ਆਪ ਸਰਕਾਰ ਦੀ ਲੋਕਪ੍ਰਿਯਤਾ ਤੋਂ ਘਬਰਾਈ ਹੋਈ ਹੈ ਭਾਜਪਾ : ਐਡਵੋਕੇਟ ਚੰਦੀ

ਗੁਰਵਿੰਦਰ ਕੌਰ ਪੰਜਾਬੀ ਜਾਗਰਣ
ਕਪੂਰਥਲਾ : ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਪੰਜਾਬ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਗ੍ਰਿਫ਼ਤਾਰ ਕਰਨ ਤੇ ਈਡੀ ਦੀ ਦੁਰਵਰਤੋਂ ਕਰਕੇ ਆਮ ਆਦਮੀ ਪਾਰਟੀ ਪੰਜਾਬ ਦੇ ਲੀਡਰਾਂ ਨੂੰ ਡਰਾਉਣ-ਧਮਕਾਉਣ ਦੀ ਗੰਦੀ ਰਾਜਨੀਤੀ ਖ਼ਿਲਾਫ਼ ਅੱਜ ਆਮ ਆਦਮੀ ਪਾਰਟੀ ਦੇ ਸਮੂਹ ਵਰਕਰਾਂ ਨੇ ਸ਼ਹੀਦ ਭਗਤ ਸਿੰਘ ਚੌਂਕ ਵਿਖੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਭਾਜਪਾ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਗਿਆ। ਆਪ ਵਰਕਰਾਂ ਨੇ ਪੰਜਾਬ ਵਿਚ ਧੱਕੇਸ਼ਾਹੀ ਬੰਦ ਕਰਨ ਦੀ ਭਾਜਪਾ ਨੂੰ ਸਖ਼ਤ ਚਿਤਾਵਨੀ ਦਿੱਤੀ। ਇਸ ਮੌਕੇ ਪ੍ਰਦਰਸ਼ਨਕਾਰੀਆਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਈਡੀ ਨੂੰ ਨਿੱਜੀ ਹਥਿਆਰ ਵਜੋਂ ਵਿਰੋਧੀਆਂ ਖਿਲਾਫ ਵਰਤ ਰਹੀ ਹੈ ਤੇ ਵਿਰੋਧੀ ਪਾਰਟੀਆਂ ਦੇ ਸੀਨੀਅਰ ਆਗੂਆਂ ਦੀ ਸੰਘੀ ਘੁੱਟ ਕੇ ਉਨ੍ਹਾਂ ਉਤੇ ਭਾਜਪਾ ਵਿਚ ਸ਼ਾਮਲ ਹੋਣ ਲਈ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੰਜੀਵ ਅਰੋੜਾ ਨੂੰ ਗਲਤ ਤਰੀਕੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਐਡਵੋਕੇਟ ਚੰਦੀ ਨੇ ਦੋਸ਼ ਲਾਇਆ ਕਿ ਦੇਸ਼ ਵਿਚ ਆਮ ਆਦਮੀ ਪਾਰਟੀ ਦੇ ਉਭਾਰ ਤੋਂ ਬਾਅਦ ਸਭ ਤੋਂ ਵੱਧ ਘਬਰਾਹਟ ਭਾਜਪਾ ਵਿਚ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਲਗਾਤਾਰ ਤਿੰਨ ਵਾਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਈਡੀ ਤੇ ਸੀਬੀਆਈ ਵਰਗੀਆਂ ਏਜੰਸੀਆਂ ਦੀ ਵਰਤੋਂ ਕਰਕੇ ਪਾਰਟੀ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਅਰਵਿੰਦ ਕੇਜਰੀਵਾਲ, ਮਨੀਸ਼ ਸਿਸੋਦੀਆ ਤੇ ਹੋਰ ਆਗੂਆਂ ਨੂੰ ਨਿਸ਼ਾਨਾ ਬਣਾਇਆ ਗਿਆ ਤੇ ਹੁਣ ਪੰਜਾਬ ਵਿਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਅਸਥਿਰ ਕਰਨ ਲਈ ਹਥਕੰਡੇ ਅਪਣਾਏ ਜਾ ਰਹੇ ਹਨ। ਐਡਵੋਕੇਟ ਚੰਦੀ ਨੇ ਦੋਸ਼ ਲਾਇਆ ਕਿ ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਵਿਰੁੱਧ ਕੀਤੀ ਗਈ ਕਥਿਤ ਈਡੀ ਦੀ ਕਾਰਵਾਈ ਰਾਹੀਂ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਲਈ ਕੀਤੇ ਗਏ ਕੰਮਾਂ ਨੇ ਭਾਜਪਾ ਵਿਚ ਘਬਰਾਹਟ ਪੈਦਾ ਕਰ ਦਿੱਤੀ ਹੈ। ਪੰਜਾਬ ਵਿਚ 300 ਯੂਨਿਟ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਮੁਫ਼ਤ ਦਵਾਈਆਂ, ਟੋਲ ਪਲਾਜ਼ੇ ਬੰਦ ਕਰਨ ਤੇ ਲੋਕਾਂ ਨੂੰ ਹੋਰ ਸਹੂਲਤਾਂ ਦੇਣ ਕਾਰਨ ਲੋਕਾਂ ਦਾ ਭਰੋਸਾ ਆਮ ਆਦਮੀ ਪਾਰਟੀ ’ਤੇ ਵਧਿਆ ਹੈ। ਐਡਵੋਕੇਟ ਚੰਦੀ ਨੇ ਸਵਾਲ ਉਠਾਇਆ ਕਿ ਈਡੀ ਸਿਰਫ਼ ਆਮ ਆਦਮੀ ਪਾਰਟੀ ਦੇ ਆਗੂਆਂ ਖ਼ਿਲਾਫ਼ ਹੀ ਕਿਉਂ ਵਰਤੀ ਜਾਂਦੀ ਹੈ ਤੇ ਹੋਰ ਪਾਰਟੀਆਂ ਦੇ ਆਗੂਆਂ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੁੰਦੀ। ਉਨ੍ਹਾਂ ਦਾਅਵਾ ਕੀਤਾ ਕਿ ਇਹ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ ਡੇਗਣ ਲਈ ਆਪ੍ਰੇਸ਼ਨ ਲੋਟਸ ਵਰਗੇ ਹਥਕੰਡੇ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੀ ਹੈ ਤੇ 2027 ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਕਦੇ ਵੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕਰਦੇ। ਇਤਿਹਾਸ ਗਵਾਹ ਹੈ ਕਿ ਜਦੋਂ ਵੀ ਪੰਜਾਬ ’ਤੇ ਜ਼ੁਲਮ ਹੋਇਆ ਹੈ, ਪੰਜਾਬੀਆਂ ਨੇ ਇਕੱਠੇ ਹੋ ਕੇ ਉਸ ਦਾ ਡਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਧੱਕੇਸ਼ਾਹੀ ਨਾਲ ਲੋਕਾਂ ਦੇ ਦਿਲ ਨਹੀਂ ਜਿੱਤੇ ਜਾ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਲਈ ਬੇਮਿਸਾਲ ਕੰਮ ਕੀਤੇ ਹਨ। ਪੰਜਾਬ ਵਿਚ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ ਤੇ ਹੋਰ ਵੀ ਕਈ ਲੋਕ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਈਡੀ ਦੀਆਂ ਰੇਡਾਂ ਨਾਲ ਆਮ ਆਦਮੀ ਪਾਰਟੀ ਦੇ ਵਰਕਰ ਡਰਨ ਵਾਲੇ ਨਹੀਂ ਹਨ, ਸਗੋਂ ਉਨ੍ਹਾਂ ਦੇ ਹੌਸਲੇ ਹੋਰ ਬੁਲੰਦ ਹੋਏ ਹਨ।