ਭਾਜਪਾ ਨੇ ਕੇਂਦਰੀ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾਇਆ : ਲੁਬਾਣਾ
ਭਾਜਪਾ ਨੇ ਈਡੀ, ਸੀਬੀਆਈ ਅਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ : ਲੁਬਾਣਾ
Publish Date: Tue, 12 May 2026 09:12 PM (IST)
Updated Date: Tue, 12 May 2026 09:15 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਭਾਜਪਾ ਦੇ ਇਸ਼ਾਰੇ ’ਤੇ ਕੇਂਦਰੀ ਜਾਂਚ ਏਜੰਸੀ (ਈਡੀ) ਵੱਲੋਂ ਵਿਰੋਧੀ ਪਾਰਟੀਆਂ ਦੇ ਆਗੂਆਂ ’ਤੇ ਛਾਪੇਮਾਰੀ ਤੇ ਗ੍ਰਿਫ਼ਤਾਰੀ ਦੀ ਸਖਤ ਨਿੰਦਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸਰਬਜੀਤ ਸਿੰਘ ਲੁਬਾਣਾ ਨੇ ਕਿਹਾ ਕਿ ਭਾਜਪਾ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਵਿਰੋਧੀ ਧਿਰ ਦੇ ਇਮਾਨਦਾਰ ਆਗੂਆਂ ਨੂੰ ਨਿਸ਼ਾਨਾ ਬਣਾ ਰਹੀ ਹੈ, ਪਰ ਪੰਜਾਬ ਦੇ ਲੋਕ ਇਨ੍ਹਾਂ ਕੋਝੀਆਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ। ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਬੀਤੇ ਦਿਨੀਂ ਹੋਈ ਗ੍ਰਿਫ਼ਤਾਰੀ ਦੀ ਨਿੰਦਾ ਕਰਦਿਆਂ ਚੇਅਰਮੈਨ ਲੁਬਾਣਾ ਨੇ ਕਿਹਾ ਕਿ ਭਾਜਪਾ ਹਮੇਸ਼ਾ ਹੀ ਇਮਾਨਦਾਰ ਤੇ ਲੋਕ-ਪੱਖੀ ਕੰਮ ਕਰਨ ਵਾਲੇ ਆਗੂਆਂ ਵਿਰੁੱਧ ਬਦਲਾਖੋਰੀ ਤੇ ਰਿਸ਼ਵਤਖੋਰੀ ਦੀ ਨੀਤੀ ਅਪਣਾਉਂਦੀ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਦੋਂ ਵੀ ਭਾਜਪਾ ਕਿਸੇ ਸੂਬੇ ਵਿਚ ਲੋਕਤੰਤਰੀ ਤਰੀਕੇ ਨਾਲ ਚੋਣਾਂ ਹਾਰਦੀ ਹੈ, ਤਾਂ ਉਹ ਈਡੀ ਤੇ ਸੀਬੀਆਈ ਵਰਗੀਆਂ ਕੇਂਦਰੀ ਸੰਸਥਾਵਾਂ ਦੀ ਦੁਰਵਰਤੋਂ ਕਰਕੇ ਵਿਰੋਧੀਆਂ ਨੂੰ ਦਬਾਉਣ ਦੀ ਕੋਸ਼ਿਸ਼ ਹੈ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਭਾਜਪਾ ਦੀ ਨਜ਼ਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਤੇ ਹੈ। ਉਹ ਪੰਜਾਬ ਵਿਚ ਆਪਣੀ ਸਰਕਾਰ ਬਣਾਉਣ ਦਾ ਸੁਪਨਾ ਦੇਖ ਰਹੇ ਹਨ ਤੇ ਇਸੇ ਮਕਸਦ ਲਈ ਉਹ ਆਪ ਦੇ ਮਜ਼ਬੂਤ ਕਿਲ੍ਹੇ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਲੁਬਾਣਾ ਨੇ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਤੇ ਉਹ ਭਾਜਪਾ ਦੀਆਂ ਇਨ੍ਹਾਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿਚ ਲੋਕ ਭਾਜਪਾ ਨੂੰ ਮੂੰਹ ਨਹੀਂ ਲਗਾਉਣਗੇ ਤੇ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ। ਚੇਅਰਮੈਨ ਲੁਬਾਣਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ’ਤੇ ਜਾਂਚ ਏਜੰਸੀਆਂ ਦਾ ਰਾਜਨੀਤੀਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਕੇ ਭਾਜਪਾ ਸੂਬੇ ਵਿਚ ਡਰ ਦਾ ਮਾਹੌਲ ਪੈਦਾ ਕਰਨਾ ਚਾਹੁੰਦੀ ਹੈ, ਪਰ ਅਸੀਂ ਡਰਨ ਵਾਲੇ ਨਹੀਂ ਹਾਂ। ਅਸੀਂ ਅਦਾਲਤਾਂ ਤੇ ਲੋਕਾਂ ਦੀ ਕਚਹਿਰੀ ਵਿਚ ਸੱਚਾਈ ਸਾਹਮਣੇ ਲੈ ਕੇ ਆਵਾਂਗੇ। ਉਨ੍ਹਾਂ ਕਿਹਾ ਕਿ ਭਾਜਪਾ ਛਾਪਿਆਂ ਤੇ ਜ਼ਬਰਦਸਤੀ ਕਾਰਵਾਈਆਂ ਰਾਹੀਂ ਡਰ ਫੈਲਾਉਣ ਦੀ ਕੋਸ਼ਿਸ਼ ਕਰ ਰਹੀ ਹੈ,ਪਰ ਪੰਜਾਬ ਅਜਿਹੀਆਂ ਚਾਲਾਂ ਅੱਗੇ ਗੋਡੇ ਨਹੀਂ ਟੇਕੇਗਾ। ਉਨ੍ਹਾਂ ਨੇ ਕਿਹਾ ਕਿ ਭਾਜਪਾ ਨੇ ਈਡੀ, ਸੀਬੀਆਈ ਤੇ ਇਨਕਮ ਟੈਕਸ ਵਰਗੀਆਂ ਏਜੰਸੀਆਂ ਨੂੰ ਸਿਆਸੀ ਹਥਿਆਰ ਬਣਾ ਦਿੱਤਾ ਹੈ। ਜਦੋਂ ਵੀ ਭਾਜਪਾ ਨੂੰ ਸਿਆਸੀ ਹਾਰ ਜਾਂ ਵਿਰੋਧ ਦਾ ਸਾਹਮਣਾ ਕਰਨਾ ਪੈਂਦਾ ਹੈ, ਉਹ ਵਿਰੋਧੀ ਆਗੂਆਂ ’ਤੇ ਕੇਂਦਰੀ ਏਜੰਸੀਆਂ ਨੂੰ ਛੱਡ ਦਿੰਦੀ ਹੈ। ਪਹਿਲਾਂ ਬੰਗਾਲ ਨੂੰ ਨਿਸ਼ਾਨਾ ਬਣਾਇਆ ਗਿਆ ਸੀ ਅਤੇ ਹੁਣ ਪੰਜਾਬ ’ਤੇ ਹਮਲਾ ਕੀਤਾ ਜਾ ਰਿਹਾ ਹੈ ਕਿਉਂਕਿ ਭਾਜਪਾ ਆਪ ਦੀ ਵਧਦੀ ਲੋਕਪ੍ਰਿਯਤਾ ਤੇ ਭਗਵੰਤ ਮਾਨ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ-ਪੱਖੀ ਕੰਮਾਂ ਨੂੰ ਹਜ਼ਮ ਨਹੀਂ ਕਰ ਪਾ ਰਹੀ। ਚੇਅਰਮੈਨ ਲੁਬਾਣਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਿਆਸੀ ਰੰਜਿਸ਼ ਤਹਿਤ ਕੀਤੀਆਂ ਗਈਆਂ ਗ੍ਰਿਫ਼ਤਾਰੀਆਂ ਤੁਰੰਤ ਰੱਦ ਕੀਤੀਆਂ ਜਾਣ।