ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ
ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਮੱਦੇਨਜ਼ਰ ਹਥਿਆਰ ਲੈ ਕੇ ਚੱਲਣ 'ਤੇ ਮੁਕੰਮਲ ਪਾਬੰਦੀ: ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
Publish Date: Tue, 19 May 2026 08:43 PM (IST)
Updated Date: Tue, 19 May 2026 08:45 PM (IST)

ਸਟਾਫ਼ ਰਿਪੋਰਟਰ, ਪੰਜਾਬੀ ਜਾਗਰਣ ਕਪੂਰਥਲਾ : ਰਾਜ ਚੋਣ ਕਮਿਸ਼ਨ, ਪੰਜਾਬ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀਆਂ ਚੋਣਾਂ ਦੌਰਾਨ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਕਪੂਰਥਲਾ, ਸ਼ਿਖਾ ਭਗਤ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਕਪੂਰਥਲਾ ਦੇ ਚੋਣ ਅਧਿਕਾਰ ਖੇਤਰ, ਨਗਰ ਨਿਗਮ ਕਪੂਰਥਲਾ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਹੱਦ ਅੰਦਰ ਕਿਸੇ ਵੀ ਕਿਸਮ ਦੇ ਫਾਇਰ ਆਰਮਜ਼ (ਅਗਨ ਸ਼ਸਤਰ) ਤੇ ਹਥਿਆਰ ਜਨਤਕ ਤੌਰ ਤੇ ਨਾਲ ਲੈ ਕੇ ਚੱਲਣ ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਚੋਣ ਪ੍ਰਕਿਰਿਆ ਦੇ ਮੁਕੰਮਲ ਹੋਣ ਤੱਕ ਨਿਰੰਤਰ ਜਾਰੀ ਰਹਿਣਗੇ। ਹੁਕਮਾਂ ਅਨਸਾਰ ਇਸ ਪਾਬੰਦੀ ਤੋਂ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀਆਂ ਦੇ ਸਕਿਓਰਿਟੀ ਗਾਰਡਾਂ, ਮਨੀ ਐਕਸਚੇਂਜ ਦੇ ਮਾਲਕਾਂ ਤੇ ਨੈਸ਼ਨਲ ਰਾਈਫਲ ਐਸੋਸੀਏਸ਼ਨ ਦੇ ਮੈਂਬਰ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਸਪੋਰਟਸ ਪਰਸਨਾਂ ਨੂੰ ਛੋਟ ਦਿੱਤੀ ਗਈ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਸਪੱਸ਼ਟ ਕੀਤਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਕਪੂਰਥਲਾ ਵੱਲੋਂ ਇਸ ਹੁਕਮ ਦੀ ਸਖ਼ਤੀ ਨਾਲ ਪਾਲਣਾ ਕਰਵਾਉਣਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਚੋਣਾਂ ਨੂੰ ਸ਼ਾਂਤੀਪੂਰਵਕ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।