350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਪ੍ਰੋਗਰਾਮ ਕਰਾਏਗੀ ਭਾਜਪਾ : ਖੋਜੇਵਾਲ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ਾਲ ਧਾਰਮਿਕ ਪ੍ਰੋਗਰਾਮ ਆਯੋਜਿਤ ਕਰੇਗੀ ਭਾਜਪਾ : ਖੋਜੇਵਾਲ
Publish Date: Tue, 18 Nov 2025 09:23 PM (IST)
Updated Date: Tue, 18 Nov 2025 09:25 PM (IST)

ਕਿਹਾ : ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ ਗੁਰਵਿੰਦਰ ਕੌਰ ਪੰਜਾਬੀ ਜਾਗਰਣ ਕਪੂਰਥਲਾ : ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਅਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ 19 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਯੋਜਿਤ ਕੀਤੇ ਜਾ ਰਹੇ ਵਿਸ਼ਾਲ ਕੀਰਤਨ ਦਰਬਾਰ ਅਤੇ ਇਕ ਵਿਸ਼ਾਲ ਧਾਰਮਿਕ ਪ੍ਰੋਗਰਾਮ ਸਬੰਧੀ ਵਿਰਾਸਤੀ ਸ਼ਹਿਰ ਵਿਚ ਭਾਜਪਾ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਭਾਜਪਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਖੋਜੇਵਾਲ ਨੇ ਦੱਸਿਆ ਕਿ ਪੰਜਾਬ ਭਾਜਪਾ 19 ਨਵੰਬਰ ਬੁੱਧਵਾਰ ਨੂੰ ਦੁਪਹਿਰ 1 ਵਜੇ ਤੋਂ 4 ਵਜੇ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਇਕ ਵਿਸ਼ਾਲ ਕੀਰਤਨ ਦਰਬਾਰ ਆਯੋਜਿਤ ਕਰੇਗੀ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਸਿੱਧ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਨੂੰ ਯਾਦ ਕਰਨਗੇ। ਉਨ੍ਹਾਂ ਕਿਹਾ ਕਿ 24 ਨਵੰਬਰ ਨੂੰ ਪੰਜਾਬ ਭਾਜਪਾ ਦੇ ਸਾਰੇ 628 ਮੰਡਲਾਂ ਵਿਚ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਜਾਵੇਗਾ, ਜਿਸ ਵਿਚ ਭਾਈਚਾਰੇ ਦੇ ਹਜ਼ਾਰਾਂ ਸ਼ਰਧਾਲੂ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਇਹ ਸਮਾਗਮ ਨਾ ਸਿਰਫ਼ ਧਾਰਮਿਕ ਸ਼ਰਧਾ ਦਾ ਪ੍ਰਗਟਾਵਾ ਹਨ, ਸਗੋਂ ਏਕਤਾ, ਕੁਰਬਾਨੀ ਅਤੇ ਸੱਚ ਦੇ ਗੁਰਮਤਿ ਸੰਦੇਸ਼ ਨੂੰ ਸਾਂਝਾ ਕਰਨ ਦਾ ਮੌਕਾ ਵੀ ਹਨ। ਉਨ੍ਹਾਂ ਕਿਹਾ ਕਿ ਭਾਜਪਾ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਤੋਂ ਪ੍ਰੇਰਨਾ ਲੈਂਦੀ ਹੈ ਅਤੇ ਸਾਰੇ ਪੰਜਾਬੀਆਂ ਨੂੰ ਇਨ੍ਹਾਂ ਅਧਿਆਤਮਿਕ ਪ੍ਰੋਗਰਾਮਾਂ ਵਿਚ ਹਿੱਸਾ ਲੈਣ ਦੀ ਅਪੀਲ ਕਰਦੀ ਹੈ। ਭਾਜਪਾ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਇਹ ਸ਼ਹੀਦੀ ਪ੍ਰੋਗਰਾਮ ਗੁਰੂ ਤੇਗ ਬਹਾਦਰ ਜੀ ਦੀ ਕੁਰਬਾਨੀ ਦਾ ਗਿਆਨ ਹਰ ਆਮ ਆਦਮੀ ਤੱਕ ਪਹੁੰਚਾ ਕੇ ਨੌਜਵਾਨਾਂ ਨੂੰ ਇਕ ਸਾਰਥਕ ਸੰਦੇਸ਼ ਦੇਣ ਦਾ ਇਕ ਸ਼ਕਤੀਸ਼ਾਲੀ ਮਾਧਿਅਮ ਹੋਵੇਗਾ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਦਾ ਜੀਵਨ, ਸਿੱਖਿਆਵਾਂ ਅਤੇ ਸਰਬਉੱਚ ਕੁਰਬਾਨੀ ਨੂੰ ਦਰਸਾਉਣ ਵਾਲਾ ਇਹ ਪ੍ਰੋਗਰਾਮ ਵਿਸ਼ਵਾਸ ਦਾ ਪ੍ਰਤੀਕ ਹੈ। ਗੁਰੂ ਤੇਗ ਬਹਾਦਰ ਜੀ ਨੇ ਧਰਮ ਅਤੇ ਦੇਸ਼ ਦੀ ਰੱਖਿਆ ਲਈ ਸਰਵਉੱਚ ਕੁਰਬਾਨੀ ਦਿੱਤੀ। ਖੋਜੇਵਾਲ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਗੁਰਮਤਿ ਸਮਾਗਮ ਵਿਚ ਆਪਣੇ ਪਰਿਵਾਰਾਂ ਸਮੇਤ ਆਪਣੇ ਵਾਹਨਾਂ ਵਿਚ ਸ਼ਾਮਲ ਹੋਣ ਅਤੇ ਗੁਰੂ ਦਾ ਆਸ਼ੀਰਵਾਦ ਪ੍ਰਾਪਤ ਕਰਨ। ਇਸ ਮੌਕੇ ਡਾ. ਅਨੁਰਾਗ ਸ਼ਰਮਾ, ਕਪੂਰ ਚੰਦ ਥਾਪਰ, ਜਗਦੀਸ਼ ਸ਼ਰਮਾ, ਅਸ਼ੋਕ ਮਾਹਲਾ, ਸੰਨੀ ਬੈਂਸ, ਸਰਬਜੀਤ ਸਿੰਘ ਦਿਓਲ, ਕਮਲਜੀਤ ਪ੍ਰਭਾਕਰ, ਬਲਵੰਤ ਸਿੰਘ ਬੂਟਾ, ਪ੍ਰਦੀਪ ਸੂਦ, ਡਾ. ਅਮਰਨਾਥ, ਡਾ. ਪ੍ਰਦੀਪ ਕੌਸ਼ਲ, ਰਾਜਨ ਠੀਗੀ, ਸੁਰਜੀਤ ਸਿੰਘ, ਗੁਰਜੀਤ ਸਿੰਘ, ਜਗਜੀਤ ਸਿੰਘ ਧਾਲੀਵਾਲ, ਬਲਵੰਤ ਸਿੰਘ ਵਡਾਲਾ, ਰਾਜ ਕੁਮਾਰ, ਭਜਨ ਲਾਲ ਖੋਜੇਵਾਲ, ਨਿਰਮਲ ਲਾਲ ਖੋਜੇਵਾਲ ਵਿਜੇ ਕੁਮਾਰ, ਅਭੀ ਇਬੱਣ, ਸਤਬੀਰ ਸਿੰਘ ਸੰਨੀ, ਬਿੰਦਰਪਾਲ, ਨਿਰਮਲ ਖਿੰਡਾ ਆਦਿ ਹਾਜ਼ਰ ਸਨ। ਕੈਪਸ਼ਨ : 18ਕੇਪੀਟੀ34