ਭਾਜਪਾ ਐੱਸਸੀ ਮੋਰਚਾ ਨੇ ਕੀਤਾ ਨਿਗਮ ਮੁਲਾਜ਼ਾਂ ਦੀ ਹੜਤਾਲ ਦਾ ਸਮਰਥਨ
ਸਫਾਈ ਕਰਮਚਾਰੀਆਂ ਦੀ ਹੜਤਾਲ ਨੂੰ ਭਾਜਪਾ ਐਸ.ਸੀ. ਮੋਰਚਾ ਦਾ ਸਮਰਥਨ, ਜਾਇਜ਼ ਮੰਗਾਂ ਤੁਰੰਤ ਪੂਰੀਆਂ ਕਰਨ ਦੀ ਮੰਗ
Publish Date: Mon, 11 May 2026 08:36 PM (IST)
Updated Date: Mon, 11 May 2026 08:39 PM (IST)

ਜਾਇਜ਼ ਮੰਗਾਂ ਤੁਰੰਤ ਪੂਰੀਆਂ ਕੀਤੀਆਂ ਜਾਣ : ਬਲੇਰ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਨਗਰ ਨਿਗਮ ਕਪੂਰਥਲਾ ਵਿਖੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਸ਼ੁਰੂ ਕੀਤੀ ਗਈ ਹੜਤਾਲ ਨੂੰ ਅੱਜ ਭਾਜਪਾ ਐੱਸਸੀ ਮੋਰਚਾ ਪੰਜਾਬ ਦੇ ਮੁੱਖ ਬੁਲਾਰੇ ਮਹਿੰਦਰ ਸਿੰਘ ਬਲੇਰ ਨੇ ਆਪਣੇ ਸਾਥੀਆਂ ਸਮੇਤ ਸਮਰਥਨ ਦਿੱਤਾ। ਇਸ ਮੌਕੇ ਉਨ੍ਹਾਂ ਨੇ ਹੜਤਾਲ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਧਿਆਨ ਨਾਲ ਸੁਣੀਆਂ ਤੇ ਭਰੋਸਾ ਦਿੱਤਾ ਕਿ ਭਾਜਪਾ ਹਮੇਸ਼ਾ ਮਜ਼ਦੂਰ ਵਰਗ ਤੇ ਹੱਕਾਂ ਲਈ ਸੰਘਰਸ਼ ਕਰ ਰਹੇ ਲੋਕਾਂ ਦੇ ਨਾਲ ਖੜ੍ਹੀ ਹੈ। ਮਹਿੰਦਰ ਸਿੰਘ ਬਲੇਰ ਨੇ ਕਿਹਾ ਕਿ ਸਫ਼ਾਈ ਕਰਮਚਾਰੀ ਸ਼ਹਿਰ ਦੀ ਸਫਾਈ ਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ। ਉਹ ਹਰ ਰੋਜ਼ ਸੜਕਾਂ, ਗਲੀਆਂ ਤੇ ਮੁਹੱਲਿਆਂ ਨੂੰ ਸਾਫ-ਸੁਥਰਾ ਰੱਖਣ ਲਈ ਸਖ਼ਤ ਮਿਹਨਤ ਕਰਦੇ ਹਨ, ਪਰ ਦੁੱਖ ਦੀ ਗੱਲ ਹੈ ਕਿ ਉਨ੍ਹਾਂ ਨੂੰ ਅਜੇ ਵੀ ਆਪਣੀਆਂ ਬੁਨਿਆਦੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਤੁਰੰਤ ਪੂਰਾ ਕਰਕੇ ਇਸ ਮਸਲੇ ਦਾ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਾਮਲੇ ਨੂੰ ਗੰਭੀਰਤਾ ਨਾਲ ਨਾ ਲਿਆ ਗਿਆ ਤਾਂ ਹੜਤਾਲ ਹੋਰ ਤੇਜ਼ ਹੋ ਸਕਦੀ ਹੈ, ਜਿਸ ਨਾਲ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਪ੍ਰਭਾਵਿਤ ਹੋਵੇਗੀ ਤੇ ਆਮ ਲੋਕਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਕਰਮਚਾਰੀਆਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ, ਪੱਕੀ ਭਰਤੀ, ਸੁਰੱਖਿਆ ਸਾਜ਼ੋ-ਸਾਮਾਨ ਤੇ ਹੋਰ ਭਲਾਈ ਸਬੰਧੀ ਮੰਗਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਹੜਤਾਲ ’ਤੇ ਬੈਠੇ ਸਫ਼ਾਈ ਕਰਮਚਾਰੀਆਂ ਨੇ ਭਾਜਪਾ ਐੱਸਸੀ ਮੋਰਚਾ ਦੇ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਹਮਾਇਤ ਨਾਲ ਕਰਮਚਾਰੀਆਂ ਦਾ ਮਨੋਬਲ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਮਨਜ਼ੂਰ ਨਹੀਂ ਕਰਦੀ, ਤਦ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਸੋਨੂੰ ਔਜਲਾ ਸ਼ਹਿਰੀ ਪ੍ਰਧਾਨ, ਸਰਬਜੀਤ ਸਿੰਘ, ਸਾਹਿਲ, ਜੀਤਾ, ਕੁਲਵਿੰਦਰ ਸਿੰਘ, ਬਲਬੀਰ ਸਿੰਘ, ਰਾਣੀ, ਗੀਤਾ ਖਾਲੂ, ਬਲਬੀਰ ਸਿੰਘ ਤੇ ਹੋਰ ਹਾਜ਼ਰ ਸਨ।