ਰੰਗਲਾ ਨਹੀਂ ਗੈਂਗਸਟਰਾਂ ਦਾ ਗੜ੍ਹ ਹੈ ਪੰਜਾਬ : ਰਮਨ
ਭਗਵੰਤ ਮਾਨ ਸਰਕਾਰ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ: ਰਮਨ ਸ਼ਰਮਾ
Publish Date: Sun, 08 Feb 2026 07:09 PM (IST)
Updated Date: Sun, 08 Feb 2026 07:11 PM (IST)

ਮਾਨ ਸਰਕਾਰ ਕਾਨੂੰਨ-ਵਿਵਸਥਾ ਬਣਾਈ ਰੱਖਣ ’ਚ ਨਾਕਾਮ ਪੰਜਾਬੀ ਜਾਗਰਣ ਪ੍ਰਤੀਨਿਧ ਫਗਵਾੜਾ : ਸ਼ਿਵ ਸੈਨਾ ਯੂਬੀਟੀ ਫਗਵਾੜਾ ਦੇ ਸਿਟੀ ਪ੍ਰਧਾਨ ਰਮਨ ਸ਼ਰਮਾ ਨੇ ਪੰਜਾਬ ਦੀ ਮੌਜੂਦਾ ਸਥਿਤੀ ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਤਿੱਖੇ ਹਮਲੇ ਕੀਤੇ ਹਨ। ਰਮਨ ਸ਼ਰਮਾ ਨੇ ਕਿਹਾ ਕਿ ਸੂਬੇ ਵਿਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਨਾਲ ਡਾਵਾਂਡੋਲ ਹੋ ਚੁੱਕੀ ਹੈ ਤੇ ਸਰਕਾਰ ਗੈਂਗਸਟਰਾਂ ਤੇ ਨੱਥ ਪਾਉਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਤ ਹੋਈ ਹੈ। ਫਗਵਾੜਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਮਨ ਸ਼ਰਮਾ ਨੇ ਕਿਹਾ ਕਿ ਪੰਜਾਬ ਵਿਚ ਅੱਜ ਕੋਈ ਵੀ ਨਾਗਰਿਕ ਆਪਣੇ-ਆਪ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਰਿਹਾ। ਦਿਨ-ਦਿਹਾੜੇ ਹੋ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ, ਕਤਲਾਂ ਨੇ ਆਮ ਜਨਤਾ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ। ਉਨ੍ਹਾਂ ਕਿਹਾ,‘ਸਰਕਾਰ ਸਿਰਫ਼ ਇਸ਼ਤਿਹਾਰਾਂ ਰਾਹੀਂ ਰੰਗਲਾ ਪੰਜਾਬ ਦੇ ਦਾਅਵੇ ਕਰ ਰਹੀ ਹੈ, ਜਦਕਿ ਅਸਲੀਅਤ ਵਿਚ ਪੰਜਾਬ ਗੈਂਗਸਟਰਾਂ ਦਾ ਗੜ੍ਹ ਬਣਦਾ ਜਾ ਰਿਹਾ ਹੈ।’ ਜੇਲ੍ਹਾਂ ਵਿਚ ਬੈਠੇ ਗੈਂਗਸਟਰ ਸ਼ਰੇਆਮ ਆਪਣਾ ਨੈੱਟਵਰਕ ਚਲਾ ਰਹੇ ਹਨ ਤੇ ਬਾਹਰ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਰਮਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਲਦੀ ਹੀ ਕਾਨੂੰਨ ਵਿਵਸਥਾ ਨੂੰ ਸੁਧਾਰਨ ਲਈ ਸਖ਼ਤ ਕਦਮ ਨਾ ਚੁੱਕੇ ਗਏ ਤੇ ਅਪਰਾਧੀਆਂ ਨੂੰ ਨੱਥ ਨਾ ਪਾਈ ਗਈ, ਤਾਂ ਸ਼ਿਵ ਸੈਨਾ ਫਗਵਾੜਾ ਵੱਲੋਂ ਸਰਕਾਰ ਦੇ ਖਿਲਾਫ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਨੂੰ ਗੈਂਗਸਟਰ ਮੁਕਤ ਕਰਨ ਲਈ ਇਕ ਵਿਸ਼ੇਸ਼ ਰਣਨੀਤੀ ਤਿਆਰ ਕੀਤੀ ਜਾਵੇ ਤਾਂ ਜੋ ਲੋਕ ਖੌਫ ਤੋਂ ਬਿਨਾਂ ਜੀਅ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਵਰਗੇ ਸਰਹੱਦੀ ਸੂਬੇ ਲਈ ਇਹ ਜ਼ਰੂਰੀ ਹੈ ਕਿ ਇਹ ਅੰਦਰੂਨੀ ਤੌਰ ਤੇ ਸ਼ਾਂਤ ਰਹੇ ਤਾਂ ਜੋ ਕੋਈ ਵੀ ਬਾਹਰੀ ਤਾਕਤ ਕਿਸੇ ਵੀ ਤਰ੍ਹਾਂ ਦੀ ਹਮਲਾਵਰ ਕਾਰਵਾਈ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਪਹਿਲਾਂ ਅੱਤਵਾਦ ਦੇ ਕਾਲੇ ਦੌਰ ਦੌਰਾਨ ਬਹੁਤ ਨੁਕਸਾਨ ਝੱਲਿਆ ਹੈ ਤੇ ਸਰਕਾਰ ਨੂੰ ਜਲਦੀ ਤੋਂ ਜਲਦੀ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਕੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।