ਜੀਡੀ ਗੋਇਨਕਾ ਸਕੂਲ ’ਚ ਕਰਵਾਈ ਸਪੋਰਟਸ ਮੀਟ
ਜੀ ਡੀ ਗੋਇਨਕਾ ਸਕੂਲ ਵਿਖੇ ਕਰਵਾਈ ਗਈ ਸਲਾਨਾ ਸਪੋਰਟਸ ਮੀਟ
Publish Date: Fri, 28 Nov 2025 07:45 PM (IST)
Updated Date: Fri, 28 Nov 2025 07:47 PM (IST)
ਕੁਲਵਿੰਦਰ ਸਿੰਘ ਲਾਡੀ/ਲਖਵੀਰ ਸਿੰਘ ਲੱਖੀ, ਪੰਜਾਬੀ ਜਾਗਰਣ
ਫੱਤੂਢੀਂਗਾ, ਸੁਲਤਾਨਪੁਰ ਲੋਧੀ : ਜੀਡੀ ਗੋਇਨਕਾ ਇੰਟਰਨੈਸ਼ਨਲ ਸਕੂਲ ਕਪੂਰਥਲਾ ਵਿੱਚ ਸਾਲਾਨਾ ਸਪੋਰਟਸ ਮੀਟ ਕਰਵਾਈ ਗਈ। ਜਿਸ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਅਤੇ ਪ੍ਰਿੰਸੀਪਲ ਪਰਮਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ, ਸਾਬਕਾ ਜ਼ਿਲ੍ਹਾ ਖੇਡ ਅਫ਼ਸਰ ਅਤੇ ਕੋਚ ਰੌਸ਼ਨ ਖੈੜਾ ਸਟੇਟ ਐਵਾਰਡੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਖੇਡਾਂ ਦੀ ਸ਼ੁਰੂਆਤ ਮਾਰਚ ਪਾਸਟ ਰਾਹੀਂ ਮਸ਼ਾਲ ਜਗਾ ਕੇ ਕੀਤੀ ਗਈ। ਵਿਦਿਆਰਥੀਆਂ ਨੇ ਆਪੋ-ਆਪਣੇ ਹਾਊਸ ਦੀ ਅਗਵਾਈ ਕੀਤੀ। ਬਾਅਦ ਵਿੱਚ ਲੜਕੇ ਤੇ ਲੜਕੀਆਂ ਦੀਆਂ 100 ਮੀਟਰ , 200 ਮੀਟਰ, 400 ਮੀਟਰ ਦੌੜ , ਸ਼ਾਟਪੁੱਟ, ਡਿਸਕਸ ਥਰੋ, ਰੱਸਾਕਸ਼ੀ, ਲੰਬੀ ਛਾਲ ਅਤੇ ਵੱਖ-ਵੱਖ ਮਨੋਰੰਜਕ ਖੇਡਾਂ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਦੇ ਮਨੋਰੰਜਕ ਮੁਕਾਬਲੇ ਵੀ ਕਰਵਾਏ ਗਏ। ਉਪਰੰਤ ਜੇਤੂ ਵਿਦਿਆਰਥੀਆਂ ਨੂੰ ਸ੍ਰੀ ਰੌਸ਼ਨ ਖੈੜਾ, ਸਕੂਲ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਪਰਵਿੰਦਰ ਕੌਰ ਵੱਲੋਂ ਇਨਾਮ ਤਕਸੀਮ ਕੀਤੇ ਗਏ। ਰੌਸ਼ਨ ਖੈੜਾ ਨੇ ਕਿਹਾ ਕਿ ਬੱਚਿਆਂ ਦੇ ਸਰੀਰਕ, ਬੌਧਿਕ ਅਤੇ ਮਾਨਸਿਕ ਵਿਕਾਸ ਲਈ ਇਸ ਤਰ੍ਹਾਂ ਦੀਆਂ ਖੇਡਾਂ ਬਹੁਤ ਜ਼ਰੂਰੀ ਹਨ। ਉਨ੍ਹਾਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਪੜ੍ਹਾਈ ਨਾਲ-ਨਾਲ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਦੇ ਨਾਲ- ਨਾਲ ਇਮਤਿਹਾਨਾਂ ਵਿੱਚ ਵਧੀਆ ਕਾਰਗੁਜਾਰੀ ਲਈ ਸਖ਼ਤ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ । ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਨਾਨਕਪੁਰ, ਪ੍ਰਿੰਸੀਪਲ ਸ਼੍ਰੀਮਤੀ ਪਰਮਿੰਦਰ ਕੌਰ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਲਾਨਾ ਖੇਡ ਮੇਲੇ ਨੂੰ ਸਫਲ ਬਣਾਉਣ ਲਈ ਸਟਾਫ ਅਤੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ।