ਆਸ਼ਾ ਅਤੇ ਮਿਡ ਡੇ ਮੀਲ ਵਰਕਰਾਂ ਵੱਲੋਂ ਜਲੰਧਰ ’ਚ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ

- ਚੋਣਾਂ ਦੌਰਾਨ ਮਾਣ ਭੱਤਾ ਦੁੱਗਣਾ ਕਰਨ ਦੇ ਵਾਅਦੇ ਨੂੰ ਪੂਰਾ ਨਾ ਕਰਨ ਦੇ ਲਾਏ ਦੋਸ਼
ਪਰਮਜੀਤ ਸਿੰਘ, ਪੰਜਾਬੀ ਜਾਗਰਣ
ਡਡਵਿੰਡੀ : ਮਾਣ ਭੱਤਾ ਵਰਕਰਜ਼ ਸਾਂਝਾ ਮੋਰਚਾ ਦੇ ਸੱਦੇ ’ਤੇ ਪੰਜਾਬ ਅੰਦਰ 1 ਮਾਰਚ ਨੂੰ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਅਤੇ ਕਾਰਜਕਾਰੀ ਪ੍ਰਧਾਨ ਦੇ ਘਰਾਂ ਵੱਲ ਰੋਸ ਮਾਰਚ ਕੀਤੇ ਗਏ। ਇਸ ਤਹਿਤ ਜਲੰਧਰ ਵਿਖੇ ਕੈਬਨਿਟ ਮੰਤਰੀ ਮਹਿੰਦਰ ਭਗਤ ਦੇ ਘਰ ਸਾਹਮਣੇ ਦੋਆਬਾ ਜ਼ੋਨ ਦੀਆਂ ਆਸ਼ਾ ਅਤੇ ਮਿਡ-ਡੇ-ਮੀਲ ਵਰਕਰਾਂ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੈਲੀ ਦੀ ਅਗਵਾਈ ਮਨਦੀਪ ਕੌਰ ਬਿਲਗਾ, ਸਕੁੰਤਲਾ ਸਰੋਏ ਅਤੇ ਕੁਲਵਿੰਦਰ ਕੌਰ ਅਮਾਨਤਪੁਰ ਨੇ ਸਾਂਝੇ ਤੌਰ ’ਤੇ ਕੀਤੀ। ਰੈਲੀ ਵਿੱਚ ਜਲੰਧਰ, ਕਪੂਰਥਲਾ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਆਗੂਆਂ ਗੁਰਜੀਤ ਕੌਰ ਸ਼ਾਹਕੋਟ, ਕਲਵਿੰਦਰ ਕੌਰ ਫਗਵਾੜਾ, ਰਾਜਵਿੰਦਰ ਕੌਰ ਫਗਵਾੜਾ ਅਤੇ ਰਾਜਵਿੰਦਰ ਕੌਰ ਨਵਾਂ ਸ਼ਹਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਮਾਣ ਭੱਤਾ ਵਰਕਰਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਨਿਗੂਣੇ ਮਾਣ ਭੱਤਿਆਂ ਨੂੰ ਦੁੱਗਣਾ ਕੀਤਾ ਜਾਵੇਗਾ ਅਤੇ ਹਰ ਸਾਲ ਤਨਖਾਹ ਵਿੱਚ ਵਾਧਾ ਕੀਤਾ ਜਾਵੇਗਾ। ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਇਕ ਟਕਾ ਵੀ ਵਾਧਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਕੇਵਲ ਲਾਰੇ ਲਗਾ ਕੇ ਵਰਕਰਾਂ ਦਾ ਸ਼ੋਸ਼ਣ ਕੀਤਾ ਜਾ ਰਿਹਾ ਹੈ।
ਡੈਮੋਕ੍ਰੇਟਿਕ ਮੁਲਾਜ਼ਮ ਫੈੱਡਰੇਸ਼ਨ ਪੰਜਾਬ ਦੇ ਆਗੂ ਹਰਿੰਦਰ ਦੁਸਾਂਝ, ਕਲਵਿੰਦਰ ਸਿੰਘ ਜੋਸ਼ਨ, ਗੁਰਿੰਦਰਜੀਤ ਸਿੰਘ, ਗੁਰਮੁੱਖ ਸਿੰਘ, ਗੁਰਮੇਲ ਸਿੰਘ ਅਤੇ ਲੋਕ ਪ੍ਰੇਮੀ ਨੇ ਕਿਹਾ ਕਿ ਸਰਕਾਰ ਨੇ ਰਾਜ ਸੱਤਾ ਹਾਸਲ ਕਰਨ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਪਰ ਉਹ ਪੂਰੇ ਨਹੀਂ ਕੀਤੇ ਗਏ, ਜਿਸ ਕਾਰਨ ਲੋਕਾਂ ਵਿੱਚ ਭਾਰੀ ਨਿਰਾਸ਼ਾ ਅਤੇ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਕੜੀ ਤਹਿਤ ਅੰਮ੍ਰਿਤਸਰ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਫਰੀਦਕੋਟ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ, ਲੁਧਿਆਣਾ ਵਿੱਚ ਕੈਬਨਿਟ ਮੰਤਰੀ ਸੰਜੀਵ ਅਰੋੜਾ, ਪਟਿਆਲਾ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਹੁਸ਼ਿਆਰਪੁਰ ਵਿੱਚ ਡਾ. ਰਵਜੋਤ ਸਿੰਘ ਅਤੇ ਬਟਾਲਾ ਵਿੱਚ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੇ ਘਰਾਂ ਅੱਗੇ ਵੀ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਜਥੇਬੰਦੀ ਦੇ ਆਗੂਆਂ ਅੰਮ੍ਰਿਤਪਾਲ ਕੌਰ ਨੁੱਸੀ, ਬਲਵਿੰਦਰ ਕੌਰ ਟਿੱਬਾ ਅਤੇ ਸੀਮਾ ਸਈਪੁਰ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਣ ਵਾਲੇ ਆਖ਼ਰੀ ਬਜਟ ਵਿੱਚ ਮਾਣ ਭੱਤਾ ਵਰਕਰਾਂ ਨੂੰ ਅਣਡਿੱਠਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਰਜਿੰਦਰਪਾਲ ਕੌਰ ਫਗਵਾੜਾ, ਸੀਤਾ ਬੁਲੰਦਪੁਰ, ਜੋਤੀ ਆਦਮਪੁਰ, ਆਂਚਲ ਹਰੀਪੁਰ, ਸਰਬਜੀਤ ਕੌਰ ਪਾਸਲਾ, ਮਨਜੀਤ ਕੌਰ ਢਿੱਲਵਾਂ, ਆਸ਼ਾ ਗੁਪਤਾ, ਸੁਖਨਿੰਦਰ ਕੌਰ ਬੜਾਪਿੰਡ, ਰਾਣੀ ਸਿੱਧੂ ਕਪੂਰਥਲਾ, ਰੇਸਮ ਕੌਰ ਪਾਸ਼ਟਾਂ, ਆਸਮਾ ਪਾਸ਼ਟਾਂ, ਜਸਵੀਰ ਕੌਰ ਸ਼ਾਹਕੋਟ, ਕਵਿਤਾ ਰਾਣੀ, ਕੁਲਦੀਪ ਕੌਰ ਕਾਲਾ ਬੱਕਰਾ, ਪੂਨਮ, ਹਰਵਿੰਦਰ ਕੌਰ, ਕੰਚਨ ਕਾਲਾ ਸੰਘਿਆਂ ਅਤੇ ਜਸਵੀਰ ਕੌਰ ਜਲੰਧਰ ਸਮੇਤ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ। ਪੇਂਡੂ ਮਜ਼ਦੂਰ ਯੂਨੀਅਨ ਦੇ ਕਸ਼ਮੀਰ ਸਿੰਘ ਘੁਗਸੋਰ ਨੇ ਵੀ ਸਮਰਥਨ ਦਿੱਤਾ।