2027 ’ਚ ਕਾਂਗਰਸ ਦੀ ਜਿੱਤ ਯਕੀਨੀ : ਭਾਰਦਵਾਜ
2027 ਦੀਆਂ ਚੋਣਾਂ ਚ ਕਾਂਗਰਸ ਦੀ ਜਿੱਤ ਯਕੀਨੀ,ਪੰਜਾਬ ਨੂੰ ਤਰੱਕੀ ਦੇ ਰਾਹ ਤੇ ਵਾਪਸ ਲਿਆਂਦਾ ਜਾਵੇਗਾ-ਨਰੇਸ਼ ਭਾਰਦਵਾਜ
Publish Date: Sat, 30 May 2026 07:00 PM (IST)
Updated Date: Sat, 30 May 2026 07:02 PM (IST)
ਪੰਜਾਬ ਨੂੰ ਤਰੱਕੀ ਦੀ ਰਾਹ ’ਤੇ ਵਾਪਸ ਲਿਆਂਦਾ ਜਾਵੇਗਾ
ਫਗਵਾੜਾ : ਕਾਂਗਰਸ ਪਾਰਟੀ ਪੰਜਾਬ ਵਿਚ ਮਜ਼ਬੂਤ ਸਥਿਤੀ ਵਿਚ ਹੈ ਤੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦਾ ਸਿਆਸੀ ਮਾਹੌਲ ਗਰਮਾ ਰਿਹਾ ਹੈ। ਇਸ ਦੌਰਾਨ ਸਾਬਕਾ ਮਾਰਕੀਟ ਕਮੇਟੀ ਚੇਅਰਮੈਨ ਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਨਰੇਸ਼ ਭਾਰਦਵਾਜ ਨੇ ਇਕ ਵੱਡਾ ਸਿਆਸੀ ਬਿਆਨ ਦਿੰਦੇ ਹੋਏ ਦਾਅਵਾ ਕੀਤਾ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਚ ਅਗਲੀ ਸਰਕਾਰ ਬਣਾਏਗੀ। ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਵੱਡੀਆਂ ਉਮੀਦਾਂ ਨਾਲ ਸੱਤਾ ਵਿਚ ਲਿਆਂਦਾ ਸੀ, ਪਰ ਮੌਜੂਦਾ ਸਰਕਾਰ ਉਨ੍ਹਾਂ ਉਮੀਦਾਂ ’ਤੇ ਖਰੀ ਨਹੀਂ ਉਤਰੀ ਹੈ। ਨਰੇਸ਼ ਨੇ ਕਿਹਾ ਕਿ ਸੂਬੇ ਦੇ ਹਰ ਵਰਗ ਵਿਚ ਨਿਰਾਸ਼ਾ ਦਾ ਮਾਹੌਲ ਹੈ। ਕਿਸਾਨ, ਨੌਜਵਾਨ, ਕਾਰੋਬਾਰੀ ਤੇ ਆਮ ਲੋਕ ਸਾਰੇ ਧੋਖਾ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਕਾਂਗਰਸ ਪਾਰਟੀ ਇਕਜੁੱਟ ਹੋ ਕੇ ਚੋਣਾਂ ਲੜੇਗੀ ਤੇ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਤੇ ਇਹ ਬਦਲਾਅ ਸਿਰਫ਼ ਕਾਂਗਰਸ ਪਾਰਟੀ ਹੀ ਲਿਆ ਸਕਦੀ ਹੈ। ਫਗਵਾੜਾ ਹਲਕੇ ਬਾਰੇ ਗੱਲਬਾਤ ਕਰਦਿਆਂ ਭਾਰਦਵਾਜ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ਹਲਕੇ ਦੇ ਲੋਕਾਂ ਵੱਲੋਂ ਪੂਰਾ ਸਮਰਥਨ ਤੇ ਹੁੰਗਾਰਾ ਮਿਲ ਰਿਹਾ ਹੈ। ਇਹ ਸਮਰਥਨ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਫਗਵਾੜਾ ਹਲਕੇ ਦੀ ਸੀਟ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤੇਗੀ। ਉਨ੍ਹਾਂ ਕਿਹਾ ਕਿ ਜੇਕਰ ਕਾਂਗਰਸ ਫਗਵਾੜਾ ’ਚ ਜਿੱਤਦੀ ਹੈ ਤਾਂ ਇਲਾਕੇ ਦੇ ਵਿਕਾਸ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਫਗਵਾੜਾ ਨੂੰ ਸੂਬੇ ਦਾ ਸਭ ਤੋਂ ਸੁੰਦਰ ਤੇ ਵਿਕਸਤ ਇਲਾਕਾ ਬਣਾਇਆ ਜਾਵੇਗਾ। ਨਰੇਸ਼ ਭਾਰਦਵਾਜ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਤਿਆਰ ਹਨ ਤੇ ਆਉਣ ਵਾਲੀਆਂ ਚੋਣਾਂ ਵਿੱਚ ਮੌਜੂਦਾ ਸਰਕਾਰ ਨੂੰ ਹਰਾ ਕੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਵਾਪਸ ਲਿਆਉਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ਵਿਚ ਕਾਂਗਰਸ ਦੀ ਜਿੱਤ ਯਕੀਨੀ ਹੈ ਤੇ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਵਾਪਸ ਲਿਆਂਦਾ ਜਾਵੇਗਾ।