕਮਾਂ ਅਨੁਸਾਰ ਦੱਸਿਆ ਗਿਆ ਸੀ ਕਿ ਸਮਾਜ ਵਿਰੋਧੀ ਗਤੀਵਿਧੀਆਂ ਵਿਚ ਹਿੱਸਾ ਲੈਂਦੇ ਹੋਏ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵੱਲੋਂ ਪੰਚਾਇਤੀ ਜ਼ਮੀਨ ‘ਤੇ ਕਬਜ਼ਾ ਕਰਕੇ ਘਰ ਬਣਾਇਆ ਹੋਇਆ ਹੈ, ਜਿਸ ਉੱਪਰ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ। ਉਨ੍ਹਾਂ ਕਿਹਾ ਕਿ ਗੁਰਭੇਜ ਸਿੰਘ ਉਰਫ਼ ਭੇਜਾ ਪੁੱਤਰ ਜਰਨੈਲ ਸਿੰਘ ਵਿਰੁੱਧ ਵੱਖ-ਵੱਖ ਥਾਣਿਆਂ ਵਿਚ ਕੁੱਲ 9 ਮੁਕੱਦਮੇ ਦਰਜ ਹਨ, ਜਿਨ੍ਹਾਂ ਵਿਚੋਂ ਐੱਨਡੀਪੀਐੱਸ ਐਕਟ ਦੇ 7 ਤੇ ਲੜਾਈ ਝਗੜੇ ਦੇ 2 ਮਾਮਲੇ ਦਰਜ ਸਨ। ਉਨ੍ਹਾਂ ਕਿਹਾ ਕਿ ਪੰਚਾਇਤ ਵੱਲੋਂ ਆਪਣੇ ਪੱਧਰ ‘ਤੇ ਮਤਾ ਪਾ ਕੇ ਨਸ਼ਾ ਤਸਕਰ ਵਿਰੁੱਧ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪਿੰਡ ਵਿਚੋਂ ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ ਤੇ ਜੇਕਰ ਕਿਸੇ ਵੀ ਨਸ਼ਾ ਪੀੜਤ ਬਾਰੇ ਜਾਣਕਾਰੀ ਪ੍ਰਾਪਤ ਹੁੰਦੀ ਹੈ ਤਾਂ ਉਸ ਦਾ ਨਸ਼ਾ ਮੁਕਤੀ ਕੇਂਦਰ ਵਿਖੇ ਇਲਾਜ ਕਰਵਾ ਕੇ ਸਮਾਜ ਦੀ ਮੁੱਖ ਧਾਰਾ ਵਿਚ ਲਿਆਂਦਾ ਜਾਵੇ। ਤੂਰਾ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬ ਸਰਕਾਰ ਦੇ ਸਖਤ ਨਿਰਦੇਸ਼ਾਂ ਦੇ ਤਹਿਤ ਜ਼ਿਲ੍ਹਾ ਪੁਲਿਸ ਨਸ਼ਾ ਤਸਕਰੀ ਨੂੰ ਨੱਥ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਨਸ਼ਾ ਤਸਕਰੀ ਨਾਲ ਜੁੜੇ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਦਮ ਚੁੱਕੇ ਜਾਣਗੇ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।