ਪੰਜਾਬ ’ਚ 2027 ’ਚ ਬਣੇਗੀ ਭਾਜਪਾ ਦੀ ਸਰਕਾਰ : ਆਸ਼ੂ ਸਾਂਪਲਾ
ਪੰਜਾਬ ਵਿਚ 2027 ਵਿਚ ਬਣੇਗੀ ਭਾਜਪਾ ਦੀ ਸਰਕਾਰ,ਆਸ਼ੂ ਸਾਂਪਲਾ
Publish Date: Sun, 31 May 2026 10:45 PM (IST)
Updated Date: Sun, 31 May 2026 10:47 PM (IST)

ਵਿਜੇ ਸੋਨੀ ਪੰਜਾਬੀ ਜਾਗਰਣ ਫਗਵਾੜਾ : ਪੰਜਾਬ ਦੀ ਸਿਆਸਤ ਵਿਚ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ ਗਈ ਹੈ। ਇਸ ਦੌਰਾਨ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਵੱਲੋਂ ਭਾਜਪਾ ਤੇ ਤੰਜ ਕੱਸਦਿਆਂ ਕਿਹਾ ਗਿਆ ਕਿ ਪਾਰਟੀ ਕੋਲ ਆਪਣਾ ਕੋਈ ਪੰਜਾਬ ਪ੍ਰਧਾਨ ਨਹੀਂ ਹੈ ਤੇ ਉਹ ਕਾਂਗਰਸ ਤੋਂ ਭਾਜਪਾ ਵਿਚ ਸ਼ਾਮਲ ਹੋਏ ਆਗੂਆਂ ਨੂੰ ਹੀ ਸੂਬੇ ਦੀ ਕਮਾਨ ਸੌਂਪ ਰਹੀ ਹੈ। ਧਾਲੀਵਾਲ ਨੇ ਕਿਹਾ ਕਿ ਪਹਿਲਾਂ ਸੁਨੀਲ ਜਾਖੜ ਨੂੰ ਪੰਜਾਬ ਭਾਜਪਾ ਦਾ ਪ੍ਰਧਾਨ ਬਣਾਇਆ ਗਿਆ ਤੇ ਹੁਣ ਕੇਵਲ ਸਿੰਘ ਢਿੱਲੋਂ ਨੂੰ ਇਹ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਦੋਵੇਂ ਆਗੂ ਪਹਿਲਾਂ ਕਾਂਗਰਸ ਪਾਰਟੀ ਨਾਲ ਜੁੜੇ ਰਹੇ ਹਨ, ਜਿਸ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਜਪਾ ਕੋਲ ਆਪਣੇ ਕੈਡਰ ਵਿਚੋਂ ਅਜਿਹਾ ਕੋਈ ਆਗੂ ਨਹੀਂ ਜੋ ਪੰਜਾਬ ਦੀ ਅਗਵਾਈ ਕਰ ਸਕੇ। ਉੱਧਰ, ਐੱਮਐੱਲਏ ਧਾਲੀਵਾਲ ਦੇ ਬਿਆਨ ਦਾ ਜਵਾਬ ਦਿੰਦਿਆਂ ਭਾਜਪਾ ਆਗੂਆਂ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਠਾਕੁਰ, ਭਾਜਪਾ ਯੁਵਾ ਮੋਰਚਾ ਜਨਰਲ ਸਕਤਰ ਲੋਕੇਸ਼ ਬਾਲੀ, ਸੀਨੀਅਰ ਆਗੂ ਆਸ਼ੂ ਸਾਂਪਲਾ ਨੇ ਕਿਹਾ ਕਿ ਕਾਂਗਰਸ ਤੇ ਹੋਰ ਪਾਰਟੀਆਂ ਤੋਂ ਵੱਡੀ ਗਿਣਤੀ ਵਿਚ ਆਗੂ ਭਾਜਪਾ ਦੀਆਂ ਨੀਤੀਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਇਕ ਇਮਾਨਦਾਰ ਤੇ ਸਭਦਾ ਸਤਿਕਾਰ ਕਰਨ ਵਾਲੀ ਪਾਰਟੀ ਹੈ ਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਵਿਚ ਵਿਸ਼ਵਾਸ ਰੱਖਦੀ ਹੈ। ਬਲਵਿੰਦਰ ਠਾਕੁਰ, ਲੋਕੇਸ਼ ਬਾਲੀ ਤੇ ਆਸ਼ੂ ਸਾਂਪਲਾ ਨੇ ਕਿਹਾ ਕਿ ਧਾਲੀਵਾਲ ਨੂੰ ਭਾਜਪਾ ਦੀ ਨਹੀਂ, ਸਗੋਂ ਆਪਣੀ ਪਾਰਟੀ ਦੀ ਚਿੰਤਾ ਕਰਨੀ ਚਾਹੀਦੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਕਾਂਗਰਸ ਤੇ ਆਪ ਪਾਰਟੀ ਤੋਂ ਅੱਕ ਚੁੱਕੇ ਹਨ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਲਈ ਮਜ਼ਬੂਤ ਸਥਿਤੀ ਵਿਚ ਹੋਵੇਗੀ। ਭਾਜਪਾ ਆਗੂਆਂ ਨੇ ਕਿਹਾ ਕਿ ਪਾਰਟੀ ਸੂਬੇ ਦੇ ਵਿਕਾਸ, ਕਿਸਾਨਾਂ, ਨੌਜਵਾਨਾਂ ਤੇ ਵਪਾਰੀਆਂ ਦੇ ਮੁੱਦਿਆਂ ਨੂੰ ਲੈ ਕੇ ਲਗਾਤਾਰ ਕੰਮ ਕਰ ਰਹੀ ਹੈ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਦੀ ਸਿਆਸਤ ਵਿਚ ਭਾਜਪਾ ਹੋਰ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੋਣ ਕਾਰਨ ਪੰਜਾਬ ਨੂੰ ਵਿਕਾਸ ਦੇ ਨਵੇਂ ਮੌਕੇ ਮਿਲ ਸਕਦੇ ਹਨ ਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਭਾਜਪਾ ਦੀ ਸਰਕਾਰ ਲਾਜ਼ਮੀ ਹੈ। ਭਾਜਪਾ ਆਗੂਆਂ ਨੇ ਆਪਣੇ ਬਿਆਨਾਂ ਵਿਚ ਕਿਹਾ ਕਿ ਕਾਂਗਰਸ ਤੇ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨੂੰ ਵਿਕਾਸ ਤੇ ਹੋਰ ਮੁੱਦਿਆਂ ਤੇ ਗੁਮਰਾਹ ਕੀਤਾ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਸੂਬੇ ਦੀ ਤਰੱਕੀ, ਉਦਯੋਗਿਕ ਵਿਕਾਸ, ਰੋਜ਼ਗਾਰ ਦੇ ਮੌਕੇ ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਭਾਜਪਾ ਦੀਆਂ ਨੀਤੀਆਂ ਵਧੇਰੇ ਪ੍ਰਭਾਵਸ਼ਾਲੀ ਸਾਬਤ ਹੋਣਗੀਆਂ।