ਵਿਦਿਆਰਥੀਆਂ ਕੀਤਾ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦਾ ਦੌਰਾ
ਕਾਲਜ ਦੇ ਵਿਦਿਆਰਥੀਆਂ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
Publish Date: Tue, 21 Apr 2026 08:02 PM (IST)
Updated Date: Tue, 21 Apr 2026 08:07 PM (IST)

ਅਮਰੀਕ ਸਿੰਘ ਮੱਲ੍ਹੀ, ਪੰਜਾਬੀ ਜਾਗਰਣ ਕਪੂਰਥਲਾ : ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਲਾਇਲਪੁਰ ਖਾਲਸਾ ਕਾਲਜ ਕਪੂਰਥਲਾ ਦੇ ਵਿਦਿਆਰਥੀਆਂ ਦਾ ਦਫ਼ਤਰ ਵਿਖੇ ਦੌਰਾ ਕਰਵਾ ਕੇ ਕਰੀਅਰ ਗਾਈਡੈਂਸ ਤੇ ਬਿਊਰੋ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਕਪੂਰਥਲਾ ਰਾਜਨ ਸ਼ਰਮਾ ਨੇ ਦੱਸਿਆ ਕਿ ਪ੍ਰੋਗਰਾਮ ਵਿਚ ਸ਼ਾਮਲ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਪੂਰਥਲਾ ਵੱਲੋਂ ਮੁਹੱਈਆ ਕਰਵਾਈਆ ਜਾਂਦੀਆਂ ਸੇਵਾਵਾਂ ਜਿਵੇਂ ਰਜਿਸਟ੍ਰੇਸ਼ਨ, ਕੈਰੀਅਰ ਕਾਊਂਸਲਿੰਗ, ਹੁਨਰ ਵਿਕਾਸ ਕੋਰਸਾਂ, ਲਾਇਬ੍ਰੇਰੀ, ਪਲੇਸਮੈਂਟ ਤੇ ਸਵੈ-ਰੋਜ਼ਗਾਰ ਕੈਪਾਂ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਕੈਰੀਅਰ ਦੇ ਉਦੇਸ਼ ਦੀ ਪ੍ਰਾਪਤੀ ਲਈ ਪਲਾਨਿੰਗ ਕਰਨ, ਲੋੜੀਂਦੀ ਟ੍ਰੇਨਿੰਗ ਲੈਣ ਤੇ ਆਪਣਾ ਕਾਰੋਬਾਰ ਸ਼ੁਰੂ ਕਰਨ ਦੇ ਚਾਹਵਾਨ ਪ੍ਰਾਰਥੀਆਂ ਨੂੰ ਸਰਕਾਰੀ ਸਕੀਮਾਂ ਆਦਿ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਸੀ-ਪਾਈਟ ਕੈਂਪ ਥੇਹ ਕਾਂਜਲਾ, ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਤੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਮੋਹਾਲੀ ਬਾਰੇ ਦੱਸਦੇ ਹੋਏ ਸਿਵਲ ਸੇਵਾਵਾਂ ਜਿਵੇਂ ਯੂਪੀਐੱਸਸੀ ਤੇ ਪੀਸੀਐੱਸ ਆਦਿ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਤੇ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਨੂੰ ਵੀ ਯੋਗ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੂੰ ਵਿਭਾਗ ਦੇ ਪੋਰਟਲ ‘ਤੇ ਵੀ ਰਜਿਸਟਰ ਕੀਤਾ ਗਿਆ ਤੇ ਪੂਰੇ ਬਿਊਰੋ ਦਾ ਦੌਰਾ ਕਰਵਾਇਆ ਗਿਆ। ਉਨ੍ਹਾਂ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਕਿਸੇ ਤਰ੍ਹਾਂ ਦੀ ਸਹਾਇਤਾ ਲਈ ਕਿਸੇ ਵੀ ਕੰਮ ਵਾਲੇ ਦਿਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਪੰਜਵੀ ਮੰਜ਼ਿਲ, ਨਵਾਂ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਪਹੁੰਚ ਕੇ ਜਾਂ ਹੈਲਪਲਾਈਨ ਨੰਬਰ 9888219247 ‘ਤੇ ਸੰਪਰਕ ਕਰਨ ਦੀ ਅਪੀਲ ਕੀਤੀ।