ਸੁਲਤਾਨਪੁਰ ਲੋਧੀ ’ਚ ਸਿਹਤ ਬੀਮਾ ਕਾਰਡ ਬਣਨੇ ਸ਼ੁਰੂ
ਸੁਲਤਾਨਪੁਰ ਲੋਧੀ ਵਿੱਚ ਮੁੱਖ ਮੰਤਰੀ ਸਿਹਤ ਬੀਮਾ 10 ਲੱਖ ਦਾ ਕਾਰਡ ਬਣਨਾ ਸ਼ੁਰੂ
Publish Date: Fri, 23 Jan 2026 09:43 PM (IST)
Updated Date: Fri, 23 Jan 2026 09:45 PM (IST)

ਰਾਜ ਸਭਾ ਮੈਂਬਰ ਸੰਤ ਸੀਚੇਵਾਲ ਤੇ ਸਿਵਲ ਸਰਜਨ ਭਗਤ ਨੇ ਕੀਤੀ ਸ਼ੁਰੂਆਤ ਪਰਿਵਾਰ ਸਮੇਤ ਅਧਾਰ ਕਾਰਡ ਅਤੇ ਵੋਟਰ ਕਾਰਡ ਨਾਲ ਲਿਆਉਣਾ ਜ਼ਰੂਰੀ ਲਖਵੀਰ ਸਿੰਘ ਲੱਖੀ ਪੰਜਾਬੀ ਜਾਗਰਣ ਸੁਲਤਾਨਪੁਰ ਲੋਧੀ : ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਬਣਾਏ ਜਾਣ ਵਾਲੇ ਕਾਰਡ ਨਿਰਮਲ ਕੁਟੀਆ ਪਵਿੱਤਰ ਵੇਈਂ ਸੁਲਤਾਨਪੁਰ ਲੋਧੀ ਵਿਖੇ ਬਣਾਏ ਜਾਣ ਦੀ ਸ਼ੁਰੂਆਤ ਹੋ ਗਈ ਹੈ। ਇਸ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਤੇ ਸਿਵਲ ਸਰਜਨ ਸੰਜੀਵ ਭਗਤ ਨੇ ਸਾਂਝੇ ਤੌਰ ‘ਤੇ ਕੀਤੀ। ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਖੇ ਇਹ ਕਾਰਡ ਬਣਾਉਣ ਦਾ ਕੰਮ ਕਈ ਦਿਨ ਲਗਾਤਾਰ ਚੱਲੇਗਾ। ਇਹ ਕਾਰਡ ਬਣਾਉਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਹੋਣਾ ਜ਼ਰੂਰੀ ਹੈ। ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਨ ਵਾਲੇ ਕਾਰਡਾਂ ਦੀ ਸ਼ੁਰੂਆਤ ਕਰਵਾਉਂਦਿਆ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਉਨ੍ਹਾਂ ਨੇ ਜਿਹੜੀ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਹੈ ਉਸ ਦਾ ਸਮੁੱਚੇ ਪੰਜਾਬੀਆਂ ਨੂੰ ਵੱਡਾ ਲਾਭ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਵਿਚ ਬਹੁਤ ਵੱਡੀ ਗੱਲ ਹੋਈ ਹੈ। ਸੰਤ ਸੀਚੇਵਾਲ ਨੇ ਕਿਹਾ ਕਿ ਅਜਿਹੀਆਂ ਸਹੂਲਤਾਂ ਤਾਂ ਵਿਦੇਸ਼ਾਂ ਵਿਚ ਨਹੀਂ ਮਿਲਦੀਆਂ, ਜਿਹੜੀਆਂ ਸਹੂਲਤਾਂ ਪੰਜਾਬ ਸਰਕਾਰ ਨੇ ਸਿਹਤ ਸਬੰਧੀ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਵੱਧ ਤੋਂ ਵੱਧ ਲਾਹਾ ਲੈਣ। ਉਨ੍ਹਾਂ ਦੱਸਿਆ ਕਿ ਇਸ ਕਾਰਡ ਰਾਹੀ ਬਹੁਤ ਸਾਰੀਆਂ ਗੰਭੀਰ ਬੀਮਾਰੀਆਂ ਦਾ ਇਲਾਜ ਹੋ ਸਕੇਗਾ ਤੇ ਪੰਜਾਬ ਦੇ ਸਾਰੇ ਸਰਕਾਰੀ ਹਸਪਤਾਲਾਂ ਤੇ ਸੂਚੀਬੱਧ ਕੀਤੇ ਜਾਣ ਵਾਲੇ ਨਿੱਜੀ ਹਸਪਤਾਲਾਂ ਵਿਚ ਵੀ ਬਿਨ੍ਹਾਂ ਨਕਦੀ ਤੋਂ ਇਲਾਜ ਕਰਵਾਇਆ ਜਾ ਸਕਦਾ ਹੈ। ਸਿਵਲ ਹਸਪਤਾਲ ਕਪੂਰਥਲਾ ਦੇ ਸਿਵਲ ਸਰਜਨ ਡਾ. ਸੰਜੀਵ ਭਗਤ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਚੇਚਾ ਧੰਨਵਾਦ ਕੀਤਾ ਕਿ ਜਿਨ੍ਹਾਂ ਦੀ ਦੂਰਅੰਦੇਸ਼ੀ ਸੋਚ ਨੇ ਸਿਹਤ ਸਹੂਲਤਾਂ ਦੇ ਖੇਤਰ ਵਿਚ ਮਿਸਾਲੀ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰ ਪਰਿਵਾਰ ਦਾ 10 ਲੱਖ ਦਾ ਸਿਹਤ ਬੀਮਾ ਹੋਵੇਗਾ। ਇਸ ਸਕੀਮ ਦਾ ਹਰ ਇਕ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਡ ਸਰਕਾਰੀ ਮੁਲਾਜ਼ਮ ਵੀ ਬਣਾ ਸਕਦੇ ਹਨ। ਇਸ ਵਿਚ ਕੋਈ ਆਮਦਨ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਇਸ ਕਾਰਡ ਦੇ ਰਾਹੀ ਪਹਿਲਾਂ ਤੋਂ ਬੀਮਾਰੀਆਂ ਦੇ ਪੀੜਤ ਲੋਕਾਂ ਦਾ ਇਲਾਜ ਵੀ ਹੋ ਸਕੇਗਾ। ਉਨ੍ਹਾਂ ਲੋਕਾਂ ਨੂੰ ਅਪੀਲ਼ ਕੀਤੀ ਕਿ ਉਹ ਆਪਣਾ ਕਾਰਡ ਬਣਾਉਣ ਲਈ ਅਧਾਰ ਕਾਰਡ ਤੇ ਵੋਟਰ ਕਾਰਡ ਨਾਲ ਲੈ ਕੇ ਆਉਣ। ਸਿਵਲ ਸਰਜਨ ਨੇ ਦੱਸਿਆ ਕਿ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਵਿਚ ਕਈ ਦਿਨ ਇਹ ਕੈਂਪ ਲੱਗਾ ਰਹੇਗਾ। ਇਸ ਦੌਰਾਨ ਉਨ੍ਹਾਂ ਨਾਲ ਏਸੀਐੱਸ ਡਾ. ਅਨੂ ਸ਼ਰਮਾ, ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਤੋਂ ਅਮਰਿੰਦਰ ਸਿੰਘ ਸਮੇਤ ਇਲਾਕੇ ਦੇ ਲੋਕ ਹਾਜ਼ਰ ਰਹੇ।