ਅਕਾਲੀ ਦਲ ਭਾਰੀ ਬਹੁਮਤ ਨਾਲ ਜਿੱਤੇਗਾ : ਜੋਸਨ
ਅਕਾਲੀ ਦਲ ਨੇ ਭਰੇ ਨਾਮਜ਼ਦਗੀ ਪੱਤਰ, ਭਾਰੀ ਬਹੁਮਤ ਨਾਲ ਜਿੱਤ ਦਾ ਦਾਅਵਾ
Publish Date: Sat, 16 May 2026 09:19 PM (IST)
Updated Date: Sat, 16 May 2026 09:21 PM (IST)

ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਨਗਰ ਕੌਂਸਲ ਚੋਣਾਂ 2026 ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਚੋਣ ਸਰਗਰਮੀ ਤੇਜ਼ ਕਰ ਦਿੱਤੀ ਹੈ। ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖਰੀ ਦਿਨ ਪਾਰਟੀ ਵੱਲੋਂ ਵੱਖ-ਵੱਖ ਵਾਰਡਾਂ ਤੋਂ ਆਪਣੇ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਆਬਜ਼ਰਵਰ ਜਰਨੈਲ ਸਿੰਘ ਵਾਹਦ ਤੇ ਉੱਘੇ ਆਗੂ ਇੰਦਰਜੀਤ ਸਿੰਘ ਜੋਸਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਸੁਲਤਾਨਪੁਰ ਲੋਧੀ ਦੀਆਂ 13 ਵਾਰਡਾਂ ਵਿਚੋਂ ਲਗਭਗ ਸਾਰਿਆਂ ‘ਤੇ ਚੋਣ ਲੜ ਰਹੀ ਹੈ ਤੇ ਇਸ ਵਾਰ ਭਾਰੀ ਬਹੁਮਤ ਨਾਲ ਜਿੱਤ ਦਰਜ ਕਰੇਗੀ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕਾਂਗਰਸ ਤੇ ਆਮ ਆਦਮੀ ਪਾਰਟੀ ਲੋਕਾਂ ਦੀਆਂ ਉਮੀਦਾਂ ‘ਤੇ ਖਰੀਆਂ ਨਹੀਂ ਉਤਰੀਆਂ। ਸ਼ਹਿਰ ਵਿਚ ਨਾ ਸਾਫ਼ ਪੀਣ ਵਾਲੇ ਪਾਣੀ ਦੀ ਸੁਵਿਧਾ ਹੈ, ਨਾ ਹੀ ਸਫਾਈ ਦੀ ਢੰਗ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹਿਰ ਦੇ ਵਿਕਾਸ ਕਾਰਜ ਵੀ ਠੱਪ ਪਏ ਹਨ ਤੇ ਨੌਜਵਾਨਾਂ ਲਈ ਖੇਡ ਸਟੇਡੀਅਮ ਵਰਗੀ ਕੋਈ ਵੱਡੀ ਸਹੂਲਤ ਨਹੀਂ ਬਣਾਈ ਗਈ। ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਜੇਕਰ ਲੋਕ ਸ਼੍ਰੋਮਣੀ ਅਕਾਲੀ ਦਲ ਨੂੰ ਮੌਕਾ ਦਿੰਦੇ ਹਨ ਤਾਂ ਸ਼ਹਿਰ ਦੇ ਵਿਕਾਸ ਨੂੰ ਪਹਿਲ ਦਿੱਤੀ ਜਾਵੇਗੀ। ਇਸ ਮੌਕੇ ਇੰਜੀਨੀਅਰ ਸਵਰਨ ਸਿੰਘ, ਜਰਨੈਲ ਸਿੰਘ ਡੋਗਰਾਂਵਾਲ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਦਰਬਾਰਾ ਸਿੰਘ ਵਿਰਦੀ, ਸੁਖਦੇਵ ਸਿੰਘ ਨਾਨਕਪੁਰ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਅਵਤਾਰ ਸਿੰਘ ਮੀਰਾ, ਵਿਕਰਮਜੀਤ ਸਿੰਘ ਬਿੱਕਾ, ਸਰਪੰਚ ਕਾਰਜ ਸਿੰਘ ਤਕੀਆ ਤੇ ਹੋਰ ਆਗੂ ਮੌਜੂਦ ਸਨ।